ਸੰਗਰੂਰ, 21 ਮਾਰਚ: ਪੰਜਾਬ ਦੇ ਸੰਗਰੂਰ ਜ਼ਿਲ੍ਹੇ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੁਣ ਤੱਕ ਅੱਠ ਲੋਕਾਂ ਦੀ ਮੌਤ ਹੋ ਗਈ ਹੈ। ਇਨ੍ਹਾਂ ਵਿੱਚੋਂ ਛੇ ਦਿੜ੍ਹਬਾ ਇਲਾਕੇ ਦੇ ਗੁਰਜਨ ਪਿੰਡ ਦੇ ਵਸਨੀਕ ਸਨ। ਢੰਡੋਲੀ ਪਿੰਡ ਦੇ ਦੋ ਲੋਕਾਂ ਦੀ ਵੀ ਮੌਤ ਹੋ ਗਈ। ਪੁਲਿਸ ਨੇ ਇਸ ਮਾਮਲੇ ਵਿੱਚ ਸਖ਼ਤ ਕਾਰਵਾਈ ਕਰਦਿਆਂ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਤੋਂ ਮਹੱਤਵਪੂਰਨ ਤੱਥ ਸਾਹਮਣੇ ਆਉਣ ਦੀ ਸੰਭਾਵਨਾ ਹੈ। ਪੁਲਿਸ ਨੇ ਮੁਲਜ਼ਮਾਂ ‘ਤੇ ਕਤਲ ਦੀ ਧਾਰਾ 302 ਦਾ ਦੋਸ਼ ਲਗਾਇਆ ਹੈ। ਮਾਮਲੇ ਦੀ ਜਾਂਚ ਐਸਆਈਟੀ ਵੱਲੋਂ ਕੀਤੀ ਜਾ ਰਹੀ ਹੈ।
ਢੰਡੋਲੀ ਪਿੰਡ ਦੇ ਦੋ ਵਸਨੀਕਾਂ ਦੀ ਹਾਲਤ ਵਿਗੜਨ ਤੋਂ ਬਾਅਦ ਬੁੱਧਵਾਰ ਸ਼ਾਮ ਨੂੰ ਉਨ੍ਹਾਂ ਨੂੰ ਸੰਗਰੂਰ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਉੱਥੋਂ ਉਨ੍ਹਾਂ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਰੈਫਰ ਕਰ ਦਿੱਤਾ ਗਿਆ। ਦੋਵਾਂ ਦੀ ਉੱਥੇ ਇਲਾਜ ਦੌਰਾਨ ਮੌਤ ਹੋ ਗਈ।

ਸੰਗਰੂਰ ਜ਼ਿਲ੍ਹੇ ਦੇ ਗੁਰਜਨ ਪਿੰਡ ਅਤੇ ਢੰਡੋਲੀ ਪਿੰਡ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਵਾਲੇ 17 ਲੋਕਾਂ ਦੀ ਪਛਾਣ ਹੋਈ ਹੈ, ਜਿਨ੍ਹਾਂ ਵਿੱਚੋਂ ਅੱਠ ਦੀ ਮੌਤ ਹੋ ਗਈ ਹੈ। ਬਾਕੀਆਂ ਦਾ ਸੰਗਰੂਰ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਪੁਲਿਸ ਦਾ ਦਾਅਵਾ ਹੈ ਕਿ ਹੁਣ ਤੱਕ ਸਾਰੇ ਸ਼ਰਾਬ ਤਸਕਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਪੁਲਿਸ ਨੇ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਭਾਰਤੀ ਦੰਡਾਵਲੀ ਦੀ ਧਾਰਾ 302 (ਕਤਲ) ਅਤੇ ਆਬਕਾਰੀ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਮਾਮਲੇ ਦੀ ਜਾਂਚ ਲਈ ਪੰਜ ਮੈਂਬਰੀ ਕਮੇਟੀ ਵੀ ਬਣਾਈ ਹੈ। ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਪੀੜਤਾਂ ਨੇ ਕਥਿਤ ਤੌਰ ‘ਤੇ ਸੁਖਵਿੰਦਰ ਸਿੰਘ ਅਤੇ ਮਨਪ੍ਰੀਤ ਸਿੰਘ ਤੋਂ ਸ਼ਰਾਬ ਖਰੀਦੀ ਸੀ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਵਿੰਦਰ ਸਿੰਘ, ਮਨਪ੍ਰੀਤ ਸਿੰਘ ਅਤੇ ਗੁਰਲਾਲ ਸਿੰਘ ਵਜੋਂ ਹੋਈ ਹੈ।
