ਪੰਜਾਬ ਦੀ ਨਾਭਾ ਜੇਲ੍ਹ ਵਿੱਚ ਬੰਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਜਾਨ ਨੂੰ ਲੈ ਕੇ ਵੱਡੀ ਚੇਤਾਵਨੀ ਸਾਹਮਣੇ ਆਈ ਹੈ। ਖੁਫੀਆ ਏਜੰਸੀਆਂ ਵੱਲੋਂ ਮਿਲੀ ਗੁਪਤ ਜਾਣਕਾਰੀ ਨੇ ਸੁਰੱਖਿਆ ਪ੍ਰਬੰਧਾਂ ‘ਚ ਹੜਕੰਪ ਮਚਾ ਦਿੱਤਾ ਹੈ।
ਖੁਫੀਆ ਵਿਭਾਗ ਵੱਲੋਂ ਜਾਰੀ ਕੀਤੇ ਗਏ ਇੱਕ ਅਤਿ-ਗੁਪਤ ਪੱਤਰ ਤੋਂ ਬਾਅਦ ਨਾਭਾ ਜੇਲ੍ਹ ਪ੍ਰਸ਼ਾਸਨ, ਪੰਜਾਬ ਪੁਲਿਸ ਅਤੇ ਹੋਰ ਸੁਰੱਖਿਆ ਏਜੰਸੀਆਂ ਨੂੰ ਤੁਰੰਤ ਹਾਈ ਅਲਰਟ ‘ਤੇ ਰੱਖਿਆ ਗਿਆ ਹੈ। ਇਹ ਚੇਤਾਵਨੀ ਬਹੁਤ ਸੰਵੇਦਨਸ਼ੀਲ ਮੰਨੀ ਜਾ ਰਹੀ ਹੈ।
ਸੂਤਰਾਂ ਮੁਤਾਬਕ, ਪਾਕਿਸਤਾਨ ਅਧਾਰਿਤ ਅੱਤਵਾਦੀ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ ਵੱਲੋਂ ਬਿਕਰਮ ਸਿੰਘ ਮਜੀਠੀਆ ਨੂੰ ਨਿਸ਼ਾਨਾ ਬਣਾਉਣ ਦੀ ਯੋਜਨਾ ਬਣਾਈ ਜਾ ਰਹੀ ਹੈ। ਇਹ ਜਾਣਕਾਰੀ ਇੱਕ ਕੇਂਦਰੀ ਸੁਰੱਖਿਆ ਏਜੰਸੀ ਵੱਲੋਂ ਪੰਜਾਬ ਪੁਲਸ ਨਾਲ ਸਾਂਝੀ ਕੀਤੀ ਗਈ ਹੈ।
ਇਸ ਮਾਮਲੇ ‘ਚ ਮਿਲੀ ਖੁਫੀਆ ਜਾਣਕਾਰੀ ਤੋਂ ਬਾਅਦ ਪੰਜਾਬ ਪੁਲਸ ਦੇ ਸਪੈਸ਼ਲ ਡਾਇਰੈਕਟਰ ਜਨਰਲ ਆਫ ਪੁਲਸ (ਇੰਟੈਲੀਜੈਂਸ) ਵੱਲੋਂ ਇੱਕ ਅਹਿਮ ਈ-ਮੇਲ ਜਾਰੀ ਕੀਤੀ ਗਈ, ਜਿਸ ਵਿੱਚ ਖ਼ਤਰੇ ਨੂੰ ਗੰਭੀਰ ਦੱਸਿਆ ਗਿਆ ਹੈ।
ਬਿਕਰਮ ਮਜੀਠੀਆ ਇਸ ਸਮੇਂ ਨਾਭਾ ਜੇਲ੍ਹ ਵਿੱਚ ਬੰਦ ਹਨ ਅਤੇ ਇਸ ਖੁਲਾਸੇ ਤੋਂ ਬਾਅਦ ਜੇਲ੍ਹ ਦੇ ਅੰਦਰ ਅਤੇ ਬਾਹਰ ਸੁਰੱਖਿਆ ਪ੍ਰਬੰਧ ਕਾਫ਼ੀ ਵਧਾ ਦਿੱਤੇ ਗਏ ਹਨ। ਜੇਲ੍ਹ ‘ਚ ਆਉਣ-ਜਾਣ ਵਾਲੇ ਹਰ ਵਿਅਕਤੀ ‘ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ।
3 ਜਨਵਰੀ 2026 ਨੂੰ ਜਾਰੀ ਕੀਤੇ ਗਏ ਨੋਟਿਸ ਤੋਂ ਬਾਅਦ ਪੁਲਿਸ ਅਤੇ ਜੇਲ੍ਹ ਵਿਭਾਗ ਵਿੱਚ ਹੜਕੰਪ ਮਚ ਗਿਆ। ਮਾਮਲੇ ਦੀ ਸੰਵੇਦਨਸ਼ੀਲਤਾ ਦੇ ਚਲਦੇ ਉੱਚ ਅਧਿਕਾਰੀਆਂ ਨੂੰ ਤੁਰੰਤ ਸੂਚਿਤ ਕੀਤਾ ਗਿਆ।





