Home ਪੰਜਾਬਪੰਜਾਬ ਦੇ 6 ਮੰਦਰਾਂ ਅਤੇ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸੁਰੱਖਿਆ ਏਜੰਸੀਆਂ ਅਲਰਟ

ਪੰਜਾਬ ਦੇ 6 ਮੰਦਰਾਂ ਅਤੇ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸੁਰੱਖਿਆ ਏਜੰਸੀਆਂ ਅਲਰਟ

by Live 24 Punjabi
  • ਦੁਰਗਿਆਣਾ ਮੰਦਰ, ਕਾਲੀ ਮਾਤਾ ਮੰਦਰ ਤੇ ਦੇਵੀ ਤਾਲਾਬ ਮੰਦਰ ਸਮੇਤ ਕਈ ਧਾਰਮਿਕ ਸਥਾਨਾਂ ਨੂੰ ਮਿਲੇ ਧਮਕੀ ਭਰੇ ਈਮੇਲ; ਤਲਾਸ਼ੀ ਦੌਰਾਨ ਕੁਝ ਸ਼ੱਕੀ ਨਹੀਂ ਮਿਲਿਆ

ਚੰਡੀਗੜ੍ਹ, 4 ਜੂਨ : ਪੰਜਾਬ ਦੇ ਕਈ ਪ੍ਰਮੁੱਖ ਧਾਰਮਿਕ ਸਥਾਨਾਂ ਅਤੇ ਚੰਡੀਗੜ੍ਹ ਸਥਿਤ ਪੰਜਾਬ ਸਿਵਲ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲਣ ਤੋਂ ਬਾਅਦ ਸੁਰੱਖਿਆ ਏਜੰਸੀਆਂ ਵਿੱਚ ਹੜਕੰਪ ਮਚ ਗਿਆ। ਧਮਕੀ ਭਰੇ ਈਮੇਲ ਮਿਲਣ ਤੋਂ ਬਾਅਦ ਪੁਲਿਸ, ਬੰਬ ਨਿਰੋਧਕ ਦਸਤੇ ਅਤੇ ਖੁਫੀਆ ਏਜੰਸੀਆਂ ਨੂੰ ਤੁਰੰਤ ਅਲਰਟ ਕਰ ਦਿੱਤਾ ਗਿਆ ਅਤੇ ਸਬੰਧਤ ਥਾਵਾਂ ‘ਤੇ ਵਿਆਪਕ ਤਲਾਸ਼ੀ ਮੁਹਿੰਮ ਚਲਾਈ ਗਈ।

ਜਾਣਕਾਰੀ ਅਨੁਸਾਰ ਧਮਕੀ ਪੰਜਾਬ ਦੇ ਛੇ ਪ੍ਰਸਿੱਧ ਮੰਦਰਾਂ ਨੂੰ ਦਿੱਤੀ ਗਈ ਹੈ, ਜਿਨ੍ਹਾਂ ਵਿੱਚ ਅੰਮ੍ਰਿਤਸਰ ਦਾ ਦੁਰਗਿਆਣਾ ਮੰਦਰ, ਪਟਿਆਲਾ ਦਾ ਕਾਲੀ ਮਾਤਾ ਮੰਦਰ ਅਤੇ ਜਲੰਧਰ ਦਾ ਦੇਵੀ ਤਾਲਾਬ ਮੰਦਰ ਵੀ ਸ਼ਾਮਲ ਹਨ। ਧਮਕੀ ਮਿਲਣ ਮਗਰੋਂ ਮੰਦਰ ਪ੍ਰਬੰਧਕਾਂ ਅਤੇ ਸਥਾਨਕ ਪ੍ਰਸ਼ਾਸਨ ਨੇ ਸੁਰੱਖਿਆ ਪ੍ਰਬੰਧ ਹੋਰ ਸਖ਼ਤ ਕਰ ਦਿੱਤੇ ਹਨ। ਸ਼ਰਧਾਲੂਆਂ ਦੀ ਆਵਾਜਾਈ ‘ਤੇ ਵੀ ਨਿਗਰਾਨੀ ਵਧਾ ਦਿੱਤੀ ਗਈ ਹੈ।

ਵੀਰਵਾਰ ਸਵੇਰੇ ਪੰਜਾਬ ਸਿਵਲ ਸਕੱਤਰੇਤ ਦੇ ਕੰਟਰੋਲ ਰੂਮ ਨੂੰ ਇੱਕ ਈਮੇਲ ਪ੍ਰਾਪਤ ਹੋਈ, ਜਿਸ ਵਿੱਚ ਦਾਅਵਾ ਕੀਤਾ ਗਿਆ ਕਿ ਸਕੱਤਰੇਤ ਦੀ ਇਮਾਰਤ ਵਿੱਚ ਬੰਬ ਰੱਖਿਆ ਗਿਆ ਹੈ। ਸੂਚਨਾ ਮਿਲਦੇ ਹੀ ਚੰਡੀਗੜ੍ਹ ਪੁਲਿਸ, ਬੰਬ ਸਕੁਐਡ, ਡੌਗ ਸਕੁਐਡ ਅਤੇ ਹੋਰ ਸੁਰੱਖਿਆ ਏਜੰਸੀਆਂ ਮੌਕੇ ‘ਤੇ ਪਹੁੰਚ ਗਈਆਂ। ਅਧਿਕਾਰੀਆਂ ਵੱਲੋਂ ਪੂਰੇ ਸਕੱਤਰੇਤ ਕੰਪਲੈਕਸ ਅਤੇ ਆਲੇ-ਦੁਆਲੇ ਦੇ ਖੇਤਰ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ।

ਸੁਰੱਖਿਆ ਏਜੰਸੀਆਂ ਨੇ ਇਮਾਰਤ ਦੇ ਹਰ ਹਿੱਸੇ ਦੀ ਤਲਾਸ਼ੀ ਲਈ, ਪਰ ਸ਼ੁਰੂਆਤੀ ਜਾਂਚ ਦੌਰਾਨ ਕੋਈ ਵੀ ਸ਼ੱਕੀ ਵਸਤੂ ਜਾਂ ਵਿਸਫੋਟਕ ਸਮੱਗਰੀ ਨਹੀਂ ਮਿਲੀ। ਇਸ ਦੇ ਬਾਵਜੂਦ ਸੁਰੱਖਿਆ ਦੇ ਮੱਦੇਨਜ਼ਰ ਤਲਾਸ਼ੀ ਅਤੇ ਨਿਗਰਾਨੀ ਪ੍ਰਕਿਰਿਆ ਜਾਰੀ ਰੱਖੀ ਗਈ।

ਉੱਧਰ, ਪੁਲਿਸ ਦੀ ਸਾਈਬਰ ਸੈੱਲ ਅਤੇ ਹੋਰ ਜਾਂਚ ਏਜੰਸੀਆਂ ਨੇ ਧਮਕੀ ਭਰੇ ਈਮੇਲ ਦੀ ਤਕਨੀਕੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਂਚ ਟੀਮਾਂ ਈਮੇਲ ਭੇਜਣ ਵਾਲੇ ਦੀ ਪਛਾਣ ਕਰਨ ਅਤੇ ਇਸ ਦੇ ਪਿੱਛੇ ਮੌਜੂਦ ਵਿਅਕਤੀਆਂ ਜਾਂ ਸੰਗਠਨਾਂ ਤੱਕ ਪਹੁੰਚਣ ਦੀ ਕੋਸ਼ਿਸ਼ ਕਰ ਰਹੀਆਂ ਹਨ।

ਅਧਿਕਾਰੀਆਂ ਨੇ ਲੋਕਾਂ ਨੂੰ ਅਫਵਾਹਾਂ ਤੋਂ ਦੂਰ ਰਹਿਣ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਸੂਚਨਾ ਤੁਰੰਤ ਪੁਲਿਸ ਨੂੰ ਦੇਣ ਦੀ ਅਪੀਲ ਕੀਤੀ ਹੈ। ਸੁਰੱਖਿਆ ਏਜੰਸੀਆਂ ਦਾ ਕਹਿਣਾ ਹੈ ਕਿ ਸਥਿਤੀ ‘ਤੇ ਪੂਰੀ ਨਜ਼ਰ ਰੱਖੀ ਜਾ ਰਹੀ ਹੈ ਅਤੇ ਕਿਸੇ ਵੀ ਤਰ੍ਹਾਂ ਦੇ ਖਤਰੇ ਨਾਲ ਨਜਿੱਠਣ ਲਈ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ।

Have any thoughts?

Share your reaction or leave a quick response — we’d love to hear what you think!

You may also like

Leave a Comment