ਅੰਮ੍ਰਿਤਸਰ, 21 ਫ਼ਰਵਰੀ : ਸੰਨ 1921 ਵਿਚ ਵਾਪਰੇ ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਵਰਿੰਦਰ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ।ਅਰਦਾਸ ਭਾਈ ਬਲਜੀਤ ਸਿੰਘ ਨੇ ਕੀਤੀ ਅਤੇ ਸੰਗਤ ਨੂੰ ਪਾਵਨ ਹੁਕਮਨਾਮਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੇ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਸਰਵਣ ਕਰਵਾਇਆ।
ਇਸ ਮੌਕੇ ਕਥਾਵਾਚਕ ਭਾਈ ਹਰਮਿੱਤਰ ਸਿੰਘ ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦਾਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਦਿਆਂ ਕਿਹਾ ਕਿ ਸਾਡੇ ਪੁਰਖਿਆਂ ਨੇ ਗੁਰਦੁਆਰਾ ਸਾਹਿਬਾਨ ਨੇ ਪ੍ਰਬੰਧ ਨੂੰ ਪੰਥਕ ਹੱਥਾਂ ਵਿੱਚ ਲੈਣ ਲਈ ਅਨੇਕਾਂ ਕੁਰਬਾਨੀਆਂ ਦਿੱਤੀਆਂ। ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਨੂੰ ਅਖੌਤੀ ਮਹੰਤਾਂ ਤੋਂ ਅਜ਼ਾਦ ਕਰਵਾਉਣ ਲਈ ਸਿੱਖ ਯੋਧਿਆਂ ਨੇ ਜਿਸ ਦ੍ਰਿੜ੍ਹਤਾ ਅਤੇ ਦਲ੍ਹੇਰੀ ਦਾ ਪ੍ਰਗਟਾਵਾ ਕੀਤਾ, ਉਹ ਸਿੱਖ ਕੌਮ ਨੂੰ ਸੰਗਠਤ ਕਰਨ ਵਿਚ ਮੀਲ-ਪੱਥਰ ਸਾਬਤ ਹੋਇਆ। ਉਨ੍ਹਾਂ ਕਿਹਾ ਕਿ ਆਪਣੀਆਂ ਕੌਮੀ ਸੰਸਥਾਵਾਂ ਦੀ ਮਜ਼ਬੂਤੀ ਲਈ ਕੌਮ ਦੇ ਇਨ੍ਹਾਂ ਮਹਾਨ ਸ਼ਹੀਦਾਂ ਤੋਂ ਸੇਧ ਲੈ ਕੇ ਪੰਥਕ ਪਹਿਰੇਦਾਰੀ ਕਰਨੀ ਸਾਡਾ ਫਰਜ਼ ਹੈ। ਇਸੇ ਦੌਰਾਨ ਢਾਡੀ ਭਾਈ ਗੁਰਪ੍ਰੀਤ ਸਿੰਘ ਦੇ ਜਥੇ ਵੱਲੋਂ ਵੀ ਸੰਗਤ ਨੂੰ ਗੁਰ-ਇਤਿਹਾਸ ਨਾਲ ਜੋੜਿਆ ਗਿਆ।
ਸਮਾਗਮ ਸਮੇਂ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਜਸਪਾਲ ਸਿੰਘ ਢੱਡੇ, ਵਧੀਕ ਮੈਨੇਜਰ ਬਿਕਰਮਜੀਤ ਸਿੰਘ ਝੰਗੀ, ਜਸਬੀਰ ਸਿੰਘ, . ਗੁਰਤਿੰਦਪਾਲ ਸਿੰਘ ਕਾਦੀਆਂ, ਮੀਤ ਮੈਨੇਜਰ ਸ. ਦਿਲਬਾਗ ਸਿੰਘ ਆਦਿ ਮੌਜੂਦ ਸਨ।

Have any thoughts?
Share your reaction or leave a quick response — we’d love to hear what you think!
