- ਰਾਜ ਸਭਾ ਵਿੱਚ ਭਾਜਪਾ ਸੰਸਦ ਮੈਂਬਰਾਂ ਦੀ ਗਿਣਤੀ 113 ਤੱਕ ਪਹੁੰਚ ਗਈ
ਨਵੀਂ ਦਿੱਲੀ, 27 ਮਾਰਚ : ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਨੂੰ ਵੱਡਾ ਰਾਜਨੀਤਿਕ ਝਟਕਾ ਲੱਗਿਆ ਹੈ। ਰਾਜ ਸਭਾ ਸਕੱਤਰੇਤ ਨੇ ਬਾਗ਼ੀ ‘ਆਪ’ ਸੰਸਦ ਮੈਂਬਰਾਂ ਨੂੰ ਭਾਰਤੀ ਜਨਤਾ ਪਾਰਟੀ ਦੇ ਮੈਂਬਰ ਵਜੋਂ ਮਾਨਤਾ ਦੇ ਦਿੱਤੀ ਹੈ। ਇਸ ਸਬੰਧੀ ਅਧਿਕਾਰਕ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।
ਨੋਟੀਫਿਕੇਸ਼ਨ ਅਨੁਸਾਰ, ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਸੰਸਦ ਮੈਂਬਰ ਹੁਣ ਉੱਚ ਸਦਨ ਵਿੱਚ ਭਾਜਪਾ ਦਾ ਹਿੱਸਾ ਮੰਨੇ ਜਾਣਗੇ। ਇਸ ਦੇ ਨਾਲ ਹੀ ਰਾਜ ਸਭਾ ਵਿੱਚ ਭਾਜਪਾ ਮੈਂਬਰਾਂ ਦੀ ਗਿਣਤੀ ਵੱਧ ਕੇ 113 ਹੋ ਗਈ ਹੈ, ਜੋ ਕਿ ਰਾਜਨੀਤਿਕ ਸਮੀਕਰਨਾਂ ਨੂੰ ਨਵਾਂ ਰੁੱਖ ਦੇ ਸਕਦੀ ਹੈ।
ਇਸ ਮਾਮਲੇ ‘ਤੇ ਸੰਜੇ ਸਿੰਘ ਨੇ ਤਿੱਖੀ ਪ੍ਰਤੀਕ੍ਰਿਆ ਦਿੱਤੀ ਹੈ। ਉਨ੍ਹਾਂ ਨੇ ਰਾਜ ਸਭਾ ਦੇ ਚੇਅਰਮੈਨ ਸੀ.ਪੀ. ਰਾਧਾਕ੍ਰਿਸ਼ਨਨ ਨੂੰ ਪੱਤਰ ਲਿਖ ਕੇ ‘ਆਪ’ ਛੱਡਣ ਵਾਲੇ ਸੱਤ ਸੰਸਦ ਮੈਂਬਰਾਂ ਨੂੰ ਅਯੋਗ ਕਰਾਰ ਦੇਣ ਦੀ ਮੰਗ ਕੀਤੀ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਸੰਸਦ ਮੈਂਬਰ ‘ਆਪ’ ਦੀ ਟਿਕਟ ‘ਤੇ ਚੁਣੇ ਗਏ ਸਨ ਪਰ ਬਾਅਦ ਵਿੱਚ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ, ਜੋ ਦਲ-ਬਦਲੀ ਦੇ ਕਾਨੂੰਨਾਂ ਦੀ ਉਲੰਘਣਾ ਹੈ।
ਦੂਜੇ ਪਾਸੇ, ਰਾਘਵ ਚੱਢਾ, ਸੰਦੀਪ ਪਾਠਕ ਅਤੇ ਅਸ਼ੋਕ ਮਿੱਤਲ ਨੇ ਪ੍ਰੈਸ ਕਾਨਫਰੰਸ ਕਰਕੇ ‘ਆਪ’ ਤੋਂ ਵੱਖ ਹੋਣ ਦਾ ਐਲਾਨ ਕੀਤਾ। ਉਨ੍ਹਾਂ ਦਾ ਦਾਅਵਾ ਹੈ ਕਿ ਹਰਭਜਨ ਸਿੰਘ, ਸਵਾਤੀ ਮਾਲੀਵਾਲ, ਵਿਕਰਮ ਸਾਹਨੀ ਅਤੇ ਰਾਜਿੰਦਰ ਗੁਪਤਾ ਵੀ ਉਨ੍ਹਾਂ ਦੇ ਨਾਲ ਹਨ। ਇਨ੍ਹਾਂ ਵਿੱਚੋਂ ਵੱਧਤਰ ਮੈਂਬਰ ਪੰਜਾਬ ਤੋਂ ਰਾਜ ਸਭਾ ਲਈ ਚੁਣੇ ਗਏ ਸਨ।
ਬਾਗ਼ੀ ਸੰਸਦ ਮੈਂਬਰਾਂ ਨੇ ਦੋਸ਼ ਲਗਾਇਆ ਕਿ ਪਾਰਟੀ ਆਪਣੇ ਮੁੱਢਲੇ ਸਿਧਾਂਤਾਂ ਤੋਂ ਭਟਕ ਗਈ ਹੈ। ਰਾਘਵ ਚੱਢਾ ਨੇ ਕਿਹਾ ਕਿ ਸੰਵਿਧਾਨ ਅਨੁਸਾਰ ਜੇਕਰ ਕਿਸੇ ਪਾਰਟੀ ਦੇ ਦੋ ਤਿਹਾਈ ਸੰਸਦ ਮੈਂਬਰ ਇਕੱਠੇ ਹੋ ਕੇ ਦੂਜੀ ਪਾਰਟੀ ਵਿੱਚ ਸ਼ਾਮਲ ਹੁੰਦੇ ਹਨ, ਤਾਂ ਇਹ ਕਾਨੂੰਨੀ ਤੌਰ ‘ਤੇ ਮਨਜ਼ੂਰ ਹੈ।
ਇਸ ਸਾਰੇ ਮਾਮਲੇ ਨੇ ਦੇਸ਼ ਦੀ ਰਾਜਨੀਤੀ ਵਿੱਚ ਨਵੀਂ ਚਰਚਾ ਛੇੜ ਦਿੱਤੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਇਸ ‘ਤੇ ਕਾਨੂੰਨੀ ਅਤੇ ਰਾਜਨੀਤਿਕ ਲੜਾਈ ਹੋਰ ਤੇਜ਼ ਹੋ ਸਕਦੀ ਹੈ।
