- ਚੰਡੀਗੜ੍ਹ ‘ਚ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਘਰ ਤੀਜੀ ਵਾਰ ਪਹੁੰਚੀ ਈਡੀ ਟੀਮ, ਮੁੱਖ ਮੰਤਰੀ ਨੇ ਮੋਦੀ ਸਰਕਾਰ ‘ਤੇ ਸਾਧਿਆ ਨਿਸ਼ਾਨਾ
ਚੰਡੀਗੜ੍ਹ, 9 ਮਈ : ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਚੰਡੀਗੜ੍ਹ ਸਥਿਤ ਘਰ ‘ਤੇ ਅੱਜ ਸਵੇਰੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਛਾਪੇਮਾਰੀ ਕੀਤੀ ਗਈ। ਇਸ ਕਾਰਵਾਈ ਤੋਂ ਬਾਅਦ ਪੰਜਾਬ ਦੀ ਸਿਆਸਤ ਇੱਕ ਵਾਰ ਫਿਰ ਗਰਮਾ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ਅਤੇ ਭਾਜਪਾ ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਪੰਜਾਬ ਕਿਸੇ ਵੀ ਦਬਾਅ ਅੱਗੇ ਝੁਕਣ ਵਾਲਾ ਨਹੀਂ ਹੈ।
ਮੁੱਖ ਮੰਤਰੀ ਨੇ ਸੋਸ਼ਲ ਮੀਡੀਆ ਪੋਸਟ ਰਾਹੀਂ ਕਿਹਾ ਕਿ ਇਹ ਇੱਕ ਸਾਲ ਵਿੱਚ ਤੀਜੀ ਵਾਰ ਹੈ ਜਦੋਂ ਈਡੀ ਦੀ ਟੀਮ ਸੰਜੀਵ ਅਰੋੜਾ ਦੇ ਘਰ ਪਹੁੰਚੀ ਹੈ, ਜਦਕਿ ਪਿਛਲੇ ਇੱਕ ਮਹੀਨੇ ਵਿੱਚ ਇਹ ਦੂਜੀ ਰੇਡ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪਹਿਲੀਆਂ ਕਾਰਵਾਈਆਂ ਦੌਰਾਨ ਵੀ ਜਾਂਚ ਏਜੰਸੀ ਨੂੰ ਕੁਝ ਹਾਸਲ ਨਹੀਂ ਹੋਇਆ।
ਭਗਵੰਤ ਮਾਨ ਨੇ ਆਪਣੇ ਬਿਆਨ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਨਿਸ਼ਾਨੇ ‘ਤੇ ਲੈਂਦਿਆਂ ਕਿਹਾ, “ਪੰਜਾਬ ਗੁਰੂਆਂ ਦੀ ਧਰਤੀ ਹੈ। ਔਰੰਗਜ਼ੇਬ ਵੀ ਪੰਜਾਬ ਨੂੰ ਨਹੀਂ ਝੁਕਾ ਸਕਿਆ ਸੀ। ਇਹ ਸ਼ਹੀਦ ਭਗਤ ਸਿੰਘ ਦੀ ਧਰਤੀ ਹੈ, ਜਿਸ ਨੇ ਅੰਗਰੇਜ਼ਾਂ ਅੱਗੇ ਵੀ ਸਿਰ ਨਹੀਂ ਝੁਕਾਇਆ। ਮੋਦੀ ਸਰਕਾਰ ਦੀਆਂ ਚਾਲਾਂ ਅੱਗੇ ਵੀ ਪੰਜਾਬ ਕਦੇ ਨਹੀਂ ਝੁਕੇਗਾ।”
ਉਨ੍ਹਾਂ ਨੇ ਅੱਗੇ ਕਿਹਾ ਕਿ “ED-BJP ਦੇ ਇਸ ਅਨੈਤਿਕ ਗੱਠਜੋੜ ਦਾ ਅੰਤ ਪੰਜਾਬ ਹੀ ਕਰੇਗਾ।” ਮੁੱਖ ਮੰਤਰੀ ਦੇ ਇਸ ਬਿਆਨ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵਿੱਚ ਵੀ ਕੇਂਦਰ ਸਰਕਾਰ ਖ਼ਿਲਾਫ਼ ਨਾਰਾਜ਼ਗੀ ਵੇਖਣ ਨੂੰ ਮਿਲ ਰਹੀ ਹੈ।
ਦੂਜੇ ਪਾਸੇ, ਈਡੀ ਵੱਲੋਂ ਇਸ ਰੇਡ ਸਬੰਧੀ ਅਜੇ ਤੱਕ ਕੋਈ ਅਧਿਕਾਰਿਕ ਜਾਣਕਾਰੀ ਜਾਰੀ ਨਹੀਂ ਕੀਤੀ ਗਈ। ਰੇਡ ਕਿਸ ਮਾਮਲੇ ਨੂੰ ਲੈ ਕੇ ਕੀਤੀ ਗਈ, ਇਸ ਬਾਰੇ ਵੀ ਸਪੱਸ਼ਟ ਜਾਣਕਾਰੀ ਸਾਹਮਣੇ ਨਹੀਂ ਆਈ।
ਸਿਆਸੀ ਮਾਹਿਰਾਂ ਦਾ ਮੰਨਣਾ ਹੈ ਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ ਕੇਂਦਰੀ ਜਾਂਚ ਏਜੰਸੀਆਂ ਦੀਆਂ ਕਾਰਵਾਈਆਂ ਨੂੰ ਲੈ ਕੇ ਪੰਜਾਬ ਦੀ ਸਿਆਸਤ ਹੋਰ ਵੀ ਤਿੱਖੀ ਹੋ ਸਕਦੀ ਹੈ।

Have any thoughts?
Share your reaction or leave a quick response — we’d love to hear what you think!
