- ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪੰਜਾਬ ਦੇ ਤਿੰਨ ਸ਼ਹਿਰਾਂ ਵਿੱਚ 5 ਥਾਵਾਂ ‘ਤੇ ਛਾਪੇਮਾਰੀ ਜਾਰੀ
ਚੰਡੀਗੜ੍ਹ, 9 ਮਈ : ਪੰਜਾਬ ਦੀ ਰਾਜਨੀਤੀ ਵਿੱਚ ਅੱਜ ਉਸ ਵੇਲੇ ਹਲਚਲ ਮਚ ਗਈ ਜਦੋਂ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪੰਜਾਬ ਦੇ ਕੈਬਨਿਟ ਮੰਤਰੀ Sanjeev Arora ਨੂੰ ਗ੍ਰਿਫਤਾਰ ਕਰ ਲਿਆ। ਸਵੇਰੇ ਉਨ੍ਹਾਂ ਦੇ ਚੰਡੀਗੜ੍ਹ ਸਥਿਤ ਘਰ ‘ਤੇ ਛਾਪੇਮਾਰੀ ਤੋਂ ਬਾਅਦ ਈਡੀ ਨੇ ਇਹ ਵੱਡੀ ਕਾਰਵਾਈ ਕੀਤੀ ਹੈ। ਹਾਲਾਂਕਿ ਇਸਦੀ ਅਧਿਕਾਰਤ ਤੌਰ ‘ਤੇ ਪੁਸ਼ਟੀ ਨਹੀਂ ਕੀਤੀ ਗਈ ਹੈ।
ਜਾਣਕਾਰੀ ਅਨੁਸਾਰ ਅੱਜ ਤੜਕੇ ਈਡੀ ਦੀ ਟੀਮ ਲਗਭਗ 15 ਗੱਡੀਆਂ ਵਿੱਚ ਚੰਡੀਗੜ੍ਹ ਦੇ ਸੈਕਟਰ-2 ਸਥਿਤ ਮੰਤਰੀ ਅਰੋੜਾ ਦੇ ਨਿਵਾਸ ‘ਤੇ ਪਹੁੰਚੀ। ਅਧਿਕਾਰੀਆਂ ਨੇ ਘਰ ਨੂੰ ਚਾਰੋਂ ਪਾਸਿਆਂ ਤੋਂ ਘੇਰ ਲਿਆ ਅਤੇ ਘਰ ਅੰਦਰ ਲੰਬੇ ਸਮੇਂ ਤੱਕ ਜਾਂਚ ਚੱਲਦੀ ਰਹੀ। ਸੁਰੱਖਿਆ ਦੇ ਮੱਦੇਨਜ਼ਰ ਵੱਡੀ ਗਿਣਤੀ ਵਿੱਚ ਸੀਆਰਪੀਐਫ ਦੇ ਜਵਾਨ ਵੀ ਤਾਇਨਾਤ ਕੀਤੇ ਗਏ ਸਨ।
ਸੂਤਰਾਂ ਮੁਤਾਬਕ, ਇਹ ਛਾਪੇਮਾਰੀ ਕੇਵਲ ਚੰਡੀਗੜ੍ਹ ਤੱਕ ਸੀਮਿਤ ਨਹੀਂ ਸੀ। ਈਡੀ ਵੱਲੋਂ ਤਿੰਨ ਵੱਖ-ਵੱਖ ਸ਼ਹਿਰਾਂ ਵਿੱਚ ਕੁੱਲ ਪੰਜ ਠਿਕਾਣਿਆਂ ‘ਤੇ ਇੱਕੋ ਸਮੇਂ ਕਾਰਵਾਈ ਕੀਤੀ ਜਾ ਰਹੀ ਹੈ। ਹਾਲਾਂਕਿ ਏਜੰਸੀ ਵੱਲੋਂ ਅਜੇ ਤੱਕ ਅਧਿਕਾਰਿਕ ਤੌਰ ‘ਤੇ ਮਾਮਲੇ ਦੇ ਪੂਰੇ ਵੇਰਵੇ ਸਾਂਝੇ ਨਹੀਂ ਕੀਤੇ ਗਏ।
ਖਾਸ ਗੱਲ ਇਹ ਹੈ ਕਿ ਪਿਛਲੇ 22 ਦਿਨਾਂ ਵਿੱਚ ਇਹ ਦੂਜੀ ਵਾਰ ਹੈ ਜਦੋਂ ਮੰਤਰੀ ਸੰਜੀਵ ਅਰੋੜਾ ਈਡੀ ਦੀ ਕਾਰਵਾਈ ਦੇ ਘੇਰੇ ਵਿੱਚ ਆਏ ਹਨ। ਇਸ ਤੋਂ ਪਹਿਲਾਂ ਲਗਭਗ ਤਿੰਨ ਹਫਤੇ ਪਹਿਲਾਂ ਵੀ ਈਡੀ ਨੇ ਲੁਧਿਆਣਾ ਅਤੇ ਜਲੰਧਰ ਵਿੱਚ ਸੰਜੀਵ ਅਰੋੜਾ ਅਤੇ ਉਨ੍ਹਾਂ ਦੇ ਦੋ ਨਜ਼ਦੀਕੀ ਸਾਥੀਆਂ ਨਾਲ ਜੁੜੇ ਟਿਕਾਣਿਆਂ ‘ਤੇ ਛਾਪੇ ਮਾਰੇ ਸਨ। ਉਸ ਸਮੇਂ ਵੀ ਕਈ ਦਸਤਾਵੇਜ਼ ਅਤੇ ਡਿਜ਼ਿਟਲ ਰਿਕਾਰਡ ਜਾਂਚ ਲਈ ਕਬਜ਼ੇ ਵਿੱਚ ਲਏ ਜਾਣ ਦੀਆਂ ਖਬਰਾਂ ਸਾਹਮਣੇ ਆਈਆਂ ਸਨ।
ਮੰਤਰੀ ਦੀ ਗ੍ਰਿਫਤਾਰੀ ਤੋਂ ਬਾਅਦ ਪੰਜਾਬ ਦੀ ਸਿਆਸਤ ਵਿੱਚ ਚਰਚਾ ਤੇਜ਼ ਹੋ ਗਈ ਹੈ। ਵਿਰੋਧੀ ਪਾਰਟੀਆਂ ਵੱਲੋਂ ਇਸ ਮਾਮਲੇ ‘ਤੇ ਸਰਕਾਰ ਨੂੰ ਘੇਰਨ ਦੀ ਤਿਆਰੀ ਕੀਤੀ ਜਾ ਰਹੀ ਹੈ, ਜਦਕਿ ਆਮ ਆਦਮੀ ਪਾਰਟੀ ਵੱਲੋਂ ਅਜੇ ਤੱਕ ਕੋਈ ਵਿਸਥਾਰਪੂਰਵਕ ਅਧਿਕਾਰਿਕ ਪ੍ਰਤੀਕਿਰਿਆ ਸਾਹਮਣੇ ਨਹੀਂ ਆਈ।
ਈਡੀ ਦੀ ਅਗਲੀ ਕਾਰਵਾਈ ਅਤੇ ਮਾਮਲੇ ਨਾਲ ਜੁੜੇ ਹੋਰ ਖੁਲਾਸਿਆਂ ‘ਤੇ ਹੁਣ ਸਭ ਦੀ ਨਜ਼ਰ ਟਿਕੀ ਹੋਈ ਹੈ।
