- 24,453 ਬੀਐਲਓ ਘਰ-ਘਰ ਜਾ ਕੇ ਕਰਨਗੇ ਤਸਦੀਕ, 2.14 ਕਰੋੜ ਤੋਂ ਵੱਧ ਵੋਟਰਾਂ ਤੱਕ ਪਹੁੰਚਣ ਦਾ ਟੀਚਾ
ਚੰਡੀਗੜ੍ਹ, 24 ਜੂਨ : ਪੰਜਾਬ ਵਿੱਚ ਵੋਟਰ ਸੂਚੀਆਂ ਨੂੰ ਅਪਡੇਟ ਕਰਨ ਲਈ 25 ਜੂਨ ਤੋਂ ਵਿਸ਼ੇਸ਼ ਇੰਟੈਂਸਿਵ ਰਿਵੀਜ਼ਨ (ਐੱਸਆਈਆਰ) ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਇਸ ਸਬੰਧੀ ਪੰਜਾਬ ਦੀ ਮੁੱਖ ਚੋਣ ਅਧਿਕਾਰੀ ਅਨਿੰਦਿਤਾ ਮਿੱਤਰਾ ਨੇ ਬੁੱਧਵਾਰ ਨੂੰ ਪੰਜਾਬ ਭਵਨ ਵਿਖੇ ਹੋਈ ਮੀਡੀਆ ਮੀਟਿੰਗ ਦੌਰਾਨ ਮੁਹਿੰਮ ਦੀ ਰੂਪ-ਰੇਖਾ ਸਾਂਝੀ ਕੀਤੀ।
ਉਨ੍ਹਾਂ ਦੱਸਿਆ ਕਿ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ 25 ਜੂਨ 2026 ਤੋਂ 24 ਜੁਲਾਈ 2026 ਤੱਕ ਘਰੋਂ-ਘਰੀਂ ਗਣਨਾ ਅਤੇ ਵੋਟਰਾਂ ਦੀ ਤਸਦੀਕ ਦਾ ਕੰਮ ਕੀਤਾ ਜਾਵੇਗਾ। ਇਸ ਵਿਸ਼ੇਸ਼ ਸੁਧਾਈ ਮੁਹਿੰਮ ਦੌਰਾਨ ਸੂਬੇ ਦੇ 2 ਕਰੋੜ 14 ਲੱਖ 61 ਹਜ਼ਾਰ 43 ਵੋਟਰਾਂ ਤੱਕ ਪਹੁੰਚ ਕੀਤੀ ਜਾਵੇਗੀ।
ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਇਸ ਕਾਰਜ ਲਈ ਸੂਬੇ ਭਰ ਵਿੱਚ 24,453 ਬੂਥ ਲੈਵਲ ਅਫਸਰ (ਬੀਐਲਓ) ਤਾਇਨਾਤ ਕੀਤੇ ਗਏ ਹਨ, ਜੋ ਘਰ-ਘਰ ਜਾ ਕੇ ਵੋਟਰਾਂ ਦੇ ਵੇਰਵਿਆਂ ਦੀ ਤਸਦੀਕ ਕਰਨਗੇ। ਇਸ ਦੇ ਨਾਲ ਹੀ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਲਾਈਜ਼ੇਸ਼ਨ ਦਾ ਕੰਮ ਵੀ 24 ਜੁਲਾਈ 2026 ਤੱਕ ਮੁਕੰਮਲ ਕੀਤਾ ਜਾਵੇਗਾ।
ਉਨ੍ਹਾਂ ਅਨੁਸਾਰ ਵੋਟਰ ਸੂਚੀਆਂ ਦਾ ਖਰੜਾ 3 ਅਗਸਤ 2026 ਨੂੰ ਪ੍ਰਕਾਸ਼ਿਤ ਕੀਤਾ ਜਾਵੇਗਾ। ਇਸ ਤੋਂ ਬਾਅਦ 3 ਅਗਸਤ ਤੋਂ 2 ਸਤੰਬਰ 2026 ਤੱਕ ਦਾਅਵੇ ਅਤੇ ਇਤਰਾਜ਼ ਦਾਖ਼ਲ ਕੀਤੇ ਜਾ ਸਕਣਗੇ। ਪ੍ਰਾਪਤ ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ 28 ਸਤੰਬਰ 2026 ਤੱਕ ਕੀਤਾ ਜਾਵੇਗਾ, ਜਦਕਿ ਅੰਤਿਮ ਵੋਟਰ ਸੂਚੀ 1 ਅਕਤੂਬਰ 2026 ਨੂੰ ਜਾਰੀ ਕੀਤੀ ਜਾਵੇਗੀ।
ਮੀਟਿੰਗ ਦੌਰਾਨ ਇਹ ਵੀ ਜਾਣਕਾਰੀ ਦਿੱਤੀ ਗਈ ਕਿ ਪੰਜਾਬ ਵਿੱਚ ਹੁਣ ਤੱਕ 86.02 ਫੀਸਦੀ ਵੋਟਰਾਂ ਦੀ ਮੈਪਿੰਗ ਕੀਤੀ ਜਾ ਚੁੱਕੀ ਹੈ। ਜਿਨ੍ਹਾਂ ਵੋਟਰਾਂ ਦੀ ਮੈਪਿੰਗ ਬਾਕੀ ਹੈ, ਉਨ੍ਹਾਂ ਦੀ ਸੂਚੀ ਸਾਰੀਆਂ ਰਾਜਨੀਤਿਕ ਪਾਰਟੀਆਂ ਨੂੰ ਮੁਹੱਈਆ ਕਰਵਾ ਦਿੱਤੀ ਗਈ ਹੈ। ਚੋਣ ਕਮਿਸ਼ਨ ਨੇ ਰਾਜਨੀਤਿਕ ਪਾਰਟੀਆਂ ਨੂੰ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਪੂਰਾ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ।
