- ਅਕਾਲ ਤਖ਼ਤ ਸਾਹਿਬ ਦਾ ਪੂਰਾ ਸਤਿਕਾਰ ਕਰਦਾ ਹਾਂ, ਬੇਅਦਬੀ ਵਿਰੋਧੀ ਸਖ਼ਤ ਕਾਨੂੰਨ ਕਾਰਨ ਮੇਰੇ ਖ਼ਿਲਾਫ਼ ਕੂੜ ਪ੍ਰਚਾਰ ਸ਼ੁਰੂ ਹੋਇਆ
ਚੰਡੀਗੜ੍ਹ, 16 ਜੂਨ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨਾਲ ਜੋੜੀ ਜਾ ਰਹੀ ਵਿਵਾਦਤ ਵੀਡੀਓ ਨੂੰ ਫਰਜ਼ੀ ਕਰਾਰ ਦਿੰਦਿਆਂ ਕਿਹਾ ਹੈ ਕਿ ਉਹ ਵੀਡੀਓ ਵਿੱਚ ਦਿਖਾਈ ਦੇਣ ਵਾਲੇ ਵਿਅਕਤੀ ਨਹੀਂ ਹਨ ਅਤੇ ਉਨ੍ਹਾਂ ਨੂੰ ਬਦਨਾਮ ਕਰਨ ਲਈ ਸਿਆਸੀ ਸਾਜ਼ਿਸ਼ ਰਚੀ ਜਾ ਰਹੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ਦੇ ਇਸ਼ਾਰੇ ’ਤੇ ਇਹ ਸਾਰਾ ਮਾਮਲਾ ਖੜ੍ਹਾ ਕੀਤਾ ਗਿਆ ਹੈ।
ਇੱਕ ਵੀਡੀਓ ਸੰਦੇਸ਼ ਅਤੇ ਸੋਸ਼ਲ ਮੀਡੀਆ ਪੋਸਟ ਰਾਹੀਂ ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਤੋਂ ਉਨ੍ਹਾਂ ਦੀ ਸਰਕਾਰ ਨੇ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਇਆ ਹੈ, ਉਦੋਂ ਤੋਂ ਹੀ ਉਨ੍ਹਾਂ ਖ਼ਿਲਾਫ਼ ਕੂੜ ਪ੍ਰਚਾਰ ਸ਼ੁਰੂ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਪਹਿਲਾਂ ਬੇਅਦਬੀ ’ਤੇ ਸਖ਼ਤ ਕਾਨੂੰਨ ਦੀ ਮੰਗ ਕਰਦੇ ਸਨ, ਉਹੀ ਹੁਣ ਇਸ ਕਾਨੂੰਨ ਦਾ ਵਿਰੋਧ ਕਰ ਰਹੇ ਹਨ।
ਭਗਵੰਤ ਮਾਨ ਨੇ ਕਿਹਾ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਿੱਖਾਂ ਦੀ ਸਰਵਉੱਚ ਸੰਸਥਾ ਮੰਨਦੇ ਹਨ ਅਤੇ ਹਮੇਸ਼ਾ ਪੂਰੇ ਸਤਿਕਾਰ ਨਾਲ ਇਸ ਅੱਗੇ ਸਿਰ ਝੁਕਾਉਂਦੇ ਰਹੇ ਹਨ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਮੱਥਾ ਲਾਉਣ ਬਾਰੇ ਉਹ ਕਦੇ ਸੋਚ ਵੀ ਨਹੀਂ ਸਕਦੇ ਅਤੇ ਨਾ ਹੀ ਉਨ੍ਹਾਂ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਅਜਿਹਾ ਕਰ ਸਕਦੀਆਂ ਹਨ।
ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਵੀਡੀਓ ਵਿੱਚ ਦਿਖਾਈ ਦੇਣ ਵਾਲੇ ਵਿਅਕਤੀ ਦੀ ਨਾ ਤਾਂ ਸਰੀਰਕ ਬਣਤਰ ਅਤੇ ਨਾ ਹੀ ਚਿਹਰਾ-ਮੋਹਰਾ ਉਨ੍ਹਾਂ ਨਾਲ ਮੇਲ ਖਾਂਦਾ ਹੈ। ਉਨ੍ਹਾਂ ਕਿਹਾ ਕਿ ਜਦੋਂ ਉਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਸੱਦਿਆ ਗਿਆ ਸੀ ਤਾਂ ਉਨ੍ਹਾਂ ਨੇ ਸਪੱਸ਼ਟ ਕਰ ਦਿੱਤਾ ਸੀ ਕਿ ਵੀਡੀਓ ਵਿੱਚ ਦਿਖਾਈ ਦੇਣ ਵਾਲਾ ਵਿਅਕਤੀ ਉਹ ਨਹੀਂ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਪਾਣੀ, ਜਵਾਨੀ, ਕਿਸਾਨੀ ਅਤੇ ਬਾਣੀ ਦੇ ਹੱਕ ਵਿੱਚ ਲਏ ਜਾ ਰਹੇ ਫੈਸਲੇ ਕੁਝ ਲੋਕਾਂ ਨੂੰ ਹਜ਼ਮ ਨਹੀਂ ਹੋ ਰਹੇ, ਜਿਸ ਕਾਰਨ ਉਨ੍ਹਾਂ ਦੇ ਅਕਸ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਕੁਝ ਧਾਰਮਿਕ ਅਹੁਦੇਦਾਰਾਂ ਨੂੰ ਸਿਆਸੀ ਮਕਸਦਾਂ ਲਈ ਵਰਤਿਆ ਜਾ ਰਿਹਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੰਗਤ ਭਲੀ-ਭਾਂਤ ਜਾਣਦੀ ਹੈ ਕਿ ਅਤੀਤ ਵਿੱਚ ਕਿਵੇਂ ਕੁਝ ਲੋਕਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਹਮਣੇ ਬੇਅਦਬੀ ਅਤੇ ਹੋਰ ਮਾਮਲਿਆਂ ਸਬੰਧੀ ਗਲਤੀਆਂ ਕਬੂਲ ਕੀਤੀਆਂ, ਪਰ ਬਾਅਦ ਵਿੱਚ ਆਪਣੇ ਬਿਆਨਾਂ ਤੋਂ ਮੁਕਰ ਗਏ। ਉਨ੍ਹਾਂ ਦਾਅਵਾ ਕੀਤਾ ਕਿ ਅਜਿਹੇ ਲੋਕਾਂ ਖ਼ਿਲਾਫ਼ ਕੋਈ ਸਖ਼ਤ ਕਾਰਵਾਈ ਨਹੀਂ ਹੋਈ।
ਸੰਗਤ ਨੂੰ ਅਪੀਲ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਉਹ ਕੂੜ ਪ੍ਰਚਾਰ ਅਤੇ ਗੁੰਮਰਾਹਕੁੰਨ ਮੁਹਿੰਮਾਂ ਦਾ ਸ਼ਿਕਾਰ ਨਾ ਹੋਣ। ਉਨ੍ਹਾਂ ਕਿਹਾ ਕਿ ਅੰਤਿਮ ਫੈਸਲਾ ਹਮੇਸ਼ਾ ਲੋਕਾਂ ਅਤੇ ਸੰਗਤ ਦਾ ਹੀ ਹੁੰਦਾ ਹੈ। ਮੁੱਖ ਮੰਤਰੀ ਨੇ ਦੁਹਰਾਇਆ ਕਿ ਉਹ ਪੰਜਾਬ ਅਤੇ ਪੰਜਾਬੀਆਂ ਦੇ ਹਿੱਤਾਂ ਲਈ ਡਟ ਕੇ ਫੈਸਲੇ ਲੈਂਦੇ ਰਹਿਣਗੇ।

Have any thoughts?
Share your reaction or leave a quick response — we’d love to hear what you think!
