- ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ ਮਾਮਲੇ ’ਚ 29 ਜੂਨ ਨੂੰ ਸਿੱਖ ਮੰਤਰੀਆਂ ਤੇ ਵਿਧਾਇਕਾਂ ਨੂੰ ਕੀਤਾ ਤਲਬ
ਸ੍ਰੀ ਅੰਮ੍ਰਿਤਸਰ, 15 ਜੂਨ : ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੰਜਾਬ ਸਰਕਾਰ ਵੱਲੋਂ ਸਿੱਖ ਧਾਰਮਿਕ ਮਾਮਲਿਆਂ ਵਿੱਚ ਦਖ਼ਲਅੰਦਾਜ਼ੀ ਸਬੰਧੀ ਦੋ ਮਹੱਤਵਪੂਰਨ ਮਤੇ ਸਰਬਸੰਮਤੀ ਨਾਲ ਪਾਸ ਕੀਤੇ ਗਏ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੂੰ ‘ਗੁਰੂ ਦੋਖੀ’ ਅਤੇ ‘ਖ਼ਾਲਸਾ ਪੰਥ ਵਿਰੋਧੀ’ ਕਰਾਰ ਦਿੱਤਾ ਗਿਆ।
ਪਹਿਲੇ ਮਤੇ ਵਿੱਚ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ-2026 ’ਤੇ ਵਿਚਾਰ ਕੀਤਾ ਗਿਆ। ਸਿੰਘ ਸਾਹਿਬਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕੇਂਦਰੀ ਸਿੱਖ ਸੰਸਥਾਵਾਂ ਨਾਲ ਸਹਿਮਤੀ ਤੋਂ ਬਿਨਾਂ ਇਹ ਕਾਨੂੰਨ ਪਾਸ ਕੀਤਾ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਦਰਜ ਕਰਵਾਏ ਇਤਰਾਜ਼ਾਂ ਨੂੰ ਨਜ਼ਰਅੰਦਾਜ਼ ਕੀਤਾ। ਮਤੇ ਵਿੱਚ ਦੋਸ਼ ਲਗਾਇਆ ਗਿਆ ਕਿ ਸਰਕਾਰ ਨੇ ਸਿੱਖ ਭਾਵਨਾਵਾਂ ਦੀ ਅਣਦੇਖੀ ਕੀਤੀ ਅਤੇ ਮੁੱਖ ਮੰਤਰੀ ਵੱਲੋਂ ਦਿੱਤੇ ਗਏ ਬਿਆਨਾਂ ਕਾਰਨ ਸਿੱਖ ਸੰਗਤਾਂ ਵਿੱਚ ਰੋਸ ਪੈਦਾ ਹੋਇਆ ਹੈ।
ਇਸ ਮਾਮਲੇ ਸਬੰਧੀ ਪੰਜ ਸਿੰਘ ਸਾਹਿਬਾਨ ਨੇ ਫ਼ੈਸਲਾ ਕੀਤਾ ਕਿ ਮੁੱਖ ਮੰਤਰੀ ਨੂੰ ਛੱਡ ਕੇ ਪੰਜਾਬ ਕੈਬਨਿਟ ਦੇ ਸਿੱਖ ਮੰਤਰੀਆਂ ਅਤੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਸਿੱਖ ਵਿਧਾਇਕਾਂ ਨੂੰ 29 ਜੂਨ 2026 ਨੂੰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਕੀਤਾ ਜਾਵੇਗਾ। ਨਾਲ ਹੀ ਕੈਬਨਿਟ ਦੇ ਗੈਰ-ਸਿੱਖ ਮੰਤਰੀਆਂ ਤੋਂ ਲਿਖਤੀ ਸਪੱਸ਼ਟੀਕਰਨ ਮੰਗਿਆ ਜਾਵੇਗਾ।
ਦੂਜੇ ਮਤੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨਾਲ ਸਬੰਧਤ ਇੱਕ ਵਿਵਾਦਤ ਵੀਡੀਓ ਦਾ ਮਾਮਲਾ ਵਿਚਾਰਿਆ ਗਿਆ। ਸਿੰਘ ਸਾਹਿਬਾਨ ਅਨੁਸਾਰ ਮੁੱਖ ਮੰਤਰੀ ਨੇ ਜਨਵਰੀ 2026 ਵਿੱਚ ਇਸ ਵੀਡੀਓ ਨੂੰ ਏ.ਆਈ. ਨਾਲ ਬਣੀ ਅਤੇ ਝੂਠੀ ਦੱਸਿਆ ਸੀ। ਹਾਲਾਂਕਿ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕਰਵਾਈ ਗਈ ਦੋ ਮਾਨਤਾ ਪ੍ਰਾਪਤ ਫੋਰੈਂਸਿਕ ਜਾਂਚਾਂ ਦੀਆਂ ਰਿਪੋਰਟਾਂ ਵਿੱਚ ਵੀਡੀਓ ਨੂੰ ਅਸਲੀ ਦੱਸਿਆ ਗਿਆ ਹੈ।
ਮਤੇ ਵਿੱਚ ਕਿਹਾ ਗਿਆ ਕਿ ਵੀਡੀਓ ਵਿੱਚ ਮੁੱਖ ਮੰਤਰੀ ਨੂੰ ਸਿੱਖ ਗੁਰੂ ਸਾਹਿਬਾਨ ਦੀ ਪ੍ਰਤੀਕ ਤਸਵੀਰ ਅਤੇ ਸੰਤ ਗਿਆਨੀ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੀ ਤਸਵੀਰ ਨਾਲ ਇਤਰਾਜ਼ਯੋਗ ਹਰਕਤਾਂ ਕਰਦਿਆਂ ਦਿਖਾਇਆ ਗਿਆ ਹੈ, ਜਿਸ ਨਾਲ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨੂੰ ਠੇਸ ਪੁੱਜੀ ਹੈ।
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੱਦੀ ਗਈ ਪੰਥਕ ਜਥੇਬੰਦੀਆਂ, ਸੰਪਰਦਾਵਾਂ, ਦਲ ਪੰਥਾਂ, ਵਿਦਵਾਨਾਂ ਅਤੇ ਕਾਨੂੰਨੀ ਮਾਹਰਾਂ ਦੀ ਇਕੱਤਰਤਾ ਵਿੱਚ ਵੀ ਇਸ ਮਾਮਲੇ ’ਤੇ ਵਿਚਾਰ ਕੀਤਾ ਗਿਆ। ਇਕੱਤਰਤਾ ਦੀ ਰਾਏ ਦੇ ਆਧਾਰ ’ਤੇ ਪੰਜ ਸਿੰਘ ਸਾਹਿਬਾਨ ਨੇ ਮਤਾ ਪਾਸ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੂੰ ‘ਗੁਰੂ ਦੋਖੀ’ ਅਤੇ ‘ਖ਼ਾਲਸਾ ਪੰਥ ਵਿਰੋਧੀ’ ਕਰਾਰ ਦਿੱਤਾ ਅਤੇ ਸਿੱਖ ਸੰਗਤ ਨੂੰ ਉਨ੍ਹਾਂ ਤੋਂ ਦੂਰੀ ਬਣਾਈ ਰੱਖਣ ਦੀ ਅਪੀਲ ਕੀਤੀ।
