Home ਪੰਜਾਬਪੰਜਾਬ ਨੂੰ ਮੁੜ ਮਜ਼ਬੂਤ ਬ੍ਰਾਂਡ ਬਣਾਵਾਂਗੇ, ਕਾਂਗਰਸ ਦੀ ਸਰਕਾਰ ਵੀ ਬਣਾਵਾਂਗੇ ਅਤੇ ਚੰਗੀ ਤਰ੍ਹਾਂ ਚਲਾਵਾਂਗੇ : ਪਰਗਟ ਸਿੰਘ

ਪੰਜਾਬ ਨੂੰ ਮੁੜ ਮਜ਼ਬੂਤ ਬ੍ਰਾਂਡ ਬਣਾਵਾਂਗੇ, ਕਾਂਗਰਸ ਦੀ ਸਰਕਾਰ ਵੀ ਬਣਾਵਾਂਗੇ ਅਤੇ ਚੰਗੀ ਤਰ੍ਹਾਂ ਚਲਾਵਾਂਗੇ : ਪਰਗਟ ਸਿੰਘ

by Live 24 Punjabi
ਹੁਸ਼ਿਆਰਪੁਰ ਵਿੱਚ ਕਾਂਗਰਸ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਪਰਗਟ ਸਿੰਘ

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸਰਦਾਰ ਪਰਗਟ ਸਿੰਘ ਨੇ ਕਿਹਾ ਹੈ ਕਿ ਕਾਂਗਰਸ ਪੰਜਾਬ ਨੂੰ ਮੁੜ ਦੇਸ਼ ਦਾ ਮਜ਼ਬੂਤ ਬ੍ਰਾਂਡ ਬਣਾਉਣ ਲਈ ਕੰਮ ਕਰੇਗੀ। ਉਨ੍ਹਾਂ ਦਾਅਵਾ ਕੀਤਾ ਕਿ ਪਾਰਟੀ ਨਾ ਸਿਰਫ਼ ਪੰਜਾਬ ਵਿੱਚ ਆਪਣੀ ਸਰਕਾਰ ਬਣਾਏਗੀ, ਸਗੋਂ ਇਸ ਨੂੰ ਬਿਹਤਰ ਢੰਗ ਨਾਲ ਚਲਾਉਣ ਦੀ ਜ਼ਿੰਮੇਵਾਰੀ ਵੀ ਨਿਭਾਏਗੀ। ਉਹ 16 ਨਵੰਬਰ ਨੂੰ ਹੁਸ਼ਿਆਰਪੁਰ ਵਿਖੇ ਪਾਰਟੀ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ।

ਇਸ ਮੌਕੇ ਉਨ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਪੰਜਾਬ ਨੂੰ ਆਰਥਿਕ, ਸਮਾਜਿਕ ਅਤੇ ਪ੍ਰਸ਼ਾਸਨਿਕ ਤੌਰ ‘ਤੇ ਕਮਜ਼ੋਰ ਕਰਨ ਦੇ ਦੋਸ਼ ਲਾਏ। ਉਨ੍ਹਾਂ ਵਰਕਰਾਂ ਨੂੰ ਪੰਜਾਬ ਦੇ ਹੱਕਾਂ, ਸਨਮਾਨ ਅਤੇ ਭਵਿੱਖ ਦੀ ਲੜਾਈ ਇਕਜੁੱਟ ਹੋ ਕੇ ਲੜਨ ਦਾ ਸੱਦਾ ਦਿੱਤਾ।

‘ਪੀਲੀ ਪੱਗ ਬੰਨ੍ਹਣ ਨਾਲ ਕੋਈ ਭਗਤ ਸਿੰਘ ਨਹੀਂ ਬਣ ਜਾਂਦਾ’

ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਪਰਗਟ ਸਿੰਘ ਨੇ ਕਿਹਾ ਕਿ ਪੀਲੀ ਪੱਗ ਬੰਨ੍ਹ ਲੈਣ ਨਾਲ ਕੋਈ ਭਗਤ ਸਿੰਘ ਨਹੀਂ ਬਣ ਜਾਂਦਾ। ਉਨ੍ਹਾਂ ਦੋਸ਼ ਲਾਇਆ ਕਿ ਦਿੱਲੀ ਤੋਂ ਆਏ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਵਰਗੇ ਆਗੂਆਂ ਨੇ ਸਾਮ, ਦਾਮ, ਦੰਡ ਅਤੇ ਭੇਦ ਦੀ ਰਾਜਨੀਤੀ ਕਰਕੇ ਪੰਜਾਬ ਨੂੰ ਕਮਜ਼ੋਰ ਕੀਤਾ ਹੈ।

ਉਨ੍ਹਾਂ ਕਿਹਾ ਕਿ ਸੂਬੇ ਵਿੱਚ ਨਸ਼ਿਆਂ ਦੀ ਸਪਲਾਈ ਘਰ-ਘਰ ਤੱਕ ਪਹੁੰਚ ਰਹੀ ਹੈ। ਉਨ੍ਹਾਂ ਭਾਜਪਾ ‘ਤੇ ਵੀ ਸਵਾਲ ਉਠਾਉਂਦਿਆਂ ਕਿਹਾ ਕਿ ਕੇਂਦਰ ਵਿੱਚ 13 ਸਾਲ ਸੱਤਾ ਵਿੱਚ ਰਹਿਣ ਦੇ ਬਾਵਜੂਦ ਪਾਰਟੀ ਨਸ਼ਾ ਖ਼ਤਮ ਨਹੀਂ ਕਰ ਸਕੀ, ਪਰ ਹੁਣ ਦੋ ਸਾਲਾਂ ਵਿੱਚ ਨਸ਼ਾ ਖ਼ਤਮ ਕਰਨ ਦੇ ਦਾਅਵੇ ਕਰ ਰਹੀ ਹੈ।

ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਬਾਰੇ ਗੱਲ ਕਰਦਿਆਂ ਉਨ੍ਹਾਂ 750 ਕਿਸਾਨਾਂ ਦੀ ਸ਼ਹਾਦਤ ਸਮੇਂ ਅਕਾਲੀ ਦਲ ਦੀ ਭੂਮਿਕਾ ‘ਤੇ ਸਵਾਲ ਉਠਾਏ।

ਝੋਨੇ ਦੀ ਖ਼ਰੀਦ ਅਤੇ ਕਿਸਾਨਾਂ ਦੇ ਬਕਾਇਆ ਮੁੱਦੇ ‘ਤੇ ਚੁੱਕੇ ਸਵਾਲ

ਪਰਗਟ ਸਿੰਘ ਨੇ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਨੂੰ ਲੈ ਕੇ ਵੀ ਸਰਕਾਰ ਨੂੰ ਘੇਰਿਆ। ਉਨ੍ਹਾਂ ਦਾਅਵਾ ਕੀਤਾ ਕਿ ਮੰਡੀਆਂ ਵਿੱਚ ਅਜੇ ਵੀ 25 ਤੋਂ 30 ਫ਼ੀਸਦੀ ਝੋਨਾ ਪਿਆ ਹੈ ਅਤੇ 180 ਲੱਖ ਮੀਟ੍ਰਿਕ ਟਨ ਖ਼ਰੀਦ ਦਾ ਟੀਚਾ ਪੂਰਾ ਨਹੀਂ ਹੋਇਆ।

ਉਨ੍ਹਾਂ ਕਿਸਾਨਾਂ ਨਾਲ 3,500 ਕਰੋੜ ਰੁਪਏ ਦੀ ਠੱਗੀ ਹੋਣ ਦਾ ਦੋਸ਼ ਲਾਉਂਦਿਆਂ ਇਸ ਮਾਮਲੇ ਵਿੱਚ ਆਮ ਆਦਮੀ ਪਾਰਟੀ ਅਤੇ ਭਾਜਪਾ ਦੀ ਮਿਲੀਭੁਗਤ ਦਾ ਦਾਅਵਾ ਵੀ ਕੀਤਾ।

ਕਾਨੂੰਨ ਵਿਵਸਥਾ ਅਤੇ ਪੰਜਾਬ ਦੇ ਕਰਜ਼ੇ ‘ਤੇ ਪ੍ਰਗਟਾਈ ਚਿੰਤਾ

ਸੂਬੇ ਦੀ ਕਾਨੂੰਨ ਵਿਵਸਥਾ ਬਾਰੇ ਬੋਲਦਿਆਂ ਪਰਗਟ ਸਿੰਘ ਨੇ ਦੋਸ਼ ਲਾਇਆ ਕਿ ਪੰਜਾਬ ਪੁਲਿਸ ਦੇ ਕਈ ਅਧਿਕਾਰੀ ਸੱਤਾਧਾਰੀ ਪਾਰਟੀ ਦੇ ਵਰਕਰਾਂ ਵਾਂਗ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਫਿਰੌਤੀ ਮੰਗਣ ਦੀਆਂ ਘਟਨਾਵਾਂ ਨੇ ਪੰਜਾਬ ਦੀ ਛਵੀ ਨੂੰ ਨੁਕਸਾਨ ਪਹੁੰਚਾਇਆ ਹੈ।

ਉਨ੍ਹਾਂ ਅਨੁਸਾਰ ਸੂਬੇ ਸਿਰ ਕਰੀਬ ਪੌਣੇ ਪੰਜ ਲੱਖ ਕਰੋੜ ਰੁਪਏ ਦਾ ਕਰਜ਼ਾ ਚੜ੍ਹ ਚੁੱਕਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਆਮ ਕਾਰੋਬਾਰੀ ਅਤੇ ਦੁਕਾਨਦਾਰ ਆਪਣੀ ਸੁਰੱਖਿਆ ਨੂੰ ਲੈ ਕੇ ਚਿੰਤਤ ਹਨ।

ਸਿੱਖਿਆ ਅਤੇ ਰੁਜ਼ਗਾਰ ਦੇ ਮੁੱਦੇ ‘ਤੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਇੱਕ ਪਾਸੇ ਉਦਯੋਗਾਂ ਨੂੰ ਹੁਨਰਮੰਦ ਕਾਮੇ ਨਹੀਂ ਮਿਲ ਰਹੇ, ਜਦਕਿ ਦੂਜੇ ਪਾਸੇ ਨੌਜਵਾਨਾਂ ਨੂੰ ਰੁਜ਼ਗਾਰ ਨਹੀਂ ਮਿਲ ਰਿਹਾ। ਇਸ ਸਮੱਸਿਆ ਨੂੰ ਦੂਰ ਕਰਨ ਲਈ ਸਿੱਖਿਆ ਪ੍ਰਣਾਲੀ ਵਿੱਚ ਸੁਧਾਰ ਅਤੇ ਹੁਨਰ ਵਿਕਾਸ ਵੱਲ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ।

ਕਾਂਗਰਸ ਵਿੱਚ ਸ਼ਮੂਲੀਅਤ ਲਈ ਬਣਾਈ ਚਾਰ ਮੈਂਬਰੀ ਕਮੇਟੀ

ਦੂਜੀਆਂ ਪਾਰਟੀਆਂ ਦੇ ਆਗੂਆਂ ਨੂੰ ਕਾਂਗਰਸ ਵਿੱਚ ਸ਼ਾਮਲ ਕਰਨ ਦੇ ਮੁੱਦੇ ‘ਤੇ ਪਰਗਟ ਸਿੰਘ ਨੇ ਕਿਹਾ ਕਿ ਕਿਸੇ ਵਿਅਕਤੀ ਦਾ ਹੰਕਾਰ ਪੰਜਾਬ ਅਤੇ ਕਾਂਗਰਸ ਦੇ ਹਿੱਤਾਂ ਤੋਂ ਵੱਡਾ ਨਹੀਂ ਹੋ ਸਕਦਾ।

ਉਨ੍ਹਾਂ ਸਪੱਸ਼ਟ ਕੀਤਾ ਕਿ ਕਾਂਗਰਸ ਵਿੱਚ ਸਿਰਫ਼ ਸਾਫ਼ ਅਕਸ ਅਤੇ ਚੰਗੇ ਸਿਆਸੀ ਕਿਰਦਾਰ ਵਾਲੇ ਆਗੂਆਂ ਨੂੰ ਹੀ ਸ਼ਾਮਲ ਕੀਤਾ ਜਾਵੇਗਾ। ਇਸ ਸਬੰਧੀ ਚਾਰ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ।

ਹੁਸ਼ਿਆਰਪੁਰ ਦੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਪਾਰਟੀ ਦੀ ਟਿਕਟ ਲਈ ਕੋਈ ਵੀ ਅਪਲਾਈ ਕਰ ਸਕਦਾ ਹੈ, ਪਰ ਇੱਕ ਵਾਰ ਕਿਸੇ ਇੱਕ ਉਮੀਦਵਾਰ ਨੂੰ ਟਿਕਟ ਮਿਲਣ ਤੋਂ ਬਾਅਦ ਸਾਰਿਆਂ ਨੂੰ ਇਕਜੁੱਟ ਹੋ ਕੇ ਪਾਰਟੀ ਦੀ ਜਿੱਤ ਲਈ ਕੰਮ ਕਰਨਾ ਹੋਵੇਗਾ।

ਦੋਆਬੇ ਦੀਆਂ 23 ਸੀਟਾਂ ‘ਤੇ ਪਾਰਟੀ ਮਜ਼ਬੂਤ ਕਰਨ ਦਾ ਸੱਦਾ

ਪਰਗਟ ਸਿੰਘ ਨੇ ਦੋਆਬੇ ਦੀਆਂ ਸਾਰੀਆਂ 23 ਵਿਧਾਨ ਸਭਾ ਸੀਟਾਂ ‘ਤੇ ਕਾਂਗਰਸ ਨੂੰ ਮਜ਼ਬੂਤ ਕਰਨ ਅਤੇ ਇੱਕ-ਇੱਕ ਵੋਟ ਲਈ ਮਿਹਨਤ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਪਾਰਟੀ ਘੱਟ ਰੈਲੀਆਂ ਕਰੇਗੀ, ਪਰ ਹਰ ਰੈਲੀ ਵਿੱਚ ਵਰਕਰਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਈ ਜਾਵੇਗੀ।

ਉਨ੍ਹਾਂ ਵਰਕਰਾਂ ਨੂੰ ਜੋਸ਼ ਦੇ ਨਾਲ ਹੋਸ਼ ਰੱਖਣ ਅਤੇ ਆਪਸੀ ਏਕਤਾ ਨਾਲ ਕੰਮ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕਾਂਗਰਸ ਦਾ ਟੀਚਾ ਪੰਜਾਬ ਨੂੰ ਵਿਕਾਸ, ਰੁਜ਼ਗਾਰ, ਸੁਰੱਖਿਆ ਅਤੇ ਖੁਸ਼ਹਾਲੀ ਦੇ ਰਾਹ ‘ਤੇ ਵਾਪਸ ਲਿਆਉਣਾ ਹੈ।

ਮੀਟਿੰਗ ਵਿੱਚ ਜ਼ਿਲ੍ਹਾ ਪ੍ਰਧਾਨ ਦਿਲਜੀਤ ਸਿੰਘ ਗਿਲਜ਼ੀਆਂ, ਸਾਬਕਾ ਮੰਤਰੀ ਸੰਗਤ ਸਿੰਘ ਗਿਲਜ਼ੀਆਂ, ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ, ਸਾਬਕਾ ਵਿਧਾਇਕ ਪਵਨ ਆਦੀਆ, ਸਾਬਕਾ ਵਿਧਾਇਕ ਇੰਦੂ ਬਾਲਾ, ਯਾਮਿਨੀ ਗੋਮਰ, ਮਿੱਕੀ ਡੋਗਰਾ, ਗੜ੍ਹਸ਼ੰਕਰ ਵਿਧਾਨ ਸਭਾ ਹਲਕੇ ਤੋਂ ਉਮੀਦਵਾਰ ਅਮਰਪ੍ਰੀਤ ਸਿੰਘ ਲਾਲੀ, ਚੱਬੇਵਾਲ ਵਿਧਾਨ ਸਭਾ ਹਲਕੇ ਤੋਂ ਉਮੀਦਵਾਰ ਰਣਜੀਤ ਕੁਮਾਰ ਕਿੱਟੀ ਅਤੇ ਬਲਤੇਜ ਸਿੰਘ ਪੰਨੂ ਸਮੇਤ ਜ਼ਿਲ੍ਹਾ ਲੀਡਰਸ਼ਿਪ ਅਤੇ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਮੌਜੂਦ ਸਨ।

Have any thoughts?

Share your reaction or leave a quick response — we’d love to hear what you think!

You may also like

Leave a Comment