ਅੰਮ੍ਰਿਤਸਰ, 8 ਮਈ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਪਹੁੰਚੇ, ਜਿੱਥੇ ਉਨ੍ਹਾਂ ਨੇ ਬੇਅਦਬੀ ਵਿਰੁੱਧ ਪੰਜਾਬ ਸਰਕਾਰ ਵੱਲੋਂ ਲਿਆਂਦੇ ਗਏ ਨਵੇਂ ਕਾਨੂੰਨ ਸਬੰਧੀ ਆਪਣਾ ਸਪੱਸ਼ਟੀਕਰਨ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸੌਂਪਿਆ।
ਦੱਸਣਯੋਗ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬੇਅਦਬੀ ਨਾਲ ਜੁੜੇ ਇਸ ਸੰਵੇਦਨਸ਼ੀਲ ਮਾਮਲੇ ‘ਤੇ ਕਾਨੂੰਨ ਬਣਾਉਣ ਦੀ ਪ੍ਰਕਿਰਿਆ ‘ਤੇ ਸਵਾਲ ਉਠਾਏ ਗਏ ਸਨ। ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਸੀ ਕਿ ਧਾਰਮਿਕ ਅਤੇ ਪੰਥਕ ਮਸਲਿਆਂ ‘ਤੇ ਕੋਈ ਵੀ ਕਾਨੂੰਨ ਬਣਾਉਣ ਤੋਂ ਪਹਿਲਾਂ ਪੰਥ ਦੀ ਸਮੂਹਿਕ ਰਾਏ ਲੈਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸਿੱਖ ਕੌਮ ਨਾਲ ਜੁੜੇ ਮਾਮਲਿਆਂ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਭੂਮਿਕਾ ਸਭ ਤੋਂ ਉੱਚੀ ਮੰਨੀ ਜਾਂਦੀ ਹੈ ਅਤੇ ਇਸ ਨੂੰ ਨਜ਼ਰਅੰਦਾਜ਼ ਕਰਨਾ ਠੀਕ ਨਹੀਂ।
ਇਸੇ ਮਾਮਲੇ ਸਬੰਧੀ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣ ਲਈ ਕਿਹਾ ਗਿਆ ਸੀ। ਮੀਟਿੰਗ ਦੌਰਾਨ ਸੰਧਵਾਂ ਨੇ ਆਪਣਾ ਪੱਖ ਰੱਖਿਆ ਅਤੇ ਸਰਕਾਰ ਵੱਲੋਂ ਲਿਆਂਦੇ ਗਏ ਕਾਨੂੰਨ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।
ਮੀਟਿੰਗ ਤੋਂ ਬਾਅਦ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਵੀ ਹੋਏ। ਇਸ ਦੌਰਾਨ ਉਨ੍ਹਾਂ ਨੇ ਮੱਥਾ ਟੇਕ ਕੇ ਅਰਦਾਸ ਕੀਤੀ।
ਇਸ ਮਾਮਲੇ ਨੂੰ ਲੈ ਕੇ ਪੰਜਾਬ ਦੀ ਸਿਆਸਤ ਅਤੇ ਧਾਰਮਿਕ ਵਰਗਾਂ ਵਿੱਚ ਚਰਚਾ ਜਾਰੀ ਹੈ। ਬੇਅਦਬੀ ਵਿਰੁੱਧ ਕਾਨੂੰਨ ਨੂੰ ਲੈ ਕੇ ਜਿੱਥੇ ਸਰਕਾਰ ਇਸਨੂੰ ਸਖ਼ਤ ਕਦਮ ਦੱਸ ਰਹੀ ਹੈ, ਉੱਥੇ ਹੀ ਪੰਥਕ ਜਥੇਬੰਦੀਆਂ ਵੱਲੋਂ ਧਾਰਮਿਕ ਸੰਸਥਾਵਾਂ ਨਾਲ ਸਲਾਹ-ਮਸ਼ਵਰਾ ਨਾ ਕਰਨ ‘ਤੇ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ।
