- ਆਪਾ ਦੀ ਰਾਜਨੀਤੀ ਭਰੋਸੇ, ਇਮਾਨਦਾਰੀ ਅਤੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਦੀ ਵਚਨਬੱਧਤਾ ’ਤੇ ਆਧਾਰਿਤ
ਜਲੰਧਰ, 11 ਮਾਰਚ : ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ (ਸ਼ਹਿਰੀ) ਅੰਮ੍ਰਿਤਪਾਲ ਸਿੰਘ ਨੇ ਮਹਿਲਾਵਾਂ ਲਈ ਸ਼ੁਰੂ ਕੀਤੀ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਲਈ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਮਹਿਲਾਵਾਂ ਦੇ ਵਧੇਰੇ ਸਸ਼ਕਤੀਕਰਨ ਨੂੰ ਯਕੀਨੀ ਬਣਾਉਣ ਲਈ ਇਹ ਇਤਿਹਾਸਕ ਫੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਅਨੁਸੂਚਿਤ ਜਾਤੀ ਦੀਆਂ ਮਹਿਲਾਵਾਂ ਨੂੰ ਪ੍ਰਤੀ ਮਹੀਨਾ 1500 ਰੁਪਏ ਅਤੇ 18 ਸਾਲ ਤੋਂ ਵੱਧ ਉਮਰ ਦੀਆਂ ਹੋਰ ਮਹਿਲਾਵਾਂ ਨੂੰ ਪ੍ਰਤੀ ਮਹੀਨਾ 1000 ਰੁਪਏ ਦੀ ਸਿੱਧੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ।
ਇਥੇ ਪ੍ਰੈੱਸ ਕਾਨਫਰੰਸ ਦੌਰਾਨ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਰਾਜਨੀਤੀ ਭਰੋਸੇ, ਇਮਾਨਦਾਰੀ ਅਤੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਦੀ ਵਚਨਬੱਧਤਾ ’ਤੇ ਆਧਾਰਿਤ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਗਰੰਟੀ ਸਿਰਫ਼ ਚੋਣ ਨਾਅਰਾ ਨਹੀਂ, ਸਗੋਂ ਲੋਕਾਂ ਨਾਲ ਕੀਤਾ ਗਿਆ ਉਹ ਵਾਅਦਾ ਹੈ ਜਿਸ ਨੂੰ ਪੂਰਾ ਕਰਨਾ ਪਾਰਟੀ ਦੀ ਜ਼ਿੰਮੇਵਾਰੀ ਹੈ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਵਾਅਦੇ ਨੂੰ ਪੂਰਾ ਕਰਕੇ ਦਿਖਾ ਰਹੀ ਹੈ।
ਇਸ ਮੌਕੇ ਦਿਹਾਤੀ ਪ੍ਰਧਾਨ ਪ੍ਰਦੀਪ ਦੁੱਗਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਬਣਾਉਣ ਲਈ ਇਤਿਹਾਸਕ ਫੈਸਲੇ ਲਏ ਗਏ ਹਨ। ਉਨ੍ਹਾਂ ਕਿਹਾ ਕਿ ਮਹਿਲਾਵਾਂ ਨੂੰ ਮਿਲਣ ਵਾਲੀ ਇਹ ਵਿੱਤੀ ਸਹਾਇਤਾ ਉਨ੍ਹਾਂ ਦੀ ਆਰਥਿਕ ਆਤਮਨਿਰਭਰਤਾ ਨੂੰ ਮਜ਼ਬੂਤ ਕਰੇਗੀ ਅਤੇ ਘਰੇਲੂ ਖਰਚ ਵਿੱਚ ਵੀ ਵੱਡੀ ਮਦਦ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਫੈਸਲਾ ਸਮਾਜਿਕ ਨਿਆਂ ਅਤੇ ਸਮਾਨਤਾ ਵੱਲ ਇੱਕ ਵੱਡਾ ਕਦਮ ਹੈ।
ਇਸ ਮੌਕੇ ਹਲਕਾ ਇੰਚਾਰਜ ਜਲੰਧਰ ਕੈਂਟ ਰਾਜਵਿੰਦਰ ਕੌਰ ਥਿਆੜਾ ਨੇ ਕਿਹਾ ਕਿ ਇਹ ਸਿਰਫ਼ ਇੱਕ ਯੋਜਨਾ ਨਹੀਂ, ਸਗੋਂ ਪੰਜਾਬ ਦੀਆਂ ਮਾਵਾਂ, ਭੈਣਾਂ ਅਤੇ ਧੀਆਂ ਦਾ ਸਨਮਾਨ ਕਰਨ ਦਾ ਫੈਸਲਾ ਹੈ। ਪੰਜਾਬ ਸਰਕਾਰ ਨੇ ਇਸ ਯੋਜਨਾ ਲਈ ਆਪਣੇ ਬਜਟ ਵਿੱਚ 9300 ਕਰੋੜ ਰੁਪਏ ਰਾਖਵੇਂ ਕੀਤੇ ਹਨ, ਜੋ ਕਿ ਦੇਸ਼ ਵਿੱਚ ਮਹਿਲਾਵਾਂ ਲਈ ਸਭ ਤੋਂ ਵੱਡੀਆਂ ਸਿੱਧੀ ਵਿੱਤੀ ਸਹਾਇਤਾ ਯੋਜਨਾਵਾਂ ਵਿੱਚੋਂ ਇੱਕ ਹੈ।
ਉਨ੍ਹਾਂ ਦੱਸਿਆ ਕਿ ਇਹ ਰਕਮ ਸਿੱਧੀ ਮਹਿਲਾਵਾਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕੀਤੀ ਜਾਵੇਗੀ ਅਤੇ ਇਹ ਯੋਜਨਾ 13 ਅਪ੍ਰੈਲ ਵਿਸਾਖੀ ਦੇ ਮੌਕੇ ’ਤੇ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਨੂੰ ਸਫ਼ਲ ਬਣਾਉਣ ਲਈ ਪੰਜਾਬ ਭਰ ਵਿੱਚ ਵਿਸ਼ੇਸ਼ ਰਜਿਸਟ੍ਰੇਸ਼ਨ ਕੈਂਪ ਲਗਾਏ ਜਾਣਗੇ ਤਾਂ ਜੋ ਹਰ ਯੋਗ ਮਹਿਲਾ ਆਸਾਨੀ ਨਾਲ ਇਸ ਯੋਜਨਾ ਵਿੱਚ ਸ਼ਾਮਿਲ ਹੋ ਸਕੇ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਮਹਿਲਾਵਾਂ ਦੀ ਭਲਾਈ ਲਈ ਪਹਿਲਾਂ ਵੀ ਕਈ ਅਹਿਮ ਕਦਮ ਚੁੱਕੇ ਹਨ। ਮਹਿਲਾਵਾਂ ਲਈ ਮੁਫ਼ਤ ਬੱਸ ਯਾਤਰਾ, ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਮੁਫ਼ਤ ਇਲਾਜ ਅਤੇ ਘਰਾਂ ਲਈ ਮੁਫ਼ਤ ਬਿਜਲੀ ਵਰਗੇ ਫੈਸਲਿਆਂ ਨੇ ਪੰਜਾਬ ਦੀਆਂ ਮਹਿਲਾਵਾਂ ਲਈ ਸਮਾਜਿਕ ਸੁਰੱਖਿਆ ਨੂੰ ਮਜ਼ਬੂਤੀ ਪ੍ਰਦਾਨ ਕੀਤੀ ਹੈ।
ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਫਰਕ ਸਪਸ਼ਟ ਹੈ—ਪੁਰਾਣੀ ਰਾਜਨੀਤੀ ਅਤੇ ਨਵੀਂ ਰਾਜਨੀਤੀ ਦਾ। ਪਿਛਲੀਆਂ ਸਰਕਾਰਾਂ ਧਰਮ, ਜਾਤ ਦੇ ਨਾਮ ’ਤੇ ਵੋਟਾਂ ਮੰਗਦੀਆਂ ਰਹੀਆਂ, ਪਰ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ ਸਸ਼ਕਤ ਬਣਾਉਣ ਲਈ ਗੰਭੀਰ ਯਤਨ ਨਹੀਂ ਕੀਤੇ। ਆਮ ਆਦਮੀ ਪਾਰਟੀ ਦੀ ਸਰਕਾਰ ਨੇ ਰਾਜਨੀਤੀ ਦੀ ਦਿਸ਼ਾ ਹੀ ਬਦਲ ਦਿੱਤੀ ਹੈ। ਹੁਣ ਸਰਕਾਰੀ ਪੈਸਾ ਲੋਕਾਂ ਦੀ ਭਲਾਈ ’ਤੇ ਖਰਚ ਹੋ ਰਿਹਾ ਹੈ ਕਿਉਂਕਿ ਇਮਾਨਦਾਰ ਸਰਕਾਰ ਵਿੱਚ ਪੈਸਾ ਭ੍ਰਿਸ਼ਟਾਚਾਰ ਵਿੱਚ ਨਹੀਂ ਜਾਂਦਾ।
ਉਨ੍ਹਾਂ ਕਿਹਾ ਕਿ ਅੱਜ ਪੰਜਾਬ ਵਿੱਚ ਇੱਕੋ ਸਮੇਂ ਕਈ ਵੱਡੇ ਵਿਕਾਸ ਦੇ ਕੰਮ ਹੋ ਰਹੇ ਹਨ। ਸਰਕਾਰੀ ਸਕੂਲਾਂ ਨੂੰ ਸੁਧਾਰਿਆ ਜਾ ਰਿਹਾ ਹੈ, ਹਸਪਤਾਲ ਮਜ਼ਬੂਤ ਹੋ ਰਹੇ ਹਨ, ਆਮ ਆਦਮੀ ਕਲੀਨਿਕ ਖੁੱਲ੍ਹ ਰਹੇ ਹਨ, ਬਿਜਲੀ ਮੁਫ਼ਤ ਦਿੱਤੀ ਜਾ ਰਹੀ ਹੈ ਅਤੇ ਹੁਣ ਮਹਿਲਾਵਾਂ ਨੂੰ ਆਰਥਿਕ ਸਨਮਾਨ ਦਿੱਤਾ ਜਾ ਰਿਹਾ ਹੈ। ਅਰਵਿੰਦ ਕੇਜਰੀਵਾਲ ਦੀ ਭਰੋਸੇ ਦੀ ਰਾਜਨੀਤੀ ਨੂੰ ਅੱਜ ਪੂਰਾ ਦੇਸ਼ ਦੇਖ ਰਿਹਾ ਹੈ ਕਿ ਜਿੱਥੇ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਬਣਦੀ ਹੈ, ਉੱਥੇ ਕੀਤੇ ਵਾਅਦੇ ਪੂਰੇ ਹੁੰਦੇ ਹਨ।
ਇਸ ਮੌਕੇ ਕ੍ਰਿਸ਼ਨਾ ਗਰੇਵਾਲ (ਦੋਆਬਾ ਮਹਿਲਾ ਪ੍ਰਧਾਨ), ਸ਼ੋਭਾ ਭਗਤ (ਮਹਿਲਾ ਵਿੰਗ ਸ਼ਹਿਰੀ ਪ੍ਰਧਾਨ), ਤਰਨਦੀਪ ਸੰਨੀ (ਦੋਆਬਾ ਮੀਡੀਆ ਇੰਚਾਰਜ), ਸੰਜੀਵ ਭਗਤ (ਜ਼ਿਲ੍ਹਾ ਮੀਡੀਆ ਇੰਚਾਰਜ ਜਲੰਧਰ) ਅਤੇ ਹਰਮਿੰਦਰ ਕੌਰ ਸਮੇਤ ਹੋਰ ਪਾਰਟੀ ਆਗੂ ਵੀ ਮੌਜੂਦ ਸਨ।

Have any thoughts?
Share your reaction or leave a quick response — we’d love to hear what you think!
