ਭਾਰਤੀ ਜਨਤਾ ਪਾਰਟੀ ਦੇ ਪੰਜਾਬ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਆਮ ਆਦਮੀ ਪਾਰਟੀ ਦੇ ਮੰਤਰੀ ਅਮਨ ਅਰੋੜਾ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਦਿਹਾੜੇ ਸਬੰਧੀ ਪ੍ਰੈਸ ਕਾਨਫ਼ਰੰਸ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਾਰੇ ਦਿੱਤੇ ਗਏ ਬਿਆਨਾਂ ਨੂੰ ਬੇਬੁਨਿਆਦ ਕਰਾਰ ਦਿੰਦਿਆਂ ਇਸਦੀ ਸਖ਼ਤ ਨਿੰਦਾ ਕੀਤੀ ਹੈ।
ਉਨਾਂ ਨੇ ਕਿਹਾ ਹੈ ਕਿ ਇਸ ਲਈ ਨਾ ਕੇਵਲ ਮੰਤਰੀ ਅਮਨ ਅਰੋੜਾ ਸਗੋਂ ਸਮੁੱਚੀ ਆਮ ਆਦਮੀ ਪਾਰਟੀ ਨੂੰ ਜਨਤਕ ਤੌਰ ਤੇ ਗਲਤ ਬਿਆਨੀ ਲਈ ਮੁਆਫੀ ਮੰਗਣੀ ਚਾਹੀਦੀ ਹੈ। ਸੁਨੀਲ ਜਾਖੜ ਨੇ ਕਿਹਾ ਕਿ ਅਮਨ ਅਰੋੜਾ ਦਾ ਇਹ ਕਹਿਣਾ ਪੂਰੀ ਤਰ੍ਹਾਂ ਗ਼ਲਤ ਹੈ ਕਿ ਸੱਦੇ ਦੇ ਬਾਵਜੂਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮਾਗਮ ਵਿੱਚ ਸ਼ਾਮਲ ਨਹੀਂ ਹੋਏ।
ਉਹਨਾਂ ਕਿਹਾ ਕਿ ਇਸ ਦਾ ਮਤਲਬ ਇਹ ਨਹੀਂ ਕਿ ਪ੍ਰਧਾਨ ਮੰਤਰੀ ਦੇ ਮਨ ਵਿੱਚ ਗੁਰੂ ਸਾਹਿਬ ਦਾ ਸਤਿਕਾਰ ਨਹੀਂ ਸਗੋਂ ਉਹਨਾਂ ਨੇ ਕੁਰੂਕਸ਼ੇਤਰ ਵਿਖੇ ਹੋਏ ਵੱਡੇ ਸਮਾਗਮ ਦੌਰਾਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਭਾਰਤ ਸਰਕਾਰ ਵੱਲੋਂ ਇਸ ਪਵਿੱਤਰ ਦਿਹਾੜੇ ਨੂੰ ਸਮਰਪਿਤ ਇੱਕ ਯਾਦਗਾਰੀ ਸਿੱਕਾ ਵੀ ਜਾਰੀ ਕੀਤਾ ਗਿਆ।



