- ਜਲੰਧਰ ਕਮਿਸ਼ਨਰੇਟ ਪੁਲਿਸ ਦੀ CIA ਸਟਾਫ ਟੀਮ ਦੀ ਵੱਡੀ ਕਾਰਵਾਈ, ਮੁਲਜ਼ਮਾਂ ‘ਤੇ ਪਹਿਲਾਂ ਤੋਂ ਦਰਜ ਹਨ ਕਈ ਮਾਮਲੇ
ਜਲੰਧਰ, 17 ਮਈ : ਜਲੰਧਰ ਕਮਿਸ਼ਨਰੇਟ ਪੁਲਿਸ ਦੀ CIA ਸਟਾਫ ਟੀਮ ਨੇ ਗੈਂਗਸਟਰਾਂ ਖ਼ਿਲਾਫ਼ ਚਲਾਏ ਜਾ ਰਹੇ ਵਿਸ਼ੇਸ਼ ਅਭਿਆਨ ਤਹਿਤ ਵੱਡੀ ਸਫਲਤਾ ਹਾਸਲ ਕਰਦੇ ਹੋਏ ਗੈਂਗਸਟਰ ਗੋਲਡੀ ਬਰਾੜ ਦੇ ਚਾਰ ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ 8 ਨਾਜਾਇਜ਼ ਪਿਸਤੌਲ, 45 ਜਿੰਦਾ ਕਾਰਤੂਸ ਅਤੇ ਚਾਂਦੀ ਰੰਗ ਦੀ ਇੱਕ ਸਵਿਫਟ ਕਾਰ ਬਰਾਮਦ ਕੀਤੀ ਹੈ।
ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਦੱਸਿਆ ਕਿ DCP ਇਨਵੈਸਟੀਗੇਸ਼ਨ ਮਨਪ੍ਰੀਤ ਸਿੰਘ ਢਿੱਲੋਂ, ADCP ਇਨਵੈਸਟੀਗੇਸ਼ਨ ਜਯੰਤ ਪੁਰੀ ਅਤੇ ACP ਡਿਟੈਕਟਿਵ ਅਮਰਬੀਰ ਸਿੰਘ ਦੀ ਦੇਖ-ਰੇਖ ਹੇਠ CIA ਸਟਾਫ ਇੰਚਾਰਜ ਇੰਸਪੈਕਟਰ ਸੁਰਿੰਦਰ ਕੁਮਾਰ ਦੀ ਟੀਮ ਨੇ ਇਹ ਕਾਰਵਾਈ ਕੀਤੀ।
ਪੁਲਿਸ ਮੁਤਾਬਕ 17 ਮਈ 2026 ਨੂੰ CIA ਸਟਾਫ ਦੀ ਟੀਮ ਗਸ਼ਤ ਦੌਰਾਨ ਸੀ, ਜਦੋਂ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਕੁਝ ਨੌਜਵਾਨ ਨਾਜਾਇਜ਼ ਹਥਿਆਰਾਂ ਸਮੇਤ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ਵਿੱਚ ਘੁੰਮ ਰਹੇ ਹਨ। ਸੂਚਨਾ ਦੇ ਆਧਾਰ ‘ਤੇ ਥਾਣਾ ਡਿਵੀਜ਼ਨ ਨੰਬਰ-7 ਦੇ ਇਲਾਕੇ ਵਿੱਚ ਨਾਕਾਬੰਦੀ ਕਰਕੇ ਚੈਕਿੰਗ ਕੀਤੀ ਗਈ, ਜਿੱਥੋਂ ਚਾਰਾਂ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਗਿਆ।
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਸੁਖਵੰਤ ਸਿੰਘ ਉਰਫ਼ ਸੁੱਖਾ ਸ਼ੇਖੋਂ ਵਾਸੀ ਪਿੰਡ ਧੀਰਪੁਰ, ਜੁਗਰਾਜ ਸਿੰਘ ਵਾਸੀ ਧੀਰਪੁਰ, ਗੁਰਪ੍ਰੀਤ ਸਿੰਘ ਵਾਸੀ ਮਲੀਆਂ ਲੋਹੀਆਂ ਅਤੇ ਨੀਰਜ ਵਾਸੀ ਰਾਮਾਮੰਡੀ, ਜਲੰਧਰ ਵਜੋਂ ਹੋਈ ਹੈ।
ਪੁਲਿਸ ਨੇ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਥਾਣਾ ਡਿਵੀਜ਼ਨ ਨੰਬਰ-7 ਵਿੱਚ ਆਰਮਜ਼ ਐਕਟ ਦੀਆਂ ਵੱਖ-ਵੱਖ ਧਾਰਾਵਾਂ ਹੇਠ ਮਾਮਲਾ ਦਰਜ ਕੀਤਾ ਗਿਆ ਹੈ। ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਸੁਖਵੰਤ ਸਿੰਘ ਉਰਫ਼ ਸੁੱਖਾ ਸ਼ੇਖੋਂ ਖ਼ਿਲਾਫ਼ ਪਹਿਲਾਂ ਤੋਂ 10, ਜੁਗਰਾਜ ਸਿੰਘ ਅਤੇ ਗੁਰਪ੍ਰੀਤ ਸਿੰਘ ਖ਼ਿਲਾਫ਼ 4-4 ਅਪਰਾਧਿਕ ਮਾਮਲੇ ਦਰਜ ਹਨ, ਜਦਕਿ ਨੀਰਜ ਖ਼ਿਲਾਫ਼ ਪਹਿਲਾਂ ਕੋਈ ਮਾਮਲਾ ਦਰਜ ਨਹੀਂ ਸੀ।
ਮੁੱਢਲੀ ਪੁੱਛਗਿੱਛ ਦੌਰਾਨ ਸੁਖਵੰਤ ਸਿੰਘ ਨੇ ਖੁਲਾਸਾ ਕੀਤਾ ਕਿ ਉਹ ਆਪਣੇ ਸਾਥੀਆਂ ਨਾਲ ਮਿਲ ਕੇ ਗੋਲਡੀ ਬਰਾੜ ਦੇ ਕਹਿਣ ‘ਤੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕਤਲ, ਫਾਇਰਿੰਗ ਅਤੇ ਫਿਰੌਤੀ ਵਰਗੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਰਹੇ ਹਨ। ਪੁਲਿਸ ਹੁਣ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰੇਗੀ ਤਾਂ ਜੋ ਹੋਰ ਪੁੱਛਗਿੱਛ ਕੀਤੀ ਜਾ ਸਕੇ।

Have any thoughts?
Share your reaction or leave a quick response — we’d love to hear what you think!
