Home ਪੰਜਾਬਭਾਜਪਾ ਨੇ ਆਤਿਸ਼ੀ ਦੀ ਫਰਜ਼ੀ ਵੀਡੀਓ ‘ਚ ਗੁਰੂਆਂ ਦਾ ਨਾਮ ਜੋੜ ਕੇ ਕੀਤੀ ਬੇਅਦਬੀ : ਭਗਵੰਤ ਸਿੰਘ ਮਾਨ

ਭਾਜਪਾ ਨੇ ਆਤਿਸ਼ੀ ਦੀ ਫਰਜ਼ੀ ਵੀਡੀਓ ‘ਚ ਗੁਰੂਆਂ ਦਾ ਨਾਮ ਜੋੜ ਕੇ ਕੀਤੀ ਬੇਅਦਬੀ : ਭਗਵੰਤ ਸਿੰਘ ਮਾਨ

by live24punjabi

ਬਠਿੰਡਾ, 11 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ ਦੇ ਦਿੱਲੀ ਵਿਧਾਨ ਸਭਾ ਦੇ ਵੀਡੀਓ ਨਾਲ ਛੇੜਛਾੜ ਕਰਨ ਲਈ ਭਾਜਪਾ ਦੀ ਸਖ਼ਤ ਸ਼ਬਦਾਂ ‘ਚ ਨਿਖੇਧੀ ਕਰਦਿਆਂ ਇਸ ਨੂੰ ਪੰਜਾਬ ਵਿੱਚ ਫਿਰਕੂ ਹਿੰਸਾ ਭੜਕਾਉਣ ਦੀ ਘਟੀਆ ਸਾਜ਼ਿਸ਼ ਕਰਾਰ ਦਿੱਤਾ। ਇਹ ਕਹਿੰਦਿਆਂ ਕਿ ਧਰਮ ਨਿਰਪੱਖ ਪੰਜਾਬ ਸਰਕਾਰ ਅਜਿਹੇ ਮਨਸੂਬਿਆਂ ਨੂੰ ਸਫ਼ਲ ਨਹੀਂ ਹੋਣ ਦੇਵੇਗੀ, ਮੁੱਖ ਮੰਤਰੀ ਨੇ ਕਿਹਾ ਕਿ ਵੀਡੀਓ ਨੂੰ ਐਡਿਟ ਕਰਕੇ ਇਸ ਵਿੱਚ ਜਾਣਬੁੱਝ ਕੇ ਗਲਤ ਸ਼ਬਦਾਵਲੀ ਸ਼ਾਮਲ ਕੀਤੀ ਗਈ ਹੈ, ਜੋ ਕਿ ਸਿੱਖ ਧਰਮ ਦੀ ਘੋਰ ਬੇਅਦਬੀ ਹੈ। ਉਨ੍ਹਾਂ ਨਾਲ ਹੀ ਦੱਸਿਆ ਕਿ ਫੋਰੈਂਸਿਕ ਜਾਂਚ ਰਿਪੋਰਟ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਆਤਿਸ਼ੀ ਨੇ ਆਪਣੇ ਬਿਆਨ ਵਿੱਚ ਕਿਤੇ ਵੀ “ਗੁਰੂ” ਸ਼ਬਦ ਬੋਲਿਆ ਹੀ ਨਹੀਂ।

ਭਾਜਪਾ ਨੇਤਾ ਕਪਿਲ ਮਿਸ਼ਰਾ ਵਿਰੁੱਧ ਪੰਜਾਬ ਪੁਲਿਸ ਦੀ ਕਾਰਵਾਈ ਨੂੰ ਜਾਇਜ਼ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਝੂਠੀ ਵੀਡੀਓ ਕਲਿੱਪ ਵਿਧਾਨ ਸਭਾ ਦੇ ਅਧਿਕਾਰਤ ਰਿਕਾਰਡ ਵਿੱਚ ਕਿਤੇ ਵੀ ਨਹੀਂ ਹੈ ਅਤੇ ਭਾਜਪਾ ਚੰਡੀਗੜ੍ਹ, ਬੀ.ਬੀ.ਐਮ.ਬੀ. ਅਤੇ ਪੰਜਾਬ ਯੂਨੀਵਰਸਿਟੀ ਵਰਗੇ ਆਦਿ ਮੁੱਦਿਆਂ ‘ਤੇ ਪੰਜਾਬ ਵਿਰੋਧੀ ਮਾਨਸਿਕਤਾ ਨਾਲ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਵਿੱਚ ਵਿਰੋਧੀ ਧਿਰ ਦੇ ਨੇਤਾ ਘਟੀਆ ਰਾਜਨੀਤੀ ਕਰਦਿਆਂ ਸੂਬਾ ਸਰਕਾਰ ਵਿਰੁੱਧ ਕੋਈ ਠੋਸ ਮੁੱਦਾ ਨਾ ਹੋਣ ਕਰਕੇ ਇਸ ਝੂਠ ਦਾ ਬਚਾਅ ਕਰਨ ਲਈ ਤਰਲੋ-ਮੱਛੀ ਹੋ ਰਹੇ ਹਨ।

ਬਠਿੰਡਾ ਵਿੱਚ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼ੁਰੂਆਤ ਤੋਂ ਹੀ ਭਾਜਪਾ ਨੇ ਫਿਰਕਾਪ੍ਰਸਤੀ, ਵੰਡ ਅਤੇ ਨਫ਼ਰਤ ਦੀ ਰਾਜਨੀਤੀ ਕੀਤੀ ਹੈ ਅਤੇ ਇਸੇ ਦੇ ਹਿੱਸੇ ਵਜੋਂ ਵਿਧਾਨ ਸਭਾ ਚੋਣਾਂ ਨੇੜੇ ਆਉਣ ਦੇ ਮੱਦੇਨਜ਼ਰ ਭਾਜਪਾ ਨੇ ਪੰਜਾਬ ਵਿੱਚ ਲੋਕਾਂ ਨੂੰ ਫਿਰਕੂ ਲੀਹਾਂ ‘ਤੇ ਵੰਡਣ ਲਈ ਇਸ ਏਜੰਡੇ ਨੂੰ ਲਾਗੂ ਕਰਨਾ ਸ਼ੁਰੂ ਕਰ ਦਿੱਤਾ ਹੈ। ਭਾਜਪਾ ਨੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਦੇ ਵੀਡੀਓ ਨਾਲ ਛੇੜਛਾੜ ਕਰਦਿਆਂ ਇਸ ਵਿੱਚ ਇਤਰਾਜ਼ਯੋਗ ਸ਼ਬਦਾਵਲੀ ਸ਼ਾਮਲ ਕੀਤੀ ਹੈ। ਇੱਥੋਂ ਤੱਕ ਕਿ ਫੋਰੈਂਸਿਕ ਜਾਂਚ ‘ਚ ਵੀ ਸਪੱਸ਼ਟ ਤੌਰ ‘ਤੇ ਸਾਬਤ ਹੋ ਗਿਆ ਹੈ ਕਿ ‘ਆਪ’ ਨੇਤਾ ਨੇ ਕਿਤੇ ਵੀ ‘ਗੁਰੂ’ ਸ਼ਬਦ ਬੋਲਿਆ ਹੀ ਨਹੀਂ।

ਮੁੱਖ ਮੰਤਰੀ ਨੇ ਕਿਹਾ ਕਿ ਆਪਣੇ ਸੌੜੇ ਰਾਜਨੀਤਿਕ ਹਿੱਤਾਂ ਦੀ ਪੂਰਤੀ ਲਈ ਤੱਥਾਂ ਨੂੰ ਗਲਤ ਢੰਗ ਨਾਲ ਪੇਸ਼ ਕਰਨਾ ਭਗਵਾ ਪਾਰਟੀ ਦੀ ਪੁਰਾਣੀ ਰਣਨੀਤੀ ਹੈ ਅਤੇ ਇਸ ਕਾਰਵਾਈ ਨੇ ਸਿੱਖ ਸੰਗਤ ਦੀਆਂ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚਾਈ ਹੈ ਕਿਉਂਕਿ ਵੀਡੀਓ ਨਾਲ ਛੇੜਛਾੜ ਕਰਕੇ ਉਨ੍ਹਾਂ ਨੇ ਬੇਅਦਬੀ ਕੀਤੀ ਹੈ, ਜੋ ਕਿ ਬਿਲਕੁਲ ਵੀ ਬਰਦਾਸ਼ਤ ਯੋਗ ਨਹੀਂ। ਉਨ੍ਹਾਂ ਕਿਹਾ ਕਿ ਇਹ ਘਟੀਆ ਹਰਕਤ ਕਰਨ ਵਾਲਿਆਂ ਨੂੰ ਉਨ੍ਹਾਂ ਦੇ ਪਾਪਾਂ ਦੀ ਸਜ਼ਾ ਜ਼ਰੂਰ ਮਿਲੇਗੀ। ਉਨ੍ਹਾਂ ਕਿਹਾ ਕਿ ਵੀਡੀਓ ਨਾਲ ਛੇੜਛਾੜ ਬਾਰੇ ਪੂਰੀ ਤਰ੍ਹਾਂ ਸਪੱਸ਼ਟ ਹੋ ਗਿਆ ਕਿਉਂਕਿ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਵੱਲੋਂ ਸਦਨ ਦੀ ਕਾਰਵਾਈ ਵਿੱਚ ਇਹ ਸ਼ਬਦ ਕਿਤੇ ਵੀ ਬੋਲੇ ਦਿਖਾਈ ਨਹੀਂ ਦਿੰਦੇ।

ਭਾਜਪਾ ਨੇਤਾ ਕਪਿਲ ਮਿਸ਼ਰਾ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿਸ ਨੇਤਾ ਨੇ ਸੋਸ਼ਲ ਮੀਡੀਆ ‘ਤੇ ਇਹ ਐਡਿਟਡ (ਛੇੜਛਾੜ ਵਾਲਾ) ਵੀਡੀਓ ਅਪਲੋਡ ਕੀਤਾ ਸੀ, ਉਸ ਨੂੰ ਆਪਣੇ ਕੁਕਰਮਾਂ ਦੇ ਨਤੀਜੇ ਭੁਗਤਣੇ ਪੈਣਗੇ ਅਤੇ ਪੰਜਾਬ ਪੁਲਿਸ ਨੇ ਉਸ ਵਿਰੁੱਧ ਸਹੀ ਕੇਸ ਦਰਜ ਕੀਤਾ ਹੈ। ਇੱਥੇ ਦਿੱਲੀ ਵਿਧਾਨ ਸਭਾ ਦੇ ਵਿਸ਼ੇਸ਼ ਅਧਿਕਾਰ ਦਾ ਕੋਈ ਮਸਲਾ ਨਹੀਂ ਹੈ। ਕਪਿਲ ਮਿਸ਼ਰਾ ‘ਤੇ ਆਮ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਕੇਸ ਦਰਜ ਕੀਤਾ ਗਿਆ ਹੈ ਅਤੇ ਉਸ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਚੰਡੀਗੜ੍ਹ, ਬੀ.ਬੀ.ਐਮ.ਬੀ., ਪੰਜਾਬ ਯੂਨੀਵਰਸਿਟੀ, ਗਣਤੰਤਰ ਦਿਵਸ ਦੀਆਂ ਝਾਕੀਆਂ ਅਤੇ ਹੋਰ ਮਾਮਲਿਆਂ ‘ਤੇ ਭਾਜਪਾ ਦੇ ਪੰਜਾਬ ਵਿਰੋਧੀ ਸਟੈਂਡ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਪ੍ਰਤੀ ਭਗਵਾ ਪਾਰਟੀ ਦਾ ਰਵੱਈਆ ਹਮੇਸ਼ਾ ਦੁਸ਼ਮਣੀ ਵਾਲਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸੂਬਾਈ ਭਾਜਪਾ ਪ੍ਰਧਾਨ ਸੁਨੀਲ ਜਾਖੜ ਅਤੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਅੱਜ ਅਜੀਬੋ-ਗਰੀਬ ਸਥਿਤੀ ਵਿੱਚ ਘਿਰ ਗਏ ਹਨ ਕਿਉਂਕਿ ਉਹ ਵਾਰ-ਵਾਰ ਝੂਠ ਦਾ ਸਹਾਰਾ ਲੈ ਕੇ ਪੰਜਾਬ ਪ੍ਰਤੀ ਭਾਜਪਾ ਦੇ ਰਵੱਈਏ ਨੂੰ ਜਾਇਜ਼ ਠਹਿਰਾਉਣ ਲਈ ਮਜਬੂਰ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਅਤੇ ਇਸ ਦੀ ਲੀਡਰਸ਼ਿਪ ‘ਚ ਮਹਾਨ ਸਿੱਖ ਗੁਰੂ ਸਾਹਿਬਾਨ ਪ੍ਰਤੀ ਸਤਿਕਾਰ ਦੀ ਭਾਵਨਾ ਕਿਤੇ ਨਜ਼ਰ ਨਹੀਂ ਆਉਂਦੀ ਅਤੇ ਪ੍ਰਧਾਨ ਮੰਤਰੀ ਕੋਲ ਤਾਂ ਕਦੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ(ਸ਼ਹੀਦੀ ਵਰ੍ਹੇਗੰਢ) ਦੀ ਯਾਦ ਵਿੱਚ ਕਰਵਾਏ ਗਏ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਸੱਦਾ ਸਵੀਕਾਰਨ ਦਾ ਸਮਾਂ ਵੀ ਨਹੀਂ ਸੀ। ਹਰ ਕੋਈ ਜਾਣਦਾ ਹੈ ਕਿ ਨਾ ਤਾਂ ਪ੍ਰਧਾਨ ਮੰਤਰੀ ਅਤੇ ਨਾ ਹੀ ਭਾਜਪਾ ਦਾ ਕੋਈ ਸੀਨੀਅਰ ਨੇਤਾ ਜਾਂ ਕੇਂਦਰੀ ਮੰਤਰੀ ਇਨ੍ਹਾਂ ਸਮਾਗਮਾਂ ‘ਚ ਨਤਮਸਤਕ ਹੋਣ ਲਈ ਪੰਜਾਬ ਆਇਆ। ਇਹ ਸਿੱਖਾਂ ਅਤੇ ਸਾਡੇ ਮਹਾਨ ਗੁਰੂ ਸਾਹਿਬਾਨ ਪ੍ਰਤੀ ਸੌੜੀ ਅਤੇ ਘਟੀਆ ਮਾਨਸਿਕਤਾ ਨੂੰ ਦਰਸਾਉਂਦਾ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਾਂਗਰਸ, ਅਕਾਲੀ ਦਲ ਅਤੇ ਭਾਜਪਾ, ਪੰਜਾਬ ਅਤੇ ਇਸ ਦੀ ਸਰਕਾਰ ਵਿਰੁੱਧ ਇੱਕੋ ਪਟੜੀ ‘ਤੇ ਚੱਲ ਰਹੇ ਹਨ। ਇਹ ਪਾਰਟੀਆਂ ਇਕੋ ਦਿਨ ਵੱਖ-ਵੱਖ ਸਮੇਂ ‘ਤੇ ਇੱਕੋ ਜਿਹੇ ਪ੍ਰੈਸ ਨੋਟ ਵੀ ਜਾਰੀ ਕਰਦੀਆਂ ਹਨ, ਜਿਨ੍ਹਾਂ ਦਾ ਇੱਕੋ-ਇੱਕ ਉਦੇਸ਼ ਸੂਬਾ ਸਰਕਾਰ ਵਿਰੁੱਧ ਜ਼ਹਿਰ ਫੈਲਾਉਣਾ ਹੈ।

Have any thoughts?

Share your reaction or leave a quick response — we’d love to hear what you think!

You may also like

Leave a Comment