- ਕਿਹਾ, ਪੰਜਾਬ ਸਰਕਾਰ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਦੁਨੀਆ ਭਰ ਵਿੱਚ ਫੈਲਾਉਣ ਲਈ ਵਚਨਬੱਧ
ਜਲੰਧਰ, 29 ਜਨਵਰੀ : ਪੰਜਾਬ ਦੇ ਬਾਗਬਾਨੀ, ਰੱਖਿਆ ਸੇਵਾਵਾਂ ਭਲਾਈ ਅਤੇ ਸੁਤੰਤਰਤਾ ਸੈਨਾਨੀ ਮੰਤਰੀ ਮੋਹਿੰਦਰ ਭਗਤ ਨੇ ਸ਼ੁੱਕਰਵਾਰ ਨੂੰ ਸ਼੍ਰੀ ਗੁਰੂ ਰਵਿਦਾਸ ਜੀ ਦੇ 649ਵੇਂ ਪ੍ਰਕਾਸ਼ ਪੁਰਬ ਸਮਾਰੋਹਾਂ ਤੋਂ ਪਹਿਲਾਂ ਸ਼ਹਿਰ ਦੇ ਮੁੱਖ ਚੌਕ ਸ਼੍ਰੀ ਗੁਰੂ ਰਵਿਦਾਸ ਚੌਕ ਦਾ ਉਦਘਾਟਨ ਕੀਤਾ।
ਮੇਅਰ ਵਿਨੀਤ ਧੀਰ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅਮ੍ਰਿਤਪਾਲ ਸਿੰਘ ਅਤੇ ਸੀਨੀਅਰ ਆਪ ਆਗੂ ਰਾਜਵਿੰਦਰ ਕੌਰ ਥਿਆੜਾ ਦੀ ਹਾਜ਼ਰੀ ਵਿੱਚ ਕੈਬਨਿਟ ਮੰਤਰੀ ਨੇ ਨਗਰ ਨਿਗਮ ਜਲੰਧਰ ਦੀ ਸ਼ਲਾਘਾ ਕੀਤੀ ਕਿ ਉਨ੍ਹਾਂ ਨੇ ਰਿਕਾਰਡ ਸਮੇਂ ਵਿੱਚ ਨਵੀਨੀਕਰਨ ਦਾ ਕੰਮ ਮੁਕੰਮਲ ਕੀਤਾ।
ਸ਼੍ਰੀ ਗੁਰੂ ਰਵਿਦਾਸ ਜੀ ਦੇ 649ਵੇਂ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ‘ਤੇ ਸੂਬੇ ਅਤੇ ਦੇਸ਼ ਦੇ ਲੋਕਾਂ ਨੂੰ ਵਧਾਈਆਂ ਦਿੰਦਿਆਂ ਸ੍ਰੀ ਭਗਤ ਨੇ ਕਿਹਾ ਕਿ ਹਰ ਸਾਲ ਭਾਰਤ ਅਤੇ ਵਿਦੇਸ਼ਾਂ ਤੋਂ ਵੱਡੀ ਗਿਣਤੀ ਵਿੱਚ ਸ਼ਰਧਾਲੂ ਬੂਟਾ ਮੰਡੀ ਵਿਖੇ ਸ੍ਰੀ ਗੁਰੂ ਰਵਿਦਾਸ ਧਾਮ ਵਿੱਚ ਮੱਥਾ ਟੇਕਣ ਲਈ ਆਉਂਦੇ ਹਨ। ਉਨ੍ਹਾਂ ਦੀਆਂ ਭਾਵਨਾਵਾਂ ਅਤੇ ਆਸਥਾ ਨੂੰ ਧਿਆਨ ਵਿੱਚ ਰੱਖਦਿਆਂ, ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸੰਗਤ ਲਈ ਬਿਹਤਰ ਸੁਵਿਧਾਵਾਂ ਯਕੀਨੀ ਬਣਾਉਣ ਵਾਸਤੇ ਚੌਕ ਦੇ ਸੁੰਦਰੀਕਰਨ ਸਮੇਤ ਕਈ ਪਹਿਲਕਦਮੀਆਂ ਕੀਤੀਆਂ ਹਨ।
ਉਨ੍ਹਾਂ ਕਿਹਾ ਕਿ ਗੁਰੂ ਰਵਿਦਾਸ ਜੀ ਨੂੰ ਸਮਰਪਿਤ ਨਵੀਨੀਕਰਨ ਕੀਤਾ ਗਿਆ ਇਹ ਚੌਕ ਨਾ ਸਿਰਫ਼ ਸ਼ਹਿਰ ਦੀ ਸੁੰਦਰਤਾ ਵਿੱਚ ਵਾਧਾ ਕਰੇਗਾ, ਸਗੋਂ ਪ੍ਰਕਾਸ਼ ਪੁਰਬ ਸਮਾਰੋਹਾਂ ਵਿੱਚ ਸ਼ਾਮਲ ਹੋਣ ਵਾਲੇ ਸ਼ਰਧਾਲੂਆਂ ਲਈ ਖਿੱਚ ਦਾ ਕੇਂਦਰ ਰਹੇਗਾ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੀਤੇ ਇਤਿਹਾਸਕ ਫੈਸਲੇ ਤਹਿਤ ਜਲੰਧਰ ਜ਼ਿਲ੍ਹੇ ਵਿੱਚ ਡੇਰਾ ਬੱਲਾਂ ਨਜ਼ਦੀਕ ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਸੈਂਟਰ ਬਣਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਦੇਸ਼ ਭਰ ਵਿੱਚ ਇਹ ਆਪਣੇ ਆਪ ਵਿੱਚ ਇੱਕ ਵਿਸ਼ੇਸ਼ ਉਪਰਾਲਾ ਹੈ, ਜਿਸ ਲਈ ਪੰਜਾਬ ਸਰਕਾਰ ਨੇ ਸਾਢੇ 10 ਕਰੋੜ ਰੁਪਏ ਦੀ ਲਾਗਤ ਨਾਲ 9 ਏਕੜ ਤੋਂ ਵੱਧ ਜ਼ਮੀਨ ਅਧਿਐਨ ਸੈਂਟਰ ਦੇ ਨਾਂ ਦਰਜ ਕੀਤੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਅਤੇ ਵਿਚਾਰਧਾਰਾ ਨੂੰ ਪੂਰੀ ਦੁਨੀਆਂ ਤੱਕ ਪਹੁੰਚਾਉਣ ਲਈ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ।
ਕੈਬਨਿਟ ਮੰਤਰੀ ਨੇ ਗੂਰੁ ਰਵਿਦਾਸ ਬਾਣੀ ਅਧਿਐਨ ਸੈਂਟਰ ਲਈ ਜ਼ਮੀਨ ਦਾ ਕਾਰਜ ਮੁਕੰਮਲ ਕਰਵਾਉਣ ਲਈ ਪੰਜਾਬ ਸਰਕਾਰ ਦਾ ਧੰਨਵਾਦ ਵੀ ਪ੍ਰਗਟ ਕੀਤਾ।

Have any thoughts?
Share your reaction or leave a quick response — we’d love to hear what you think!
