ਮਜੀਠਾ/ਜੰਡਿਆਲਾ ਗੁਰੂ : ਕੈਬਿਨੇਟ ਮੰਤਰੀ ਅਮਨ ਅਰੋੜਾ ਅਤੇ ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਮਜੀਠਾ ਅਤੇ ਜੰਡਿਆਲਾ ਗੁਰੂ ਵਿਖੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਅਤੇ ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ ਦੇ ਹੱਕ ਵਿੱਚ ਇੱਕ ਵਿਸ਼ਾਲ ਚੋਣ ਰੈਲੀ ਨੂੰ ਸੰਬੋਧਨ ਕੀਤਾ। ਇਸ ਮੌਕੇ ਦੋਵਾਂ ਮੰਤਰੀਆਂ ਨੇ ਵਿਰੋਧੀ ਧਿਰਾਂ, ਖਾਸਕਰ ਕਾਂਗਰਸ ਅਤੇ ਅਕਾਲੀ ਦਲ ‘ਤੇ ਤਿੱਖੇ ਹਮਲੇ ਕੀਤੇ ਅਤੇ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਈਆਂ।
ਰੈਲੀ ਨੂੰ ਸੰਬੋਧਨ ਕਰਦਿਆਂ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਾਂਗਰਸ ਪਾਰਟੀ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਮਜੀਠਾ ਹਲਕੇ ਵਿੱਚ ਕਾਂਗਰਸ ਵੱਲੋਂ ਚੋਣਾਂ ਦਾ ਬਾਈਕਾਟ ਕਰਨਾ ਅਸਲ ਵਿੱਚ ਉਨ੍ਹਾਂ ਦੀ ਹਾਰ ਦਾ ਡਰ ਹੈ। ਉਨ੍ਹਾਂ ਕਿਹਾ ਕਿ ਉਹ ਹੈਰਾਨ ਹਨ ਕਿ ਕਾਂਗਰਸ ਮੈਦਾਨ ਛੱਡ ਕੇ ਭੱਜ ਗਈ ਹੈ। ਈ.ਟੀ.ਓ. ਨੇ ਦੋਸ਼ ਲਾਇਆ ਕਿ ਹਲਕੇ ਵਿੱਚ ਕਾਂਗਰਸ ਅਤੇ ਅਕਾਲੀ ਦਲ ਅੰਦਰਖਾਤੇ ਰਲ ਚੁੱਕੇ ਹਨ ਅਤੇ ਇਕੱਠੇ ਹੋ ਕੇ ਪ੍ਰਚਾਰ ਕਰ ਰਹੇ ਹਨ, ਪਰ ਜਨਤਾ ਇਸ ਵਾਰ ਇਨ੍ਹਾਂ ਦੀ ਦਾਲ ਨਹੀਂ ਗਲਣ ਦੇਵੇਗੀ। ਉਨ੍ਹਾਂ ਦਾਅਵਾ ਕੀਤਾ ਕਿ ਤਲਬੀਰ ਸਿੰਘ ਗਿੱਲ ਦੀ ਅਗਵਾਈ ਹੇਠ ਪਾਰਟੀ 33 ਦੀਆਂ 33 ਬਲਾਕ ਸੰਮਤੀ ਸੀਟਾਂ ਅਤੇ ਚਾਰੇ ਜ਼ਿਲ੍ਹਾ ਪ੍ਰੀਸ਼ਦ ਸੀਟਾਂ ਜਿੱਤ ਕੇ ਇਤਿਹਾਸ ਰਚੇਗੀ। ਉਨ੍ਹਾਂ ਕਿਹਾ ਕਿ ਅੱਜ ਦਾ ਇਹ ਇਕੱਠ ਸਿਰਫ਼ ਪੰਚਾਇਤੀ ਚੋਣਾਂ ਦੀ ਜਿੱਤ ਨਹੀਂ, ਸਗੋਂ 2027 ਵਿੱਚ ਦੁਬਾਰਾ ‘ਆਪ’ ਸਰਕਾਰ ਬਣਾਉਣ ਦੀ ਨੀਂਹ ਹੈ।
ਇਸ ਮੌਕੇ ਕੈਬਿਨੇਟ ਮੰਤਰੀ ਅਤੇ ‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਮਜੀਠਾ ਦੀ ਧਰਤੀ ਨੇ ਵੱਡੇ-ਵੱਡੇ ਸਿਆਸੀ ਘਰਾਣਿਆਂ ਨੂੰ ਤਾਜ ਪਹਿਨਾਏ, ਪਰ ਬਦਲੇ ਵਿੱਚ ਉਨ੍ਹਾਂ ਨੇ ਲੋਕਾਂ, ਪੰਜਾਬ ਦੀ ਜਵਾਨੀ ਅਤੇ ਕਿਸਾਨੀ ਦੀ ਪਿੱਠ ਵਿੱਚ ਛੁਰਾ ਮਾਰਿਆ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਨੌਜਵਾਨਾਂ ਨੂੰ ਨੌਕਰੀਆਂ ਸਿਰਫ਼ ਰਿਸ਼ਵਤ ਦੇ ਕੇ ਮਿਲਦੀਆਂ ਸਨ, ਪਰ ਭਗਵੰਤ ਮਾਨ ਸਰਕਾਰ ਨੇ ਪੌਣੇ ਚਾਰ ਸਾਲਾਂ ਵਿੱਚ 60,000 ਤੋਂ ਵੱਧ ਨੌਕਰੀਆਂ ਬਿਨਾਂ ਕਿਸੇ ਸਿਫ਼ਾਰਿਸ਼ ਅਤੇ ਰਿਸ਼ਵਤ ਦੇ ਕਾਬਲੀਅਤ ਦੇ ਆਧਾਰ ‘ਤੇ ਦਿੱਤੀਆਂ ਹਨ।
ਅਮਨ ਅਰੋੜਾ ਨੇ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਅੱਜ ਹਰ ਘਰ ਨੂੰ 600 ਯੂਨਿਟ ਮੁਫ਼ਤ ਬਿਜਲੀ ਮਿਲ ਰਹੀ ਹੈ, ਜਿਸ ਨਾਲ ਲੋਕਾਂ ਦੇ ਬਿੱਲ ਜ਼ੀਰੋ ਹੋਏ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਕਿਸਾਨਾਂ ਨੂੰ ਝੋਨੇ ਦੇ ਸੀਜ਼ਨ ਵਿੱਚ ਬਿਜਲੀ ਲਈ ਰਾਤਾਂ ਜਾਗ ਕੇ ਕੱਟਣੀਆਂ ਪੈਂਦੀਆਂ ਸਨ, ਪਰ ਹੁਣ ਦਿਨ ਵੇਲੇ ਨਿਰਵਿਘਨ ਬਿਜਲੀ ਦਿੱਤੀ ਜਾ ਰਹੀ ਹੈ। ਨਹਿਰੀ ਪਾਣੀ ਦੇ ਮੁੱਦੇ ‘ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਵਿਰੋਧੀ ਧਿਰਾਂ ਸਿਰਫ਼ ਐਸ.ਵਾਈ.ਐਲ. ਦੇ ਨਾਂ ‘ਤੇ ਰਾਜਨੀਤੀ ਕਰਦੀਆਂ ਰਹੀਆਂ, ਜਦਕਿ ਮਾਨ ਸਰਕਾਰ ਨੇ ਹਜ਼ਾਰਾਂ ਕਿਲੋਮੀਟਰ ਅੰਡਰਗਰਾਊਂਡ ਪਾਈਪਾਂ ਵਿਛਾ ਕੇ ਖੇਤਾਂ ਤੱਕ ਪਾਣੀ ਪਹੁੰਚਾਇਆ ਹੈ।
ਅਮਨ ਅਰੋੜਾ ਨੇ ਇੱਕ ਵੱਡਾ ਐਲਾਨ ਕਰਦਿਆਂ ਕਿਹਾ ਕਿ ਆਉਣ ਵਾਲੇ ਦੋ-ਤਿੰਨ ਮਹੀਨਿਆਂ ਵਿੱਚ ਪੰਜਾਬ ਸਰਕਾਰ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦੀ ਮੁਫ਼ਤ ਇਲਾਜ ਸਹੂਲਤ (ਕੈਸ਼ਲੈੱਸ ਹੈਲਥ ਸਕੀਮ) ਦੇਣ ਜਾ ਰਹੀ ਹੈ, ਜਿਸ ਨਾਲ ਕਿਸੇ ਵੀ ਗਰੀਬ ਨੂੰ ਇਲਾਜ ਲਈ ਆਪਣੀ ਜੇਬ ਢਿੱਲੀ ਨਹੀਂ ਕਰਨੀ ਪਵੇਗੀ।
ਅੰਤ ਵਿੱਚ ਦੋਵਾਂ ਆਗੂਆਂ ਨੇ ਵੋਟਰਾਂ ਨੂੰ ਅਪੀਲ ਕੀਤੀ ਕਿ ਵਿਕਾਸ ਦੀ ਲੜੀ ਨੂੰ ਚੰਡੀਗੜ੍ਹ ਤੋਂ ਪਿੰਡਾਂ ਤੱਕ ਜੋੜਨ ਲਈ 14 ਤਰੀਕ ਨੂੰ ‘ਆਪ’ ਉਮੀਦਵਾਰਾਂ ਦੇ ਹੱਕ ਵਿੱਚ ਭੁਗਤਿਆ ਜਾਵੇ। ਉਨ੍ਹਾਂ ਕਿਹਾ ਕਿ ਜਦੋਂ ਸਰਕਾਰ, ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਇੱਕੋ ਪਾਰਟੀ ਦੀ ਹੋਵੇਗੀ ਤਾਂ ਗ੍ਰਾਂਟਾਂ ਦੇ ਗੱਫੇ ਲੱਗ ਜਾਣਗੇ ਅਤੇ ਮਜੀਠਾ ਹਲਕੇ ਦੀ ਨੁਹਾਰ ਬਦਲ ਦਿੱਤੀ ਜਾਵੇਗੀ।

Have any thoughts?
Share your reaction or leave a quick response — we’d love to hear what you think!
