Home ਪੰਜਾਬਨਸ਼ਿਆਂ ਵਿਰੁੱਧ ਜੰਗ ਦੇ ਚੰਗੇ ਨਤੀਜੇ ਆ ਰਹੇ, ਪੰਜਾਬ ਨਸ਼ਾ ਮੁਕਤ ਹੋਣ ਤੱਕ ਲੜਾਈ ਜਾਰੀ ਰਹੇਗੀ : ਧਾਲੀਵਾਲ

ਨਸ਼ਿਆਂ ਵਿਰੁੱਧ ਜੰਗ ਦੇ ਚੰਗੇ ਨਤੀਜੇ ਆ ਰਹੇ, ਪੰਜਾਬ ਨਸ਼ਾ ਮੁਕਤ ਹੋਣ ਤੱਕ ਲੜਾਈ ਜਾਰੀ ਰਹੇਗੀ : ਧਾਲੀਵਾਲ

by Live 24 Punjabi
  • ਮਨੀਸ਼ ਸਿਸੋਦੀਆ ਦੀ ਅਗਵਾਈ ਹੇਠ ਨਸ਼ਾ ਵਿਰੋਧੀ ਮੁਹਿੰਮ ਨੂੰ ਲੈ ਕੇ ‘ਆਪ’ ਦੀ ਅਹਿਮ ਮੀਟਿੰਗ
  • ਨਸ਼ਾ ਤਸਕਰਾਂ ਖ਼ਿਲਾਫ਼ ਬਿਨਾਂ ਕਿਸੇ ਪੱਖਪਾਤ ਦੇ ਕਾਰਵਾਈ ਕਰਨ ਵਾਲੀ ‘ਆਪ’ ਪਹਿਲੀ ਸਰਕਾਰ, ਪਿਛਲੀਆਂ ਸਰਕਾਰਾਂ ਚੰਡੀਗੜ੍ਹ ਤੋਂ ਫ਼ੋਨ ਕਰਕੇ ਉਨ੍ਹਾਂ ਨੂੰ ਬਚਾਉਂਦੀਆਂ ਰਹੀਆਂ : ਧਾਲੀਵਾਲ

ਚੰਡੀਗੜ੍ਹ, 20 ਮਾਰਚ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੰਤਰੀਆਂ, ਵਿਧਾਇਕਾਂ ਅਤੇ ਬਲਾਕ ਤੇ ਜ਼ਿਲ੍ਹਾ ਪੱਧਰ ‘ਤੇ ਨਸ਼ਾ ਮੁਕਤੀ ਮੋਰਚਾ ਦੇ ਮੈਂਬਰਾਂ ਸਮੇਤ ਆਗੂਆਂ ਨੇ ਪੰਜਾਬ ਵਿੱਚ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਦੀ ਸਮੀਖਿਆ ਕਰਨ ਅਤੇ ਇਸ ਨੂੰ ਹੋਰ ਮਜ਼ਬੂਤ ​​ਕਰਨ ਲਈ ‘ਆਪ’ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਦੀ ਅਗਵਾਈ ਹੇਠ ਇੱਕ ਅਹਿਮ ਮੀਟਿੰਗ ਕੀਤੀ।

ਮੀਟਿੰਗ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਕਰਦਿਆਂ ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ‘ਆਪ’ ਸਰਕਾਰ ਪੰਜਾਬ ਦੀ ਪਹਿਲੀ ਅਜਿਹੀ ਸਰਕਾਰ ਹੈ ਜਿਸ ਨੇ ਨਸ਼ਾ ਤਸਕਰਾਂ ਅਤੇ ਸੌਦਾਗਰਾਂ ਵਿਰੁੱਧ ਉਨ੍ਹਾਂ ਦੀ ਸਿਆਸੀ ਮਾਨਤਾ ਜਾਂ ਰੁਤਬੇ ਦੀ ਪ੍ਰਵਾਹ ਕੀਤੇ ਬਿਨਾਂ ਸਖ਼ਤ ਅਤੇ ਨਿਰਪੱਖ ਕਾਰਵਾਈ ਕੀਤੀ ਹੈ। ਉਨ੍ਹਾਂ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਭਾਵੇਂ ਉਹ ਪਾਰਟੀ ਵਰਕਰ ਹੋਵੇ, ਸਰਪੰਚ ਹੋਵੇ, ਅਹੁਦੇਦਾਰ ਹੋਵੇ ਜਾਂ ਕੋਈ ਪ੍ਰਭਾਵਸ਼ਾਲੀ ਵਿਅਕਤੀ, ਜੇਕਰ ਨਸ਼ਾ ਤਸਕਰੀ ਵਿਚ ਸ਼ਾਮਲ ਪਾਇਆ ਗਿਆ ਤਾਂ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾ ਰਿਹਾ। ਉਨ੍ਹਾਂ ਦੇ ਨਾਲ ‘ਆਪ’ ਪੰਜਾਬ ਦੇ ਵਰਕਿੰਗ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਮੰਤਰੀ ਹਰਭਜਨ ਸਿੰਘ ਈ.ਟੀ.ਓ ਅਤੇ ਲਾਲਜੀਤ ਸਿੰਘ ਭੁੱਲਰ ਵੀ ਮੌਜੂਦ ਸਨ।

ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਨੇ ਪ੍ਰਸ਼ਾਸਨ ਅਤੇ ਪੁਲਿਸ ਨੂੰ ਸਪੱਸ਼ਟ ਅਤੇ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਕਿਸੇ ਵੀ ਦੋਸ਼ੀ ਨੂੰ ਕਿਸੇ ਵੀ ਦਬਾਅ ਹੇਠ ਨਾ ਛੱਡਿਆ ਜਾਵੇ। ਉਨ੍ਹਾਂ ਅੱਗੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਉਲਟ, ਜਿੱਥੇ ਸਿਆਸੀ ਦਖ਼ਲਅੰਦਾਜ਼ੀ ਨਸ਼ਾ ਤਸਕਰਾਂ ਨੂੰ ਬਚਾਉਂਦੀ ਸੀ, ‘ਆਪ’ ਸਰਕਾਰ ਹਰ ਕੇਸ ਵਿੱਚ ਸਖ਼ਤ ਕਾਰਵਾਈ ਨੂੰ ਯਕੀਨੀ ਬਣਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਪਿਛਲੇ ਇੱਕ ਸਾਲ ਦੌਰਾਨ ਨਸ਼ਿਆਂ ਵਿਰੁੱਧ ਲੜਾਈ ਵਿੱਚ ਕਾਫੀ ਪ੍ਰਗਤੀ ਹੋਈ ਹੈ। ਧਾਲੀਵਾਲ ਨੇ ਕਿਹਾ, “ਨਸ਼ਾ ਸਪਲਾਈ ਚੇਨਾਂ ਨੂੰ ਸਖ਼ਤ ਮਾਰ ਪਈ ਹੈ, ਕਈ ਨੈਟਵਰਕ ਤਬਾਹ ਕਰ ਦਿੱਤੇ ਗਏ ਹਨ, ਅਤੇ ਕਈ ਮੁੱਖ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਸਾਡੀਆਂ ਟੀਮਾਂ ਨੇ ਅਣਥੱਕ ਮਿਹਨਤ ਕੀਤੀ ਹੈ, ਜਿਸ ਨਾਲ ਅਜਿਹੇ ਨਤੀਜੇ ਨਿਕਲੇ ਹਨ ਜੋ ਪੰਜਾਬ ਵਿੱਚ ਪਹਿਲਾਂ ਕਦੇ ਨਹੀਂ ਦੇਖੇ ਗਏ ਸਨ।”

ਪਿਛਲੀਆਂ ਸਰਕਾਰਾਂ ‘ਤੇ ਚੁਟਕੀ ਲੈਂਦਿਆਂ ਉਨ੍ਹਾਂ ਦੋਸ਼ ਲਾਇਆ ਕਿ ਪਹਿਲੀਆਂ ਸਰਕਾਰਾਂ ਵੇਲੇ ਸਿਆਸੀ ਦਬਾਅ ਕਾਰਨ ਨਸ਼ਾ ਤਸਕਰੀ ਬਾਰੇ ਜਾਣਕਾਰੀ ਨੂੰ ਅਕਸਰ ਅਣਗੌਲਿਆ ਜਾਂ ਦਬਾ ਦਿੱਤਾ ਜਾਂਦਾ ਸੀ। ਉਨ੍ਹਾਂ ਦਾਅਵਾ ਕੀਤਾ ਕਿ ਅੱਜ ਸਥਿਤੀ ਬਦਲ ਗਈ ਹੈ ਅਤੇ ਜੇਕਰ ਕੋਈ ਵੀ ਨਸ਼ਾ ਤਸਕਰੀ ਵਿੱਚ ਸ਼ਾਮਲ ਜਾਂ ਇਸ ਨਾਲ ਜੁੜਿਆ ਪਾਇਆ ਜਾਂਦਾ ਹੈ, ਤਾਂ ਤੁਰੰਤ ਸਖ਼ਤ ਕਾਰਵਾਈ ਕੀਤੀ ਜਾਂਦੀ ਹੈ।

ਧਾਲੀਵਾਲ ਨੇ ਅੱਗੇ ਕਿਹਾ ਕਿ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਸਰਗਰਮੀ ਨਾਲ ਜ਼ਮੀਨੀ ਪੱਧਰ ’ਤੇ ਲਿਜਾਇਆ ਜਾ ਰਿਹਾ ਹੈ। ਟੀਮਾਂ ਪਿੰਡਾਂ ਦਾ ਦੌਰਾ ਕਰ ਰਹੀਆਂ ਹਨ, ਸਥਾਨਕ ਲੋਕਾਂ ਨਾਲ ਗੱਲਬਾਤ ਕਰ ਰਹੀਆਂ ਹਨ ਅਤੇ ਸਮਾਜ ਵਿੱਚੋਂ ਨਸ਼ਿਆਂ ਨੂੰ ਖ਼ਤਮ ਕਰਨ ਲਈ ਜਾਗਰੂਕਤਾ ਪੈਦਾ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਟੀਚਾ ਹਰ ਪਿੰਡ ਨੂੰ ਨਸ਼ਾ ਮੁਕਤ ਬਣਾਉਣਾ ਹੈ।

ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਧਾਲੀਵਾਲ ਨੇ ਕਿਹਾ ਕਿ ਭਾਵੇਂ ਵੱਡੀਆਂ ਸਫਲਤਾਵਾਂ ਹਾਸਲ ਕੀਤੀਆਂ ਗਈਆਂ ਹਨ, ਪਰ ਨਸ਼ਿਆਂ ਵਿਰੁੱਧ ਜੰਗ ਅਜੇ ਵੀ ਜਾਰੀ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਇਹ ਲੜਾਈ ਉਦੋਂ ਤੱਕ ਨਹੀਂ ਰੁਕੇਗੀ ਜਦੋਂ ਤੱਕ ਪੰਜਾਬ ਪੂਰੀ ਤਰ੍ਹਾਂ ਨਸ਼ਾ ਮੁਕਤ ਨਹੀਂ ਹੋ ਜਾਂਦਾ।

Have any thoughts?

Share your reaction or leave a quick response — we’d love to hear what you think!

You may also like

Leave a Comment