- 8 ਆਧੁਨਿਕ ਪਿਸਤੌਲ ਅਤੇ ਜ਼ਿੰਦਾ ਕਾਰਤੂਸ ਬਰਾਮਦ, ਡਰੋਨਾਂ ਰਾਹੀਂ ਆ ਰਹੀਆਂ ਸਨ ਖੇਪਾਂ
ਅੰਮ੍ਰਿਤਸਰ, 27 ਮਈ : ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਵੱਡੀ ਕਾਰਵਾਈ ਕਰਦਿਆਂ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 8 ਆਧੁਨਿਕ ਪਿਸਤੌਲ ਅਤੇ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ।
ਪੁਲਿਸ ਵੱਲੋਂ ਕੀਤੀ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਇੱਕ ਵਿਦੇਸ਼ੀ ਤਸਕਰ ਦੇ ਸੰਪਰਕ ਵਿੱਚ ਸਨ ਅਤੇ ਵਰਚੁਅਲ ਨੰਬਰਾਂ ਦੀ ਵਰਤੋਂ ਕਰਕੇ ਉਸ ਨਾਲ ਗੱਲਬਾਤ ਕਰਦੇ ਸਨ। ਜਾਂਚ ਅਨੁਸਾਰ ਇਹ ਮਾਡਿਊਲ ਸਰਹੱਦ ਪਾਰੋਂ ਡਰੋਨਾਂ ਰਾਹੀਂ ਹਥਿਆਰਾਂ ਅਤੇ ਨਸ਼ਿਆਂ ਦੀਆਂ ਖੇਪਾਂ ਮੰਗਵਾਉਂਦਾ ਸੀ ਅਤੇ ਬਾਅਦ ਵਿੱਚ ਉਨ੍ਹਾਂ ਨੂੰ ਪੰਜਾਬ ਦੇ ਵੱਖ-ਵੱਖ ਅਪਰਾਧਿਕ ਤੱਤਾਂ ਤੱਕ ਪਹੁੰਚਾਉਂਦਾ ਸੀ।
ਪੁਲਿਸ ਅਧਿਕਾਰੀਆਂ ਮੁਤਾਬਕ ਇਹ ਗਿਰੋਹ ਕਾਫੀ ਸਮੇਂ ਤੋਂ ਸਰਗਰਮ ਸੀ ਅਤੇ ਇਸ ਦੇ ਸਬੰਧ ਹੋਰ ਅਪਰਾਧਿਕ ਨੈੱਟਵਰਕਾਂ ਨਾਲ ਵੀ ਹੋ ਸਕਦੇ ਹਨ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਕੋਲੋਂ ਮਿਲੇ ਹਥਿਆਰਾਂ ਬਾਰੇ ਜਾਂਚ ਕੀਤੀ ਜਾ ਰਹੀ ਹੈ ਕਿ ਇਹ ਕਿਹੜੀਆਂ ਵਾਰਦਾਤਾਂ ਵਿੱਚ ਵਰਤੇ ਜਾਣੇ ਸਨ ਜਾਂ ਪਹਿਲਾਂ ਕਿਤੇ ਵਰਤੇ ਤਾਂ ਨਹੀਂ ਗਏ।
ਇਸ ਸਬੰਧੀ ਥਾਣਾ ਛੇਹਰਟਾ ਵਿਖੇ ਐਫ.ਆਈ.ਆਰ. ਦਰਜ ਕਰ ਲਈ ਗਈ ਹੈ। ਪੁਲਿਸ ਵੱਲੋਂ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਇਸ ਨੈੱਟਵਰਕ ਨਾਲ ਜੁੜੇ ਹੋਰ ਮੈਂਬਰਾਂ ਦੀ ਪਛਾਣ ਕੀਤੀ ਜਾ ਸਕੇ। ਨਾਲ ਹੀ ਇਹ ਵੀ ਖੰਗਾਲਿਆ ਜਾ ਰਿਹਾ ਹੈ ਕਿ ਹਥਿਆਰਾਂ ਅਤੇ ਨਸ਼ਿਆਂ ਦੀਆਂ ਪਹਿਲਾਂ ਕਿੰਨੀ ਖੇਪਾਂ ਪੰਜਾਬ ਵਿੱਚ ਪਹੁੰਚ ਚੁੱਕੀਆਂ ਹਨ।
ਪੁਲਿਸ ਨੇ ਕਿਹਾ ਕਿ ਸਰਹੱਦੀ ਇਲਾਕਿਆਂ ਵਿੱਚ ਡਰੋਨਾਂ ਰਾਹੀਂ ਹੋ ਰਹੀ ਤਸਕਰੀ ਨੂੰ ਰੋਕਣ ਲਈ ਸੁਰੱਖਿਆ ਏਜੰਸੀਆਂ ਨਾਲ ਮਿਲ ਕੇ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਪੰਜਾਬ ਪੁਲਿਸ ਨੇ ਦੁਹਰਾਇਆ ਕਿ ਨਸ਼ਿਆਂ, ਗੈਰ-ਕਾਨੂੰਨੀ ਹਥਿਆਰਾਂ ਅਤੇ ਸੰਗਠਿਤ ਅਪਰਾਧ ਵਿਰੁੱਧ ਜ਼ੀਰੋ-ਟੌਲਰੈਂਸ ਨੀਤੀ ਤਹਿਤ ਸਖ਼ਤ ਕਾਰਵਾਈ ਜਾਰੀ ਰਹੇਗੀ।







