ਨਵੀਂ ਦਿੱਲੀ / ਜਲੰਧਰ, 2 ਅਪ੍ਰੈਲ : ਆਮ ਆਦਮੀ ਪਾਰਟੀ (AAP) ਨੇ ਰਾਜ ਸਭਾ ਵਿੱਚ ਆਪਣੀ ਲੀਡਰਸ਼ਿਪ ਨੂੰ ਲੈ ਕੇ ਇੱਕ ਵੱਡਾ ਬਦਲਾਅ ਕੀਤਾ ਹੈ। ਪਾਰਟੀ ਨੇ ਸੀਨੀਅਰ ਆਗੂ ਰਾਘਵ ਚੱਢਾ ਨੂੰ ਰਾਜ ਸਭਾ ਵਿੱਚ ਡਿਪਟੀ ਲੀਡਰ (ਉਪ ਨੇਤਾ) ਦੇ ਅਹੁਦੇ ਤੋਂ ਹਟਾ ਦਿੱਤਾ ਹੈ। ਉਨ੍ਹਾਂ ਦੀ ਥਾਂ ‘ਤੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਦੇ ਚਾਂਸਲਰ ਅਤੇ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਨੂੰ ਨਵਾਂ ਡਿਪਟੀ ਲੀਡਰ ਨਿਯੁਕਤ ਕੀਤਾ ਗਿਆ ਹੈ।
ਆਮ ਆਦਮੀ ਪਾਰਟੀ ਨੇ ਰਾਜ ਸਭਾ ਸਕੱਤਰੇਤ ਨੂੰ ਪੱਤਰ ਲਿਖ ਕੇ ਬੇਨਤੀ ਕੀਤੀ ਹੈ ਕਿ ਰਾਘਵ ਚੱਢਾ ਨੂੰ ਉਪਰਲੇ ਸਦਨ ਵਿੱਚ ਪਾਰਟੀ ਦੇ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਇਆ ਜਾਵੇ ਅਤੇ ਉਨ੍ਹਾਂ ਨੂੰ ‘ਆਪ’ ਦੇ ਕੋਟੇ ਵਿੱਚੋਂ ਬੋਲਣ ਦਾ ਸਮਾਂ ਨਾ ਦਿੱਤਾ ਜਾਵੇ। ‘ਆਪ’ ਨੇ ਇਹ ਵੀ ਬੇਨਤੀ ਕੀਤੀ ਕਿ ਅਸ਼ੋਕ ਮਿੱਤਲ ਨੂੰ ਉਪਰਲੇ ਸਦਨ ਵਿੱਚ ਪਾਰਟੀ ਦਾ ਡਿਪਟੀ ਲੀਡਰ ਨਿਯੁਕਤ ਕੀਤਾ ਜਾਵੇ।
ਅਸ਼ੋਕ ਮਿੱਤਲ ਦਾ ਵਧਿਆ ਕੱਦ: ਪੰਜਾਬ ਦੇ ਉੱਘੇ ਸਿੱਖਿਆ ਸ਼ਾਸਤਰੀ ਅਤੇ ਐਲ.ਪੀ.ਯੂ. ਦੇ ਸੰਸਥਾਪਕ ਅਸ਼ੋਕ ਮਿੱਤਲ ਨੂੰ ਪਾਰਟੀ ਹਾਈਕਮਾਂਡ ਵੱਲੋਂ ਇਹ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ, ਜਿਸ ਨਾਲ ਉਨ੍ਹਾਂ ਦਾ ਸਿਆਸੀ ਕੱਦ ਹੋਰ ਉੱਚਾ ਹੋ ਗਿਆ ਹੈ।
ਸਿਆਸੀ ਮਾਹਿਰਾਂ ਅਨੁਸਾਰ ਇਹ ਫੇਰਬਦਲ ਆਮ ਆਦਮੀ ਪਾਰਟੀ ਦੀ ਅੰਦਰੂਨੀ ਰਣਨੀਤੀ ਅਤੇ ਸੰਸਦ ਵਿੱਚ ਕੰਮਕਾਜ ਦੀ ਵੰਡ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦਾ ਹਿੱਸਾ ਹੋ ਸਕਦਾ ਹੈ।
ਪੰਜਾਬ ਤੋਂ ਰਾਜ ਸਭਾ ਲਈ ਚੁਣੇ ਗਏ ਅਸ਼ੋਕ ਮਿੱਤਲ ਹੁਣ ਰਾਜ ਸਭਾ ਵਿੱਚ ਪਾਰਟੀ ਦੀ ਰਣਨੀਤੀ ਤੈਅ ਕਰਨ ਅਤੇ ਅਹਿਮ ਮੁੱਦਿਆਂ ‘ਤੇ ਪਾਰਟੀ ਦਾ ਪੱਖ ਮਜ਼ਬੂਤੀ ਨਾਲ ਰੱਖਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਇੱਕ ਸਿੱਖਿਆ ਸ਼ਾਸਤਰੀ ਵਜੋਂ ਉਨ੍ਹਾਂ ਦੇ ਤਜ਼ਰਬੇ ਨੂੰ ਦੇਖਦਿਆਂ ਪਾਰਟੀ ਨੇ ਉਨ੍ਹਾਂ ‘ਤੇ ਇਹ ਵੱਡਾ ਭਰੋਸਾ ਜਤਾਇਆ ਹੈ।
ਰਾਘਵ ਚੱਢਾ ਆਮ ਆਦਮੀ ਪਾਰਟੀ ਦੇ ਸਭ ਤੋਂ ਪ੍ਰਮੁੱਖ ਅਤੇ ਨੌਜਵਾਨ ਚਿਹਰਿਆਂ ਵਿੱਚੋਂ ਇੱਕ ਹਨ। ਉਹ ਲੰਬੇ ਸਮੇਂ ਤੋਂ ਇਸ ਅਹੁਦੇ ‘ਤੇ ਪਾਰਟੀ ਲਈ ਆਵਾਜ਼ ਬੁਲੰਦ ਕਰਦੇ ਆ ਰਹੇ ਸਨ। ਮੰਨਿਆ ਜਾ ਰਿਹਾ ਹੈ ਕਿ ਪਾਰਟੀ ਆਉਣ ਵਾਲੇ ਸਮੇਂ ਵਿੱਚ ਉਨ੍ਹਾਂ ਨੂੰ ਜਥੇਬੰਦਕ ਜਾਂ ਕਿਸੇ ਹੋਰ ਮੋਰਚੇ ‘ਤੇ ਕੋਈ ਨਵੀਂ ਜ਼ਿੰਮੇਵਾਰੀ ਸੌਂਪ ਸਕਦੀ ਹੈ। ਹੁਣ ਇਸ ਮਾਮਲੇ ਹਾਲੇ ਤੱਕ ਰਾਘਵ ਚੱਢਾ ਵੱਲੋਂ ਕੋਈ ਜਵਾਬ ਨਹੀਂ ਆਇਆ ਹੈ।
ਇਹ ਨਵਾਂ ਬਦਲਾਅ ਆਉਣ ਵਾਲੇ ਸੰਸਦੀ ਸੈਸ਼ਨਾਂ ਵਿੱਚ ਪਾਰਟੀ ਦੀ ਰਣਨੀਤੀ ਅਤੇ ਕਾਰਜਪ੍ਰਣਾਲੀ ‘ਤੇ ਕੀ ਅਸਰ ਪਾਉਂਦਾ ਹੈ, ਇਹ ਦੇਖਣਾ ਅਹਿਮ ਹੋਵੇਗਾ।

Have any thoughts?
Share your reaction or leave a quick response — we’d love to hear what you think!
