ਅੰਮ੍ਰਿਤਸਰ : ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਪੈਰੋਲ ਅਰਜ਼ੀ ਰੱਦ ਹੋਣ ਦੇ ਵਿਰੋਧ ਵਿੱਚ ਅੰਮ੍ਰਿਤਸਰ ਵਿਖੇ ਉਨ੍ਹਾਂ ਦੇ ਸਮਰਥਕ ਰੋਸ ਪ੍ਰਦਰਸ਼ਨ ਕਰ ਰਹੇ ਹਨ। ਇਸ ਦੌਰਾਨ ਵੱਡੀ ਗਿਣਤੀ ਵਿੱਚ ਨਿਹੰਗ ਸਿੰਘ ਵੀ ਇਕੱਠੇ ਹੋਏ ਹਨ। ਅੰਮ੍ਰਿਤਪਾਲ ਸਿੰਘ ਦੇ ਹਮਾਇਤੀ ਰਣਜੀਤ ਐਵੇਨਿਊ ‘ਤੇ ਇਕੱਠੇ ਹੋਣਗੇ ਤੇ ਜ਼ਿਲ੍ਹਾ ਮੈਜਿਸਟਰੇਟ ਦਫ਼ਤਰ ਵੱਲ ਮਾਰਚ ਕਰਨਗੇ। ਅੰਮ੍ਰਿਤਪਾਲ ਦੇ ਪਿਤਾ ਤਰਸੇਮ ਸਿੰਘ ਨੇ ਦੋਸ਼ ਲਾਇਆ ਹੈ ਕਿ ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਜਾਣਬੁੱਝ ਕੇ ਪੈਰੋਲ ਦੇਣ ਤੋਂ ਇਨਕਾਰ ਕਰ ਰਹੀ ਹੈ। ਕਾਨੂੰਨ ਵਿਵਸਥਾ ਵਿਗੜਨ ਦੇ ਬਹਾਨੇ ਰਾਹੀਂ ਜਨਤਾ ਦੇ ਪ੍ਰਤੀਨਿਧੀ ਦੀ ਆਵਾਜ਼ ਨੂੰ ਦਬਾਇਆ ਜਾ ਰਿਹਾ ਹੈ।
ਉਧਰ, ਵਿਰੋਧ ਪ੍ਰਦਰਸ਼ਨ ਦੇ ਮੱਦੇਨਜ਼ਰ ਰਣਜੀਤ ਐਵੇਨਿਊ ਤੋਂ ਜ਼ਿਲ੍ਹਾ ਮੈਜਿਸਟਰੇਟ ਦਫ਼ਤਰ ਤੱਕ ਵੱਡੀ ਗਿਣਤੀ ਵਿੱਚ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ। ਸਥਿਤੀ ਵਿਗੜਨ ਦੇ ਖਦਸ਼ੇ ਕਰਕੇ ਰਿਜ਼ਰਵ ਪੁਲਿਸ ਫੋਰਸ ਵੀ ਤਾਇਨਾਤ ਕੀਤੀ ਗਈ ਹੈ। ਅੰਮ੍ਰਿਤਪਾਲ ਦੇ ਸਮਰਥਕਾਂ ਦਾ ਕਹਿਣਾ ਹੈ ਕਿ ਸਰਕਾਰ ਸੰਸਦ ਮੈਂਬਰ ਦੇ ਸਮਰਥਨ ਨੂੰ ਰੋਕਣਾ ਚਾਹੁੰਦੇ ਹਨ ਪਰ ਇਹ ਤਾਂ ਸਿਰਫ਼ ਸ਼ੁਰੂਆਤ ਹੈ। ਉਹ ਜਨਤਾ ਨਾਲ ਬੇਇਨਸਾਫ਼ੀ ਤੇ ਦਬਾਅ ਨੂੰ ਬਰਦਾਸ਼ਤ ਨਹੀਂ ਕਰਨਗੇ। ਇਸ ਸਬੰਧੀ ਇੱਕ ਅੰਦੋਲਨ ਸ਼ੁਰੂ ਕੀਤਾ ਜਾਵੇਗਾ।

ਦੱਸ ਦਈਏ ਕਿ ਅੰਮ੍ਰਿਤਪਾਲ ਨੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਖਡੂਰ ਸਾਹਿਬ ਸੀਟ ਤੋਂ ਲੋਕ ਸਭਾ ਚੋਣਾਂ ਲਗਪਗ 200,000 ਵੋਟਾਂ ਦੇ ਫਰਕ ਨਾਲ ਜਿੱਤੀਆਂ ਸੀ। ਉਨ੍ਹਾਂ ਨੂੰ ਸਖ਼ਤ ਸੁਰੱਖਿਆ ਹੇਠ ਸਹੁੰ ਚੁਕਾਈ ਗਈ ਸੀ ਪਰ ਸੰਸਦ ਸੈਸ਼ਨ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਨਹੀਂ ਦਿੱਤੀ ਗਈ ਸੀ। ਇਸ ਲਈ ਉਹ ਪੈਰੋਲ ਲਈ ਅਦਾਲਤ ਪਹੁੰਚੇ ਹਨ ਪਰ ਪੰਜਾਬ ਸਰਕਾਰ ਨੇ ਪੈਰੋਲ ਦੀ ਦਰਖਾਸਤ ਰੱਦ ਕਰ ਦਿੱਤੀ ਹੈ।


Have any thoughts?
Share your reaction or leave a quick response — we’d love to hear what you think!
