- ਜਾਅਲੀ ਦਸਤਾਵੇਜ਼ਾਂ ਰਾਹੀਂ CLU ਲੈਣ ਅਤੇ ਮਨੀ ਲਾਂਡਰਿੰਗ ਦੇ ਦੋਸ਼ਾਂ ਹੇਠ ਕਾਰਵਾਈ
ਜਲੰਧਰ, 23 ਮਈ : ਜਲੰਧਰ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਵੱਡੀ ਕਾਰਵਾਈ ਕਰਦਿਆਂ ਸਨਟੈਕ ਸਿਟੀ ਇੰਡੀਅਨ ਕੋਆਪਰੇਟਿਵ ਹਾਊਸਿੰਗ ਬਿਲਡਿੰਗ ਸੁਸਾਇਟੀ ਦੇ ਪ੍ਰਮੋਟਰ ਅਤੇ ਸਕੱਤਰ ਅਜੇ ਸਹਿਗਲ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਈਡੀ ਨੇ ਇਹ ਕਾਰਵਾਈ ਜਾਅਲੀ ਦਸਤਾਵੇਜ਼ਾਂ ਰਾਹੀਂ ਮਨੀ ਲਾਂਡਰਿੰਗ ਕਰਨ ਅਤੇ ਚੇਂਜ ਆਫ ਲੈਂਡ ਯੂਜ਼ (CLU) ਦੀ ਮਨਜ਼ੂਰੀ ਹਾਸਲ ਕਰਨ ਦੇ ਦੋਸ਼ਾਂ ਤਹਿਤ ਕੀਤੀ ਹੈ।
ਜਾਂਚ ਏਜੰਸੀ ਮੁਤਾਬਕ ਸਨਟੈਕ ਸਿਟੀ ਪ੍ਰੋਜੈਕਟ ਲਈ ਕਈ ਮਹੱਤਵਪੂਰਨ ਦਸਤਾਵੇਜ਼ ਗਲਤ ਤਰੀਕੇ ਨਾਲ ਤਿਆਰ ਕੀਤੇ ਗਏ ਸਨ। ਈਡੀ ਦੀ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ CLU ਦੇ ਲੈਟਰ ਅਤੇ ਹੋਰ ਸਰਕਾਰੀ ਪ੍ਰਵਾਨਗੀਆਂ ਹਾਸਲ ਕਰਨ ਲਈ ਜਾਅਲੀ ਸਹਿਮਤੀ ਪੱਤਰਾਂ ਦੀ ਵਰਤੋਂ ਕੀਤੀ ਗਈ।
ਈਡੀ ਅਨੁਸਾਰ ਕਰੀਬ 15 ਕਿਸਾਨਾਂ ਦੀ 30.5 ਏਕੜ ਜ਼ਮੀਨ ਨਾਲ ਸੰਬੰਧਿਤ ਦਸਤਾਵੇਜ਼ਾਂ ਵਿੱਚ ਹੇਰਾਫੇਰੀ ਕੀਤੀ ਗਈ। ਦੋਸ਼ ਹੈ ਕਿ ਜ਼ਮੀਨ ਮਾਲਕਾਂ ਦੀ ਸਹਿਮਤੀ ਤੋਂ ਬਿਨਾਂ ਉਨ੍ਹਾਂ ਦੇ ਜਾਅਲੀ ਦਸਤਖਤ ਅਤੇ ਅੰਗੂਠੇ ਦੇ ਨਿਸ਼ਾਨ ਲਗਾ ਕੇ ਸਹਿਮਤੀ ਪੱਤਰ ਤਿਆਰ ਕੀਤੇ ਗਏ। ਇਨ੍ਹਾਂ ਦਸਤਾਵੇਜ਼ਾਂ ਦੇ ਆਧਾਰ ‘ਤੇ “ਸਨਟੈਕ ਸਿਟੀ” ਨਾਮ ਦਾ ਵੱਡਾ ਰੀਅਲ ਅਸਟੇਟ ਪ੍ਰੋਜੈਕਟ ਵਿਕਸਤ ਕੀਤਾ ਗਿਆ।
ਮਾਮਲੇ ਦੀ ਜਾਂਚ ਪੰਜਾਬ ਪੁਲਿਸ ਵੱਲੋਂ ਦਰਜ ਐਫਆਈਆਰ ਤੋਂ ਬਾਅਦ ਸ਼ੁਰੂ ਹੋਈ ਸੀ। ਪ੍ਰਭਾਵਿਤ ਕਿਸਾਨਾਂ ਨੇ ਸ਼ਿਕਾਇਤ ਕੀਤੀ ਸੀ ਕਿ ਉਨ੍ਹਾਂ ਦੀ ਜ਼ਮੀਨ ਨਾਲ ਜੁੜੇ ਦਸਤਾਵੇਜ਼ ਉਨ੍ਹਾਂ ਦੀ ਜਾਣਕਾਰੀ ਅਤੇ ਮਨਜ਼ੂਰੀ ਤੋਂ ਬਿਨਾਂ ਵਰਤੇ ਗਏ। ਇਸ ਤੋਂ ਬਾਅਦ ਮਾਮਲਾ ਈਡੀ ਤੱਕ ਪਹੁੰਚਿਆ ਅਤੇ ਮਨੀ ਲਾਂਡਰਿੰਗ ਐਂਗਲ ਤੋਂ ਜਾਂਚ ਸ਼ੁਰੂ ਕੀਤੀ ਗਈ।
ਸੂਤਰਾਂ ਮੁਤਾਬਕ ਬੀਤੇ ਦਿਨ ਗਮਾਡਾ ਦੇ ਕੁਝ ਅਧਿਕਾਰੀਆਂ ਨੂੰ ਵੀ ਜਲੰਧਰ ਤਲਬ ਕੀਤਾ ਗਿਆ ਸੀ, ਜਿਨ੍ਹਾਂ ਤੋਂ ਪ੍ਰੋਜੈਕਟ ਨਾਲ ਸੰਬੰਧਿਤ ਮਨਜ਼ੂਰੀਆਂ ਅਤੇ ਦਸਤਾਵੇਜ਼ਾਂ ਬਾਰੇ ਪੁੱਛਗਿੱਛ ਕੀਤੀ ਗਈ। ਇਸ ਤੋਂ ਪਹਿਲਾਂ ਈਡੀ ਵੱਲੋਂ ਅਜੇ ਸਹਿਗਲ ਨੂੰ ਸੰਮਨ ਜਾਰੀ ਕਰਕੇ ਜਾਂਚ ਵਿੱਚ ਸ਼ਾਮਲ ਹੋਣ ਲਈ ਕਿਹਾ ਗਿਆ ਸੀ।
ਹੁਣ ਈਡੀ ਅਜੇ ਸਹਿਗਲ ਨੂੰ ਮੁਹਾਲੀ ਦੀ ਅਦਾਲਤ ਵਿੱਚ ਪੇਸ਼ ਕਰੇਗੀ, ਜਿੱਥੇ ਏਜੰਸੀ ਉਸਦਾ ਰਿਮਾਂਡ ਮੰਗ ਸਕਦੀ ਹੈ ਤਾਂ ਜੋ ਮਾਮਲੇ ਨਾਲ ਜੁੜੇ ਹੋਰ ਤੱਥ ਸਾਹਮਣੇ ਲਿਆਂਦੇ ਜਾ ਸਕਣ। ਇਸ ਕਾਰਵਾਈ ਤੋਂ ਬਾਅਦ ਰੀਅਲ ਅਸਟੇਟ ਖੇਤਰ ਵਿੱਚ ਵੀ ਹਲਚਲ ਮਚ ਗਈ ਹੈ।

Have any thoughts?
Share your reaction or leave a quick response — we’d love to hear what you think!
