ਚੰਡੀਗੜ੍ਹ, 25 ਮਈ : ਦੇਸ਼ ਭਰ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ ਹੋ ਰਹੇ ਵਾਧੇ ਨੇ ਆਮ ਲੋਕਾਂ ਦੀ ਚਿੰਤਾ ਵਧਾ ਦਿੱਤੀ ਹੈ। ਸੋਮਵਾਰ ਨੂੰ ਇੱਕ ਵਾਰ ਫਿਰ ਇੰਧਨ ਦੀਆਂ ਕੀਮਤਾਂ ਵਿੱਚ ਵੱਡਾ ਉਛਾਲ ਦਰਜ ਕੀਤਾ ਗਿਆ। ਰਿਪੋਰਟਾਂ ਮੁਤਾਬਕ ਪਿਛਲੇ 10 ਦਿਨਾਂ ਦੌਰਾਨ ਇਹ ਚੌਥਾ ਵਾਧਾ ਹੈ, ਜਿਸ ਕਾਰਨ ਲੋਕਾਂ ਦੇ ਘਰੇਲੂ ਬਜਟ ‘ਤੇ ਸਿੱਧਾ ਅਸਰ ਪੈ ਰਿਹਾ ਹੈ।
ਨਵੀਆਂ ਕੀਮਤਾਂ ਅਨੁਸਾਰ ਰਾਜਧਾਨੀ ਦਿੱਲੀ ਵਿੱਚ ਪੈਟਰੋਲ ₹102.12 ਪ੍ਰਤੀ ਲੀਟਰ ਤੱਕ ਪਹੁੰਚ ਗਿਆ ਹੈ, ਜਦਕਿ ਡੀਜ਼ਲ ₹95.20 ਪ੍ਰਤੀ ਲੀਟਰ ਵਿਕ ਰਿਹਾ ਹੈ। ਅੱਜ ਦੇ ਵਾਧੇ ਵਿੱਚ ਪੈਟਰੋਲ ਦੀ ਕੀਮਤ ਵਿੱਚ ₹2.61 ਪ੍ਰਤੀ ਲੀਟਰ ਅਤੇ ਡੀਜ਼ਲ ਵਿੱਚ ₹2.71 ਪ੍ਰਤੀ ਲੀਟਰ ਦਾ ਇਜ਼ਾਫਾ ਕੀਤਾ ਗਿਆ ਹੈ।
ਚੰਡੀਗੜ੍ਹ ਵਿੱਚ ਵੀ ਇੰਧਨ ਦੀਆਂ ਕੀਮਤਾਂ ਵਿੱਚ ਭਾਰੀ ਵਾਧਾ ਦਰਜ ਕੀਤਾ ਗਿਆ। ਇੱਥੇ ਪੈਟਰੋਲ ₹101.51 ਪ੍ਰਤੀ ਲੀਟਰ ਅਤੇ ਡੀਜ਼ਲ ₹89.47 ਪ੍ਰਤੀ ਲੀਟਰ ਵਿਕ ਰਿਹਾ ਹੈ। ਇਸ ਦੇ ਨਾਲ ਹੀ ਪਾਵਰ ਪੈਟਰੋਲ ਦੀ ਕੀਮਤ ₹110.28 ਪ੍ਰਤੀ ਲੀਟਰ ਤੱਕ ਪਹੁੰਚ ਗਈ ਹੈ। ਕੀਮਤਾਂ ਵਿੱਚ ਇਸ ਲਗਾਤਾਰ ਵਾਧੇ ਕਾਰਨ ਆਵਾਜਾਈ, ਖੇਤੀਬਾੜੀ ਅਤੇ ਛੋਟੇ ਵਪਾਰਾਂ ‘ਤੇ ਵੱਡਾ ਅਸਰ ਪੈਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।
ਪੈਟਰੋਲ-ਡੀਡ਼ਲ ਵਿੱਚ ਵਾਧਾ ਕਿਸਾਨਾਂ ਲਈ ਬਹੁਤ ਮਾਰੂ ਸਾਬਤ ਹੋਵੇਗਾ
ਆਮ ਆਦਮੀ ਪਾਰਟੀ ਨੇ ਕੇਂਦਰ ਸਰਕਾਰ ਅਤੇ ਭਾਜਪਾ ‘ਤੇ ਤਿੱਖਾ ਹਮਲਾ ਬੋਲਿਆ ਹੈ। ਪਾਰਟੀ ਦੇ ਜਨਰਲ ਸਕੱਤਰ ਅਤੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਭਾਜਪਾ ਸਰਕਾਰ ਨੇ ਲੋਕਾਂ ਨੂੰ ਸਵੇਰੇ ਉੱਠਦੇ ਹੀ ਇੱਕ ਹੋਰ ਮਹਿੰਗਾਈ ਦਾ ਝਟਕਾ ਦਿੱਤਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪਿਛਲੇ 10 ਦਿਨਾਂ ਦੌਰਾਨ ਪੈਟਰੋਲ ਦੀਆਂ ਕੀਮਤਾਂ ਵਿੱਚ ਕਰੀਬ ₹7.50 ਪ੍ਰਤੀ ਲੀਟਰ ਦਾ ਵਾਧਾ ਹੋ ਚੁੱਕਾ ਹੈ।
ਬਲਤੇਜ ਪੰਨੂ ਨੇ ਕਿਹਾ ਕਿ ਇਹ ਵਾਧਾ ਕਿਸਾਨਾਂ ਲਈ ਬਹੁਤ ਮਾਰੂ ਸਾਬਤ ਹੋਵੇਗਾ ਕਿਉਂਕਿ ਡੀਜ਼ਲ ਖੇਤੀਬਾੜੀ ਦਾ ਮੁੱਖ ਸਾਧਨ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਟਰਾਂਸਪੋਰਟ ਮਹਿੰਗੀ ਹੋਵੇਗੀ ਅਤੇ ਹਰ ਚੀਜ਼ ਦੀਆਂ ਕੀਮਤਾਂ ਵਿੱਚ ਵਾਧਾ ਹੋਵੇਗਾ। ਉਨ੍ਹਾਂ ਨੇ ਪੰਜਾਬ ਭਾਜਪਾ ਅਤੇ ਸੁਨੀਲ ਜਾਖੜ ਨੂੰ ਵੀ ਨਿਸ਼ਾਨੇ ‘ਤੇ ਲੈਂਦਿਆਂ ਕਿਹਾ ਕਿ ਲੋਕ ਮਹਿੰਗੇ ਪੈਟਰੋਲ-ਡੀਜ਼ਲ ਕਾਰਨ ਪਰੇਸ਼ਾਨ ਹਨ ਅਤੇ ਭਾਜਪਾ ਕੋਲ ਇਸਦਾ ਕੋਈ ਜਵਾਬ ਨਹੀਂ।
ਇੰਧਨ ਦੀਆਂ ਵਧਦੀਆਂ ਕੀਮਤਾਂ ਨੂੰ ਲੈ ਕੇ ਆਮ ਲੋਕਾਂ ਵਿੱਚ ਵੀ ਨਾਰਾਜ਼ਗੀ ਦੇਖਣ ਨੂੰ ਮਿਲ ਰਹੀ ਹੈ। ਲੋਕਾਂ ਦਾ ਕਹਿਣਾ ਹੈ ਕਿ ਮਹਿੰਗਾਈ ਪਹਿਲਾਂ ਹੀ ਚਰਮ ‘ਤੇ ਹੈ ਅਤੇ ਹੁਣ ਪੈਟਰੋਲ-ਡੀਜ਼ਲ ਦੇ ਰੇਟ ਵਧਣ ਨਾਲ ਰੋਜ਼ਾਨਾ ਜੀਵਨ ਹੋਰ ਮੁਸ਼ਕਲ ਹੋ ਜਾਵੇਗਾ।

Have any thoughts?
Share your reaction or leave a quick response — we’d love to hear what you think!
