- ਫੌਜੀ ਕਰਮਚਾਰੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਲੈ ਜਾ ਰਹੀ ਰੇਲਗੱਡੀ ਨੂੰ ਬਣਾਇਆ ਨਿਸ਼ਾਨਾ
ਕਵੇਟਾ, 24 ਮਈ : ਪਾਕਿਸਤਾਨ ਦੇ ਅਸ਼ਾਂਤ ਸੂਬੇ Balochistan ਵਿੱਚ ਐਤਵਾਰ ਨੂੰ ਇੱਕ ਭਿਆਨਕ ਧਮਾਕੇ ਨੇ ਹੜਕੰਪ ਮਚਾ ਦਿੱਤਾ। ਸੂਬਾਈ ਰਾਜਧਾਨੀ Quetta ਦੇ ਚਮਨ ਫਾਟਕ ਰੇਲਵੇ ਖੇਤਰ ਨੇੜੇ ਹੋਏ ਇਸ ਸ਼ਕਤੀਸ਼ਾਲੀ ਧਮਾਕੇ ਵਿੱਚ ਘੱਟੋ-ਘੱਟ 30 ਲੋਕਾਂ ਦੀ ਮੌਤ ਹੋ ਗਈ, ਜਦਕਿ 80 ਤੋਂ ਵੱਧ ਲੋਕ ਜ਼ਖਮੀ ਹੋਏ ਹਨ। ਧਮਾਕੇ ਤੋਂ ਬਾਅਦ ਇਲਾਕੇ ਵਿੱਚ ਅਫ਼ਰਾਤਫ਼ਰੀ ਦਾ ਮਾਹੌਲ ਬਣ ਗਿਆ ਅਤੇ ਰਾਹਤ ਤੇ ਬਚਾਅ ਟੀਮਾਂ ਨੂੰ ਤੁਰੰਤ ਮੌਕੇ ‘ਤੇ ਭੇਜਿਆ ਗਿਆ।
ਸਥਾਨਕ ਅਧਿਕਾਰੀਆਂ ਮੁਤਾਬਕ ਇਹ ਹਮਲਾ ਉਸ ਵੇਲੇ ਹੋਇਆ ਜਦੋਂ ਫੌਜੀ ਕਰਮਚਾਰੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਲੈ ਕੇ ਜਾ ਰਹੀ ਇੱਕ ਰੇਲਗੱਡੀ ਚਮਨ ਫਾਟਕ ਇਲਾਕੇ ਵਿੱਚੋਂ ਲੰਘ ਰਹੀ ਸੀ। ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਵਿਸਫੋਟਕਾਂ ਨਾਲ ਭਰੀ ਇੱਕ ਗੱਡੀ ਨੇ ਰੇਲਵੇ ਸਿਗਨਲ ਪਾਰ ਕਰਦੇ ਹੋਏ ਰੇਲਗੱਡੀ ਦੇ ਇੱਕ ਡੱਬੇ ਨਾਲ ਟੱਕਰ ਮਾਰੀ, ਜਿਸ ਤੋਂ ਬਾਅਦ ਜ਼ਬਰਦਸਤ ਧਮਾਕਾ ਹੋਇਆ।
ਧਮਾਕੇ ਦੀ ਤੀਬਰਤਾ ਇੰਨੀ ਵੱਧ ਸੀ ਕਿ ਰੇਲਗੱਡੀ ਦੇ ਕਈ ਡੱਬੇ ਪਟੜੀ ਤੋਂ ਉਤਰ ਗਏ ਅਤੇ ਕੁਝ ਡੱਬੇ ਪਲਟ ਵੀ ਗਏ। ਮੌਕੇ ‘ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਧਮਾਕੇ ਦੀ ਆਵਾਜ਼ ਕਈ ਕਿਲੋਮੀਟਰ ਦੂਰ ਤੱਕ ਸੁਣਾਈ ਦਿੱਤੀ। ਧਮਾਕੇ ਤੋਂ ਬਾਅਦ ਰੇਲਵੇ ਟਰੈਕ ਅਤੇ ਆਲੇ-ਦੁਆਲੇ ਦਾ ਇਲਾਕਾ ਤਬਾਹੀ ਦੇ ਮੰਜ਼ਰ ਵਿੱਚ ਤਬਦੀਲ ਹੋ ਗਿਆ।
ਜ਼ਖਮੀਆਂ ਨੂੰ ਤੁਰੰਤ ਨੇੜਲੇ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਕਈ ਲੋਕਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਹਸਪਤਾਲਾਂ ਵਿੱਚ ਐਮਰਜੈਂਸੀ ਲਾਗੂ ਕਰ ਦਿੱਤੀ ਗਈ ਹੈ ਅਤੇ ਡਾਕਟਰਾਂ ਦੀਆਂ ਵਾਧੂ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ।
ਪਾਕਿਸਤਾਨੀ ਸੁਰੱਖਿਆ ਏਜੰਸੀਆਂ ਨੇ ਇਸ ਹਮਲੇ ਨੂੰ “ਨਿਸ਼ਾਨਾ ਬਣਾਈ ਗਈ ਕਾਰਵਾਈ” ਕਰਾਰ ਦਿੱਤਾ ਹੈ। ਹਾਲਾਂਕਿ ਹਮਲੇ ਦੀ ਜ਼ਿੰਮੇਵਾਰੀ ਅਜੇ ਤੱਕ ਕਿਸੇ ਵੀ ਸੰਗਠਨ ਨੇ ਨਹੀਂ ਲਈ, ਪਰ ਬਲੋਚਿਸਤਾਨ ਵਿੱਚ ਪਹਿਲਾਂ ਵੀ ਅਜਿਹੇ ਹਮਲੇ ਹੋ ਚੁੱਕੇ ਹਨ। ਸੁਰੱਖਿਆ ਬਲਾਂ ਨੇ ਇਲਾਕੇ ਨੂੰ ਘੇਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਸ਼ੱਕੀ ਲੋਕਾਂ ਦੀ ਭਾਲ ਜਾਰੀ ਹੈ।
ਇਸ ਘਟਨਾ ਤੋਂ ਬਾਅਦ ਪਾਕਿਸਤਾਨ ਵਿੱਚ ਸੁਰੱਖਿਆ ਪ੍ਰਬੰਧਾਂ ‘ਤੇ ਇੱਕ ਵਾਰ ਫਿਰ ਸਵਾਲ ਖੜ੍ਹੇ ਹੋ ਗਏ ਹਨ।
