ਰੋਪੜ : ਜੰਮੂ-ਕਸ਼ਮੀਰ ਦੇ ਡੋਡਾ ਜ਼ਿਲ੍ਹੇ ਤੋਂ ਇੱਕ ਬੇਹੱਦ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਭਦਰਵਾਹ ਇਲਾਕੇ ਵਿੱਚ ਭਾਰਤੀ ਫੌਜ ਦੀ ਇੱਕ ਗੱਡੀ ਖੱਡ ਵਿੱਚ ਡਿੱਗਣ ਕਾਰਨ 9 ਜਵਾਨ ਸ਼ਹੀਦ ਹੋ ਗਏ ਹਨ। ਇਸ ਮੰਦਭਾਗੀ ਘਟਨਾ ਵਿੱਚ ਪੰਜਾਬ ਦੇ ਜ਼ਿਲ੍ਹਾ ਰੋਪੜ ਦੇ ਪਿੰਡ ਚਨੌਲੀ ਦਾ 23 ਸਾਲਾ ਗੱਭਰੂ ਜੋਬਨਪ੍ਰੀਤ ਸਿੰਘ ਵੀ ਸ਼ਹਾਦਤ ਦਾ ਜਾਮ ਪੀ ਗਿਆ ਹੈ
ਕਿਵੇਂ ਵਾਪਰਿਆ ਭਿਆਨਕ ਹਾਦਸਾ?
ਜਾਣਕਾਰੀ ਅਨੁਸਾਰ, ਭਾਰਤੀ ਫੌਜ ਦੀ ਇੱਕ ਗੱਡੀ ਭਦਰਵਾਹ ਤੋਂ ਖਾਨਾਈ ਟਾਪ ਵੱਲ ਜਾ ਰਹੀ ਸੀ। ਪਹਾੜੀ ਰਸਤਾ ਹੋਣ ਕਾਰਨ ਅਚਾਨਕ ਗੱਡੀ ਕੰਟਰੋਲ ਤੋਂ ਬਾਹਰ ਹੋ ਗਈ ਅਤੇ ਲਗਭਗ 200 ਫੁੱਟ ਡੂੰਘੀ ਖੱਡ ਵਿੱਚ ਜਾ ਡਿੱਗੀ। ਇਸ ਹਾਦਸੇ ਵਿੱਚ 9 ਜਵਾਨ ਸ਼ਹੀਦ ਹੋ ਗਏ, ਜਦਕਿ 7 ਹੋਰ ਗੰਭੀਰ ਜ਼ਖਮੀ ਹਨ, ਜਿਨ੍ਹਾਂ ਦਾ ਇਲਾਜ ਚੱਲ ਰਿਹਾ ਹੈ
ਸ਼ਹੀਦ ਜੋਬਨਪ੍ਰੀਤ ਸਿੰਘ ਦੇ ਘਰ ਵਿੱਚ ਇਸ ਵੇਲੇ ਵਿਆਹ ਦੀਆਂ ਖੁਸ਼ੀਆਂ ਦਾ ਮਾਹੌਲ ਸੀ। ਪਰਿਵਾਰ ਅਗਲੇ ਸਾਲ ਫਰਵਰੀ ਵਿੱਚ ਹੋਣ ਵਾਲੇ ਵਿਆਹ ਦੀਆਂ ਤਿਆਰੀਆਂ ਵਿੱਚ ਜੁਟਿਆ ਹੋਇਆ ਸੀ। ਸ਼ਹਾਦਤ ਦੀ ਖ਼ਬਰ ਮਿਲਦਿਆਂ ਹੀ ਵਿਆਹ ਵਾਲੇ ਘਰ ਵਿੱਚ ਮਾਤਮ ਛਾ ਗਿਆ ਅਤੇ ਮਾਪਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਪੂਰੇ ਇਲਾਕੇ ਵਿੱਚ ਇਸ ਖ਼ਬਰ ਨਾਲ ਸੋਗ ਦੀ ਲਹਿਰ ਦੌੜ ਗਈ ਹੈ
ਜੋਬਨਪ੍ਰੀਤ ਸਿੰਘ ਸਾਬਕਾ ਫੌਜੀ ਬਲਵੀਰ ਸਿੰਘ ਦਾ ਸਪੁੱਤਰ ਸੀ। ਪਿਤਾ ਦੇ ਨਕਸ਼ੇ-ਕਦਮਾਂ ‘ਤੇ ਚੱਲਦਿਆਂ ਉਹ ਸਤੰਬਰ 2019 ਵਿੱਚ ਭਾਰਤੀ ਫੌਜ ਵਿੱਚ ਭਰਤੀ ਹੋਇਆ ਸੀ। ਉਹ ਇਸ ਵੇਲੇ 8ਵੀਂ ਕੈਵਲਰੀ, ਆਰਮਰਡ ਯੂਨਿਟ (4 RR) ਵਿੱਚ ਆਪਣੀ ਸੇਵਾ ਨਿਭਾ ਰਿਹਾ ਸੀ।
ਨੂਰਪੁਰ ਬੇਦੀ ਬਲਾਕ ਦੇ ਪਿੰਡ ਚਨੌਲੀ ਅਤੇ ਆਸ-ਪਾਸ ਦੇ ਪਿੰਡਾਂ ਦੇ ਲੋਕ ਸ਼ਹੀਦ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚ ਰਹੇ ਹਨ। ਇਲਾਕਾ ਨਿਵਾਸੀਆਂ ਦਾ ਕਹਿਣਾ ਹੈ ਕਿ ਜੋਬਨਪ੍ਰੀਤ ਇੱਕ ਮਿਲਣਸਾਰ ਅਤੇ ਦੇਸ਼ ਭਗਤੀ ਦੇ ਜਜ਼ਬੇ ਨਾਲ ਲਬਰੇਜ਼ ਨੌਜਵਾਨ ਸੀ।
– Live 24 Punjabi

Have any thoughts?
Share your reaction or leave a quick response — we’d love to hear what you think!
