ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਦੇ ਅੰਮ੍ਰਿਤਸਰ ਦੇ ਡਿਸਟ੍ਰਿਕਟ ਮੈਨੇਜਰ (DM) ਗਗਨਦੀਪ ਸਿੰਘ ਰੰਧਾਵਾ ਵੱਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ, ਉਨ੍ਹਾਂ ਨੇ ਇਸ ਖ਼ੌਫ਼ਨਾਕ ਕਦਮ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਇੱਕ ਮੰਤਰੀ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਜ਼ਹਿਰ ਨਿਗਲਣ ਤੋਂ ਪਹਿਲਾਂ ਉਨ੍ਹਾਂ ਨੇ ਇੱਕ ਵੀਡੀਓ ਵੀ ਬਣਾਈ ਸੀ, ਜੋ ਹੁਣ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਇਸ ਮੁੱਦੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੇ ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਦਿਆਂ ਦਾਅਵਾ ਕੀਤਾ ਹੈ ਕਿ DM ਨੇ ਮਰਨ ਤੋਂ ਪਹਿਲਾਂ ਮੰਤਰੀ ਲਾਲਜੀਤ ਸਿੰਘ ਭੁੱਲਰ ਦਾ ਨਾਮ ਲਿਆ ਹੈ।
ਮੰਤਰੀ ਲਾਲਜੀਤ ਭੁੱਲਰ ਦਾ ਅਸਤੀਫ਼ਾ ਅਤੇ ਮਾਮਲੇ ਦੀ ਉੱਚ ਪੱਧਰੀ ਜਾਂਚ ਦੇ ਆਦੇਸ਼
ਇਸ ਮੰਦਭਾਗੀ ਘਟਨਾ ਦਾ ਖੁਲਾਸਾ ਹੋਣ ਤੋਂ ਤੁਰੰਤ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਸਖ਼ਤ ਕਦਮ ਚੁੱਕਦਿਆਂ ਮੰਤਰੀ ਲਾਲਜੀਤ ਸਿੰਘ ਭੁੱਲਰ ਦਾ ਅਸਤੀਫ਼ਾ ਲੈ ਲਿਆ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਚੀਫ਼ ਸੈਕਟਰੀ ਕੇ.ਏ.ਪੀ. ਸਿਨਹਾ ਨੂੰ ਪੂਰੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਦੇ ਹੁਕਮ ਦਿੱਤੇ ਹਨ। ਦੱਸਿਆ ਜਾ ਰਿਹਾ ਹੈ ਕਿ ਗਗਨਦੀਪ ਸਿੰਘ ਰੰਧਾਵਾ ਅੰਮ੍ਰਿਤਸਰ ਅਤੇ ਤਰਨਤਾਰਨ ਵਿੱਚ ਆਪਣੀਆਂ ਸੇਵਾਵਾਂ ਨਿਭਾ ਰਹੇ ਸਨ। ਘਟਨਾ ਤੋਂ ਬਾਅਦ ਉਨ੍ਹਾਂ ਨੂੰ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ, ਜਿੱਥੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ।
ਡੀਐਮ ਦੇ ਮੌਤ ਮਗਰੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਮਾਨ ਸਰਕਾਰ ਨੂੰ ਘੇਰਿਆ। ਉਨ੍ਹਾਂ ਨੇ ਕਿਹਾ ਕਿ ਲਾਲਜੀਤ ਸਿੰਘ ਭੁੱਲਰ ਖਿਲਾਫ਼ 302 ਦਾ ਮੁਕੱਦਮਾ ਦਰਜ ਕਰਕੇ ਗ੍ਰਿਫਤਾਰੀ ਦੀ ਮੰਗ ਕੀਤੀ ਹੈ।
ਲਾਲਜੀਤ ਸਿੰਘ ਭੁੱਲਰ ਨੇ ਸੋਸ਼ਲ ਮੀਡੀਆ ਤੇ ਦਾਅਵਾ ਕੀਤਾ ਉਨ੍ਹਾਂ ‘ਤੇ ਲੱਗੇ ਇਲਜ਼ਾਮ ਝੂਠੇ
ਉਧਰ, ਲਾਲਜੀਤ ਸਿੰਘ ਭੁੱਲਰ ਨੇ ਸੋਸ਼ਲ ਮੀਡੀਆ ਉਤੇ ਪੋਸਟ ਪਾ ਕੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਉਤੇ ਲੱਗੇ ਇਲਜ਼ਾਮ ਝੂਠੇ ਹਨ। ਉਨ੍ਹਾਂ ਨੇ ਆਪਣੇ ਫੇਸਬੁਕ ਸਫੇ ਉਤੇ ਲਿਖਿਆ ਹੈ—
ਉਨ੍ਹਾਂ ਨੇ ਲਿਖਿਆ ਹੈ- ”’ਦਾਸ ਉੱਪਰ ਜੋ ਇਲਜ਼ਾਮ ਲੱਗ ਰਹੇ ਨੇ, ਉਹ ਬਿਲਕੁਲ ਬੇਬੁਨਿਆਦ ਅਤੇ ਝੂਠੇ ਨੇ ਪਰ ਸਾਡੀ ਪਾਰਟੀ ਹਮੇਸ਼ਾ ਸੱਚ ਦਾ ਸਾਥ ਦਿੰਦੀ ਹੈ ਤੇ ਹਮੇਸ਼ਾ ਸੱਚ ਦੇ ਨਾਲ ਖੜ੍ਹਦੀ ਹੈ। ਇਸ ਲਈ ਮੇਰੇ ਉਤੇ ਜੋ ਇਲਜ਼ਾਮ ਲੱਗੇ ਨੇ ਮੈਂ ਚਾਹੁੰਦਾ ਹਾਂ ਉਹਨਾਂ ਇਲਜ਼ਾਮਾਂ ਦੀ ਸਹੀ ਤਰੀਕੇ ਦੇ ਨਾਲ ਜਾਂਚ ਹੋਵੇ ਤਾਂ ਕਿ ਸਹੀ ਫੈਸਲਾ ਬਾਹਰ ਆ ਸਕੇ। ਇਸ ਕਰਕੇ ਜਿੰਨੀ ਦੇਰ ਤੱਕ ਇਹ ਜਾਂਚ ਪੂਰੀ ਨਹੀਂ ਹੋ ਜਾਂਦੀ, ਮੈਂ ਪਾਰਟੀ ਨੂੰ ਬੇਨਤੀ ਕਰਾਂਗਾ ਤੇ ਸਾਡੇ ਮਾਨਯੋਗ ਮੁੱਖ ਮੰਤਰੀ ਨੂੰ ਬੇਨਤੀ ਕਰਾਂਗਾ ਕਿ ਮੇਰਾ ਮੰਤਰੀ ਪਦ ਦਾ ਅਸਤੀਫਾ ਪ੍ਰਵਾਨ ਕੀਤਾ ਜਾਵੇ ਤਾਂ ਕਿ ਇਸ ਮਾਮਲੇ ਵਿੱਚ ਮੇਰਾ ਮੰਤਰੀ ਪਦ ਕੋਈ ਉੜਿੱਕਾ ਨਾ ਬਣੇ ਅਤੇ ਇਸ ਮਾਮਲੇ ਦੀ ਸਹੀ ਜਾਂਚ ਹੋਵੇ। ਸੋ, ਮੈਂ ਆਪਣਾ ਅਸਤੀਫਾ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਜੀ ਨੂੰ ਭੇਜ ਰਿਹਾ ਹਾਂ ਤਾਂ ਜੋ ਅੱਗੇ ਇਸ ਮਾਮਲੇ ਦੀ ਸਹੀ ਜਾਂਚ ਹੋ ਸਕੇ।

Have any thoughts?
Share your reaction or leave a quick response — we’d love to hear what you think!
