ਚੰਡੀਗੜ੍ਹ, 8 ਮਾਰਚ 2026 : ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਖਜਾਨਾ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਸਦਨ ’ਚ ਬਜਟ ਪੇਸ਼ ਕੀਤਾ ਜਾ ਰਿਹਾ ਹੈ। ਵਿੱਤ ਮੰਤਰੀ ਹਰਪਾਲ ਚੀਮਾ 2.50 ਲੱਖ ਕਰੋੜ ਰੁਪਏ ਤੋਂ ਵੱਧ ਦਾ ਬਜਟ ਪੇਸ਼ ਕਰ ਰਹੇ ਹਨ। ਅੱਜ ਵਿੱਤ ਮੰਤਰੀ ਹਰਪਾਲ ਚੀਮਾ ਆਪਣੀ ਸਰਕਾਰ ਦੇ ਆਪਣੇ ਪੰਜ ਸਾਲਾਂ ਦੇ ਕਾਰਜਕਾਲ ਦਾ ਆਖਰੀ ਬਜਟ ਪੇਸ਼ ਕਰ ਰਹੇ ਹਨ। ਵਿੱਤ ਮੰਤਰੀ ਨੇ ਕਿਹਾ ਕਿ ਸਰਕਾਰ ਆਪਣੀ ਵੱਡੀ ਗਰੰਟੀ ਨੂੰ ਪੂਰਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਲਈ 1,000 ਰੁਪਏ ਪ੍ਰਤੀ ਮਹੀਨਾ ਦਿੱਤਾ ਜਾਵੇਗਾ।
ਉਨ੍ਹਾਂ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦਾ ਐਲਾਨ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਸਾਰੀਆਂ ਜਨਰਲ ਵਰਗ ਦੀਆਂ ਬਾਲਗ ਬੀਬੀਆਂ ਨੂੰ 1000 ਅਤੇ ਐਸਸੀ ਵਰਗ ਦੀਆਂ ਸਾਰੀਆਂ ਬਾਲਗ ਬੀਬੀਆਂ ਨੂੰ 1500 ਰੁਪਏ ਦਿੱਤੇ ਜਾਣਗੇ। ਇਹ ਰਕਮ ਸਿੱਧੇ ਹੀ ਉਨ੍ਹਾਂ ਦੇ ਖਾਤਿਆਂ ‘ਚ ਟਰਾਂਸਫਰ ਕੀਤੀ ਜਾਵੇਗੀ।
ਇਹ ਯੋਜਨਾ ਦੁਨੀਆ ਦੀ ਪਹਿਲੀ ‘ਸਰਵ-ਵਿਆਪਕ ਕੈਸ਼ ਟ੍ਰਾਂਸਫਰ’ ਸਕੀਮ ਹੋਵੇਗੀ। ਪੰਜਾਬ ਦੀ 18 ਸਾਲ ਤੋਂ ਵੱਧ ਉਮਰ ਦੀ ਹਰ ਔਰਤ ਇਸ ਸਕੀਮ ਅਧੀਨ ਰਜਿਸਟ੍ਰੇਸ਼ਨ ਲਈ ਯੋਗ ਹੋਵੇਗੀ; ਸਿਰਫ਼ ਮੌਜੂਦਾ ਜਾਂ ਸਾਬਕਾ ਸਥਾਈ ਸਰਕਾਰੀ ਕਰਮਚਾਰੀਆਂ, ਮੌਜੂਦਾ ਅਤੇ ਸਾਬਕਾ ਸੰਸਦ ਮੈਂਬਰਾਂ/ਵਿਧਾਇਕਾਂ ਅਤੇ ਇਨਕਮ ਟੈਕਸ ਭਰਨ ਵਾਲਿਆਂ ਨੂੰ ਹੀ ਇਸ ਘੇਰੇ ਤੋਂ ਬਾਹਰ ਰੱਖਿਆ ਗਿਆ ਹੈ।
ਉਹ ਔਰਤਾਂ ਵੀ ਇਸ ਸਕੀਮ ਲਈ ਯੋਗ ਹੋਣਗੀਆਂ ਜੋ ਪਹਿਲਾਂ ਹੀ ਮੌਜੂਦਾ ਸਮਾਜਿਕ ਸੁਰੱਖਿਆ ਪੈਨਸ਼ਨ ਸਕੀਮਾਂ ਜਿਵੇਂ ਬੁਢਾਪਾ ਪੈਨਸ਼ਨ, ਵਿਧਵਾ/ਬੇਸਹਾਰਾ ਮਹਿਲਾ ਪੈਨਸ਼ਨ ਜਾਂ ਅਪੰਗਤਾ ਪੈਨਸ਼ਨ ਸਕੀਮ ਆਦਿ ਦਾ ਲਾਭ ਲੈ ਰਹੀਆਂ ਹਨ। ਪੰਜਾਬ ਦੀਆਂ ਲਗਭਗ 97% ਬਾਲਗ ਔਰਤਾਂ ਇਸ ਸਕੀਮ ਅਧੀਨ ਯੋਗ ਹੋਣਗੀਆਂ ਜੋ ਭਾਰਤ ਦੇ ਕਿਸੇ ਵੀ ਰਾਜ ਨਾਲੋਂ ਵੱਧ ਹੈ। ਪੰਜਾਬ ਸਰਕਰ ਵੱਲੋਂ ਮਹਿਲਾਵਾਂ ਨੂੰ 1000 ਰੁਪਏ ਮਹੀਨਾ ਦੇਣ ਲਈ 9300 ਕਰੋੜ ਦਾ ਬਜਟ ਰੱਖਿਆ ਗਿਆ ਹੈ।


