ਚੰਡੀਗੜ੍ਹ : ਫਤਹਿਗੜ੍ਹ ਸਾਹਿਬ ਦੀ ਪਾਵਨ ਧਰਤੀ ’ਤੇ ਸ਼ਹੀਦੀ ਸਭਾ ਮੌਕੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਮਹਾਨ ਕੁਰਬਾਨੀ ਨੂੰ ਸਿਜਦਾ ਕਰਨ ਲਈ ਦੁਨੀਆਂ ਭਰ ਵਿੱਚੋਂ ਆਉਣ ਵਾਲੇ ਲੱਖਾਂ ਸ਼ਰਧਾਲੂਆਂ ਲਈ ਕੀਤੇ ਗਏ ਪ੍ਰਬੰਧਾਂ ਦੀ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੱਸਿਆ ਕਿ ਸੰਗਤ ਲਈ ਸਿਹਤ ਸਹੂਲਤਾਂ, ਆਵਾਜਾਈ, ਸਾਫ-ਸਫਾਈ ਅਤੇ ਸੁਰੱਖਿਆ ਵਿਵਸਥਾ ਤੇ ਹੋਰ ਇੰਤਜ਼ਾਮ ਵਿਆਪਕ ਪੱਧਰ ’ਤੇ ਕੀਤੇ ਗਏ ਹਨ ਤਾਂ ਕਿ ਕਿਸੇ ਵੀ ਸ਼ਰਧਾਲੂ ਨੂੰ ਕੋਈ ਮੁਸ਼ਕਲ ਪੇਸ਼ ਨਾ ਆਵੇ।
ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੰਗਤ ਦੀ ਵੱਡੀ ਆਮਦ ਦੇ ਮੱਦੇਨਜ਼ਰ ਸਿਹਤ ਸਹੂਲਤਾਂ ਲਈ ਵਿਸ਼ੇਸ਼ ਉਪਰਾਲੇ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ 20 ਆਮ ਆਦਮੀ ਕਲੀਨਿਕ ਅਤੇ 5 ਡਿਸਪੈਂਸਰੀਆਂ ਸਥਾਪਤ ਕੀਤੀਆਂ ਜਾ ਰਹੀਆਂ ਹਨ ਜਿੱਥੇ ਮਾਹਿਰ ਡਾਕਟਰ ਅਤੇ ਬਾਕੀ ਸਟਾਫ ਹਾਜ਼ਰ ਰਹੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਕਲੀਨਿਕਾਂ ਅਤੇ ਡਿਸਪੈਂਸਰੀਆਂ ਲਈ ਦਵਾਈਆਂ ਅਤੇ ਹੋਰ ਸਾਜ਼ੋ-ਸਾਮਾਨ ਦੀ ਵਿਵਸਥਾ ਕਰ ਲਈ ਹੈ।
ਦਸਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਦੀ ਮਹਾਨ ਕੁਰਬਾਨੀ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਵੱਲੋਂ ਜ਼ਮੀਰ ਦੀ ਆਵਾਜ਼ ਅਨੁਸਾਰ ਧਰਮ ਅਪਨਾਉਣ ਦੇ ਮਨੁੱਖੀ ਹੱਕ ਦੀ ਰਾਖੀ ਲਈ ਕੀਤੀ ਗਈ ਲਾਸਾਨੀ ਕੁਰਬਾਨੀ ਮਨੁੱਖੀ ਇਤਿਹਾਸ ਵਿੱਚ ਲਾਮਿਸਾਲ ਘਟਨਾ ਹੈ। ਉਨ੍ਹਾਂ ਕਿਹਾ ਕਿ ਸਿੱਖ ਇਤਿਹਾਸ ਵਿੱਚ ਇਸ ਕੁਰਬਾਨੀ ਨੂੰ ‘ਨਿੱਕੀਆ ਜਿੰਦਾਂ’ ਦੇ ‘ਵੱਡੇ ਸਾਕੇ’ ਦੇ ਨਾਂ ਨਾਲ ਯਾਦ ਕੀਤਾ ਜਾਂਦਾ ਹੈ। ਇਸ ਸਾਕੇ ਨੂੰ ਵਾਪਰਿਆਂ ਭਾਵੇਂ ਤਿੰਨ ਸਦੀਆਂ ਤੋਂ ਵਧੇਰੇ ਅਰਸਾ ਬੀਤ ਗਿਆ ਹੈ, ਪਰ ਸਮੁੱਚੇ ਸਿੱਖ ਜਗਤ ਵੱਲੋਂ ਇਸ ਦੀ ਪੀੜ ਅੱਜ ਵੀ ਬੜੀ ਸ਼ਿੱਦਤ ਨਾਲ ਮਹਿਸੂਸ ਕੀਤੀ ਜਾ ਰਹੀ ਹੈ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਹਿਰ ਵਿੱਚ ਸੰਗਤ ਦੇ ਆਉਣ-ਜਾਣ ਲਈ ਮੁਫ਼ਤ ਸਫਰ ਦੀ ਸਹੂਲਤ ਦੇਣ ਲਈ ‘ਇੰਟਰ ਸਿਟੀ ਸ਼ਟਲ ਬੱਸ ਸੇਵਾ’ ਸ਼ੁਰੂ ਕੀਤੀ ਜਾਵੇਗੀ ਅਤੇ ਸ਼ਹੀਦੀ ਸਭਾ ਦੌਰਾਨ 200 ਸ਼ਟਲ ਬੱਸਾਂ ਅਤੇ 100 ਈ-ਰਿਕਸ਼ੇ ਸੰਗਤ ਲਈ ਤਾਇਨਾਤ ਹੋਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬੱਸਾਂ ਅਤੇ ਈ-ਰਿਕਸ਼ੇ ਬਾਹਰੋਂ ਆਉਣ ਵਾਲੀਆਂ ਸੰਗਤਾਂ ਨੂੰ ਪਾਰਕਿੰਗ ਵਾਲੀਆਂ ਥਾਵਾਂ ਤੋਂ ਗੁਰਦੁਆਰਾ ਸਾਹਿਬ ਅਤੇ ਹੋਰ ਥਾਵਾਂ ਤੇ ਲਿਜਾਣਗੇ। ਉਨ੍ਹਾਂ ਦੱਸਿਆ ਕਿ ਟ੍ਰੈਫਿਕ ਵਿਵਸਥਾ ਨੂੰ ਸੁਚਾਰੂ ਬਣਾਉਣ ਲਈ ਇਸ ਵਾਰ ਗੂਗਲ ਕੰਪਨੀ ਦੀਆਂ ਸੇਵਾਵਾਂ ਵੀ ਹਾਸਲ ਕੀਤੀਆਂ ਜਾ ਰਹੀਆਂ ਹਨ ਜੋ ਫਤਹਿਗੜ੍ਹ ਸਾਹਿਬ ਨੂੰ ਆਉਂਦੀਆਂ ਸੜਕਾਂ ’ਤੇ ਟ੍ਰੈਫਿਕ ਦੀ ਸਥਿਤੀ ਬਾਰੇ ਸਟੀਕ ਜਾਣਕਾਰੀ ਦੇਵੇਗੀ ਤਾਂ ਕਿ ਕਿਸੇ ਸੜਕ ‘ਤੇ ਵੱਧ ਟ੍ਰੈਫਿਕ ਹੋਣ ਦੀ ਸੂਰਤ ਵਿੱਚ ਤੁਰੰਤ ਬਦਲਵੇਂ ਪ੍ਰਬੰਧ ਕੀਤੇ ਜਾ ਸਕਣ। ਉਨ੍ਹਾਂ ਦੱਸਿਆ ਕਿ ਵਾਹਨਾਂ ਦੇ ਰੁਕਣ ਲਈ ਪੰਜ ਵੱਡੀਆਂ ਪਾਰਕਿੰਗ ਅਤੇ 16 ਛੋਟੀਆਂ ਪਾਰਕਿੰਗ ਬਣਾਈਆਂ ਗਈਆਂ ਹਨ।
ਸ਼ਹੀਦੀ ਸਭਾ ਮੌਕੇ ਲੋਕਾਂ ਦੀ ਸੁਰੱਖਿਆ ਵਿਵਸਥਾ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦੇ ਹੋਏ ਮੁੱਖ ਮੰਤਰੀ ਨੇ ਦੱਸਿਆ ਕਿ 3300 ਤੋਂ ਵੱਧ ਪੁਲਿਸ ਜਵਾਨ ਸੰਗਤਾਂ ਦੀ ਸਹਾਇਤਾ ਲਈ ਡਿਊਟੀ ’ਤੇ ਤਾਇਨਾਤ ਰਹਿਣਗੇ। ਉਨ੍ਹਾਂ ਦੱਸਿਆ ਕਿ ਪੁਲਿਸ ਇੰਟੇਗ੍ਰੇਟਿਡ ਕੰਟਰੋਲ ਸੈਂਟਰ ਸਥਾਪਤ ਕੀਤਾ ਗਿਆ ਜਿੱਥੇ ਸੰਗਤ ਦੀ ਸਹੂਲਤ ਲਈ ਵਿਸ਼ੇਸ਼ ਹੈਲਪਲਾਈਨ ਨੰਬਰ 0176-3232838 ਵੀ ਜਾਰੀ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਹਿਰ ਦੀਆਂ ਪ੍ਰਮੁੱਖ ਥਾਵਾਂ ’ਤੇ 300 ਸੀ.ਸੀ.ਟੀ.ਵੀ ਕੈਮਰੇ ਲਾਏ ਜਾ ਰਹੇ ਹਨ ਤਾਂ ਕਿ ਸਮਾਜ ਵਿਰੋਧੀ ਅਨਸਰ ’ਤੇ ਤਿੱਖੀ ਨਜ਼ਰ ਰੱਖੀ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੂਰੇ ਸ਼ਹਿਰ ’ਤੇ ਡਰੋਨ ਬਾਜ਼ ਅੱਖ ਰੱਖਣਗੇ। ਉਨ੍ਹਾਂ ਦੱਸਿਆ ਕਿ ਮੋਬਾਈਲ ਸੇਵਾਵਾਂ ਨੂੰ ਸੁਚਾਰੂ ਜਾਰੀ ਰੱਖਣ ਲਈ ਮੋਬਾਈਲ ਕੰਪਨੀਆਂ ਵੱਲੋਂ ਆਰਜ਼ੀ ਤੌਰ ’ਤੇ ਟਾਵਰ ਸਥਾਪਤ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ 60 ਐਂਬੂਲੈਂਸਾਂ ਅਤੇ ਫਾਇਰ ਬ੍ਰਿਗੇਡ ਗੱਡੀਆਂ ਤਾਇਨਾਤ ਹੋਣਗੀਆਂ ਤਾਂ ਕਿ ਕਿਸੇ ਵੀ ਅਣਸੁਖਾਵੀਂ ਘਟਨਾ ਨਾਲ ਤੁਰੰਤ ਨਜਿੱਠਿਆ ਜਾ ਸਕੇ।
ਮੁੱਖ ਮੰਤਰੀ ਨੇ ਕਿਹਾ ਕਿ ਸ਼ਹਿਰ ਦੀ ਸਫਾਈ ਦਾ ਕੰਮ ਸਭ ਤੋਂ ਮਹੱਤਵਪੂਰਨ ਹੁੰਦਾ ਹੈ ਜਿਸ ਲਈ ਵੱਖ-ਵੱਖ ਜ਼ਿਲ੍ਹਿਆਂ ਤੋਂ ਮਸ਼ੀਨਰੀ ਮੰਗਵਾ ਕੇ ਸਫਾਈ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸਫਾਈ ਲਈ ਵਲੰਟੀਅਰਾਂ ਦੀ ਟੀਮਾਂ ਤਾਇਨਾਤ ਹੋਣਗੀਆਂ ਜੋ ਸ਼ਿਫਟਾਂ ਵਿੱਚ ਦਿਨ-ਰਾਤ ਡਿਊਟੀ ਨਿਭਾਉਣਗੀਆਂ ਤਾਂ ਕਿ ਸ਼ਹਿਰ ਦੀ ਪਵਿੱਤਰਤਾ ਨੂੰ ਕਾਇਮ ਰੱਖਿਆ ਜਾ ਸਕੇ।


